ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 20 ਨਵੰਬਰ:* ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ‘ਵਿਸ਼ਵ ਮੱਛੀ ਪਾਲਣ ਦਿਵਸ’, ਜੋ ਹਰ ਸਾਲ 21 ਨਵੰਬਰ ਨੂੰ ਮਨਾਇਆ ਜਾਂਦਾ ਹੈ, ਦੀ ਪੂਰਵ ਸੰਧਿਆ ’ਤੇ ਕਿਸਾਨਾਂ, ਮੱਛੀ ਪਾਲਕਾਂ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਭਾਈਵਾਲਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ, ਸਗੋਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਧੀਆ ਤੇ ਲਾਹੇਵੰਦ ਜ਼ਰੀਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਪ੍ਰਫੁੱਲਿਤ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਕਿੱਤਾ ਬਣਾਉਣ ਲਈ ਆਧੁਨਿਕ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ।

ਮੱਛੀ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ  ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ ਦੇ ਨਾਲ-ਨਾਲ ਮੱਛੀ ਪਾਲਣ ਖੇਤਰ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੱਛੀ ਪਾਲਣ ਨੂੰ ਆਧੁਨਿਕ ਬਣਾਉਣ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਕਿਸਾਨਾਂ ਨੂੰ ਕਿਫਾਇਤੀ ਦਰਾਂ ’ਤੇ ਉੱਨਤ ਤਕਨੀਕਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਮੱਛੀ ਅਤੇ ਝੀਂਗਾ ਪਾਲਣ ਨੂੰ ਲਾਹੇਵੰਦ ਕਾਰੋਬਾਰ ਵਿੱਚ ਬਦਲਣਾ ਹੈ ਤਾਂ ਜੋ ਕਿਸਾਨਾਂ ਲਈ ਰੋਜ਼ੀ-ਰੋਟੀ ਦੇ ਬਿਹਤਰ ਤੇ ਟਿਕਾਊ ਮੌਕੇ ਪੈਦਾ ਕੀਤੇ ਜਾ ਸਕਣ।

ਵਿਭਾਗ ਵੱਲੋਂ ਕੀਤੀ ਗਈ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 45,156 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਲਾਨਾ ਮੱਛੀ ਉਤਪਾਦਨ 2.11 ਲੱਖ ਟਨ ਤੱਕ ਪਹੁੰਚ ਗਿਆ ਹੈ। ਇਹ ਪ੍ਰਾਪਤੀ ਕਿਸਾਨਾਂ ਵਿੱਚ ਮੱਛੀ ਪਾਲਣ ਪ੍ਰਤੀ ਵੱਧ ਰਹੀ ਦਿਲਚਸਪੀ ਅਤੇ ਵਿਗਿਆਨਕ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਤਪਾਦਕਤਾ ਅਤੇ ਮੁਨਾਫੇ ਨੂੰ ਹੋਰ ਵਧਾਉਣ ਲਈ ਕਿਸਾਨਾਂ ਨੂੰ ਸਿਖਲਾਈ, ਤਕਨੀਕੀ ਸੇਧ ਅਤੇ ਆਧੁਨਿਕ ਤਕਨੀਕਾਂ ਤੱਕ ਪਹੁੰਚ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀ ਵਿਭਿੰਨਤਾ ਦੇ ਲਿਹਾਜ਼ ਤੋਂ ਪੰਜਾਬ ਵਿੱਚ ਖਾਸ ਤੌਰ ’ਤੇ ਖਾਰੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਪਾਲਣ ਇੱਕ ਆਸਵੰਦ ਕਿਤੇ ਵਜੋਂ ਉੱਭਰਿਆ ਹੈ। ਕਿਸਾਨਾਂ ਨੂੰ ਇਸ ਲਾਹੇਵੰਦ ਕਿੱਤੇ ਨੂੰ ਅਪਣਾਉਣ ਵਿੱਚ ਸਹਾਇਤਾ ਕਰਨ ਲਈ ਵਿਭਾਗ ਨੇ 1,033.51 ਹੈਕਟੇਅਰ ਰਕਬੇ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਹੈ। ਇਹ ਪਹਿਲਕਦਮੀ ਨਾ ਸਿਰਫ਼ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ, ਸਗੋਂ ਖੇਤੀਬਾੜੀ ਲਈ ਚੁਣੌਤੀਪੂਰਨ ਜ਼ਮੀਨ ਦੀ ਵੀ ਲਾਹੇਵੰਦ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਪੂੰਗ ਉਤਪਾਦਨ ਸਮਰੱਥਾਵਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿੱਚ 16 ਸਰਕਾਰੀ ਮੱਛੀ ਫਾਰਮ ਕਾਰਜਸ਼ੀਲ ਹਨ, ਜੋ ਸਾਲਾਨਾ ਲਗਭਗ 18 ਕਰੋੜ ਮੱਛੀ ਪੂੰਗ ਪੈਦਾ ਕਰ ਰਹੇ ਹਨ। ਇਹ ਕੇਂਦਰ ਮੱਛੀ ਪਾਲਕਾਂ ਦੀਆਂ ਪੂੰਗ ਸਬੰਧੀ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਮੱਛੀ ਪਾਲਣ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਮੱਛੀ ਦੇ ਮਿਆਰੀ ਬੀਜਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣ ਅਤੇ ਮੌਜੂਦਾ ਮੱਛੀ ਫਾਰਮਾਂ ਦੀ ਉਤਪਾਦਕਤਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀ ‘ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ’ (ਪੀ.ਐਮ.ਐਮ.ਐਸ.ਵਾਈ) ਕਿਸਾਨਾਂ ਅਤੇ ਉੱਦਮੀਆਂ ਨੂੰ ਮੱਛੀ ਪਾਲਣ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਅਤੇ ਆਪਣੇ ਕੰਮ-ਕਾਜ ਦਾ ਵਿਸਥਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦੋਂ ਕਿ ਔਰਤਾਂ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 60 ਫ਼ੀਸਦੀ ਤੱਕ ਸਬਸਿਡੀ ਦਾ ਪ੍ਰਬੰਧ ਹੈ। ਇਸ ਯੋਜਨਾ ਤਹਿਤ ਹੁਣ ਤੱਕ ਪੰਜਾਬ ਭਰ ਵਿੱਚ 867 ਲਾਭਪਾਤਰੀਆਂ ਨੂੰ 39.28 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ‘ਪੰਜਾਬ ਸਟੇਟ ਫਿਸ਼ਰੀਜ਼ ਡਿਵੈਲਪਮੈਂਟ ਬੋਰਡ’ ਕਿਸਾਨਾਂ ਅਤੇ ਉੱਦਮੀਆਂ ਨੂੰ ਮੱਛੀ ਪਾਲਣ ਦੀਆਂ ਨਵੀਆਂ ਤਕਨੀਕਾਂ ਅਪਣਾਉਣ ਅਤੇ ਝੀਂਗਾ ਪਾਲਣ ਦੇ ਕੰਮਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਨਵੇਂ ਉੱਦਮੀਆਂ ਨੂੰ ਮੱਛੀ ਪਾਲਣ ਖੇਤਰ ਵਿੱਚ ਲਿਆਉਣਾ ਅਤੇ ਕਿਸਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਵਰਗੇ ਲਾਹੇਵੰਦ ਕਿੱਤਿਆਂ ਰਾਹੀਂ ਆਪਣੀਆਂ ਖੇਤੀ ਗਤੀਵਿਧੀਆਂ ਵਿੱਚ ਵਿਭਿੰਨਤਾ ਲਿਆਉਣਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਤਰੀਕਿਆਂ ਅਤੇ ਟਿਕਾਊ ਉਤਪਾਦਨ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ, ਵਰਕਸ਼ਾਪਾਂ ਅਤੇ ਤਕਨੀਕੀ ਸਿਖਲਾਈ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ ।

ਮੰਤਰੀ ਨੇ ਕਿਹਾ ਕਿ ਸਰਕਾਰ ਜਲ-ਜੀਵ ਵਿਭਿੰਨਤਾ ਦੀ ਸੰਭਾਲ ਅਤੇ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਵੀ ਪੂਰੀ ਤਰ੍ਹਾਂ ਚੇਤੰਨ ਅਤੇ ਵਚਨਬੱਧ ਹੈ। ‘ਰੀਵਰ ਰੈਂਚਿੰਗ ਪ੍ਰੋਗਰਾਮ’ ਤਹਿਤ ਜਲ-ਜੀਵ ਵਿਭਿੰਨਤਾ ਨੂੰ ਮਜ਼ਬੂਤ ਕਰਨ ਅਤੇ ਮੱਛੀ ਸਰੋਤਾਂ ਦੀ ਸੰਭਾਲ ਲਈ ਹਰ ਸਾਲ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਵਿੱਚ ਮੱਛੀ ਦੇ ਬੀਜ ਛੱਡੇ ਜਾਂਦੇ ਸਨ। ਅਜਿਹੀਆਂ ਪਹਿਲਕਦਮੀਆਂ ਵਪਾਰਕ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕੁਦਰਤੀ ਜਲ-ਵਾਤਾਵਰਣ ਪ੍ਰਣਾਲੀਆਂ ਦੀ ਸੁਰੱਖਿਆ ਵਿੱਚ ਵੀ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ।

ਵਿਸ਼ਵ ਮੱਛੀ ਪਾਲਣ ਦਿਵਸ-2026 ਮੌਕੇ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ, ਮੱਛੀ ਪਾਲਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਧੁਨਿਕ ਮੱਛੀ ਪਾਲਣ ਅਤੇ ਝੀਂਗਾ ਪਾਲਣ ਤਕਨੀਕਾਂ ਨੂੰ ਅਪਣਾ ਕੇ ਮੱਛੀ ਪਾਲਣ ਖੇਤਰ ਦੇ ਵਿਕਾਸ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਸਾਧਨ ਬਣਾਉਣ ਲਈ ਆਪਣੀਆਂ ਨੀਤੀਆਂ, ਵਿੱਤੀ ਸਹਾਇਤਾ ਅਤੇ ਤਕਨੀਕੀ ਸਹਿਯੋਗ ਰਾਹੀਂ ਹਰ ਸੰਭਵ ਮਦਦ ਦੇਣੀ ਜਾਰੀ ਰੱਖੇਗੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਪੰਜਾਬ ਦੀ ਪੇਂਡੂ ਆਰਥਿਕਤਾ ਦਾ ਮਜ਼ਬੂਤ  ਧੁਰਾ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸਰੋਤਾਂ ਦੇ ਪੁਖ਼ਤਾ ਪ੍ਰਬੰਧਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਮੱਛੀ ਪਾਲਕਾਂ ਦੀ ਭਲਾਈ ਅਤੇ ਮੱਛੀ ਪਾਲਣ ਖੇਤਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।