ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ
ਚੰਡੀਗੜ੍ਹ, 20 ਜਨਵਰੀ:
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇੱਕ ਹੈਂਡਬੁੱਕ ਜਾਰੀ ਕੀਤੀ ਗਈ।
ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ, ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਸਾਰੀ ਕਾਮਿਆਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਕਿਰਤੀ ਪੱਖੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਿਰਤ ਸੁਧਾਰਾਂ ਬਾਰੇ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿੱਚ ਲਾਗੂਕਰਨ ਸਬੰਧੀ ਚੁਣੌਤੀਆਂ ਅਤੇ ਖੇਤਰੀ ਤਜ਼ਰਬਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਚਰਚਾ ਦੌਰਾਨ ਨਵੇਂ ਲੇਬਰ ਕੋਡਾਂ ਦੇ ਤਹਿਤ ਬੋਰਡ ਦੀਆਂ ਸਕੀਮਾਂ ਦੇ ਪ੍ਰਕਿਰਿਆਤਮਕ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ ਅਤੇ ਪਾਰਦਰਸ਼ਤਾ, ਪਾਲਣਾ ਵਿੱਚ ਆਸਾਨੀ ਅਤੇ ਭਾਈਵਾਲਾਂ ਦੇ ਤਾਲਮੇਲ 'ਤੇ ਜ਼ੋਰ ਦਿੱਤਾ ਗਿਆ।
ਸਮਾਗਮ ਦੌਰਾਨ ਬਿਹਤਰ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ। ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਦੇ ਸਬੰਧ ਵਿੱਚ ਬਿਹਤਰ ਕਾਰਗੁਜ਼ਾਰੀ ਵਾਲੇ ਸਹਾਇਕ ਲੇਬਰ ਕਮਿਸ਼ਨਰਾਂ ਅਤੇ ਲੇਬਰ ਇੰਸਪੈਕਟਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਸੌਂਪੇ ਗਏ।
ਅਨੁਰਾਗ ਕੁੰਡੂ, ਮੈਂਬਰ ਪੀਡੀਸੀ ਅਤੇ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ ਨੇ ਬੋਰਡ ਦੁਆਰਾ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ, ਬੇਲੋੜੇ ਦਸਤਾਵੇਜ਼ਾਂ ਨੂੰ ਘਟਾਉਣ ਅਤੇ ਭਲਾਈ ਸਕੀਮਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਧਾਰਾਂ 'ਤੇ ਚਾਨਣਾ ਪਾਇਆ। ਇਸ ਦੌਰਾਨ ਉਸਾਰੀ ਕਾਮਿਆਂ ਤੱਕ ਪਹੁੰਚ ਅਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਬੋਰਡ ਦੀਆਂ ਪ੍ਰਾਪਤੀਆਂ ਨੂੰ ਵੀ ਸਾਂਝਾ ਕੀਤਾ ਗਿਆ।
ਰਾਜੀਵ ਗੁਪਤਾ ਕਿਰਤ ਕਮਿਸ਼ਨਰ-ਕਮ-ਸਕੱਤਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਡਿਪਟੀ ਸਕੱਤਰ ਪਦਮਜੀਤ ਸਿੰਘ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੁਲਾਜ਼ਮਾਂ ਨੂੰ ਹੈਂਡਬੁੱਕ ਤਿਆਰ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਜ਼ਰੂਰਤਾਂ ਨੂੰ ਘਟਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਲਈ ਵਿਸ਼ੇਸ਼ ਸਨਮਾਨ ਦਿੱਤਾ ਗਿਆ।
ਇਸ ਪ੍ਰੋਗਰਾਮ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਅਮਿਤ ਤਲਵਾਰ, ਡੀਸੀ ਸੰਗਰੂਰ ਰਾਹੁਲ ਚੱਬਾ, ਪਟਿਆਲਾ ਅਤੇ ਫਾਜ਼ਿਲਕਾ ਦੇ ਏਡੀਸੀ, ਸਹਾਇਕ ਕਿਰਤ ਕਮਿਸ਼ਨਰ, ਡਿਪਟੀ ਡਾਇਰੈਕਟਰ ਫੈਕਟਰੀਆਂ, ਕਿਰਤ ਇੰਸਪੈਕਟਰ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਤੇ ਕਿਰਤ ਭਲਾਈ ਬੋਰਡ ਦੇ ਮੁਲਾਜ਼ਮ ਵੀ ਸ਼ਾਮਲ ਹੋਏ।


