ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ 19 ਸਤੰਬਰ:
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਭੇਜਿਆ ਜਾਵੇਗਾ।
ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫ਼ਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 45 ਦਿਨਾਂ ਦੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੀਵਨ ਨੂੰ ਮੁੜ ਲੀਹ `ਤੇ ਲਿਆਉਣ ਦਾ ਟੀਚਾ ਰੱਖਿਆ ਹੈ। ਅਸੀਂ ,ਕਿਸੇ ਵੀ ਗੰਭੀਰ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹਾਂ । ਉਨ੍ਹਾਂ ਜਿ਼ਲ੍ਹੇ ਦੇ ਗੈਰ-ਸਰਕਾਰੀ ਸੰਗਠਨਾਂ ਨਾਲ ਵੀ ਮੀਟਿੰਗ ਕੀਤੀ ਅਤੇ ਹੜ੍ਹ ਸੰਕਟ ਦੌਰਾਨ ਜਨਤਕ ਸੇਵਾ ਵਿੱਚ ਨਿਭਾਈ ਗਈ ਭੂਮਿਕਾ ਦੀ ਪ੍ਰਸ਼ੰਸਾ ਕੀਤੀ।
ਡਾ. ਬਲਬੀਰ ਸਿੰਘ ਨੇ ਮਿਸ਼ਨ ਚੜ੍ਹਦੀ ਕਲਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਪੰਜਾਬੀ ਹਮੇਸ਼ਾ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵੈੱਬਸਾਈਟ ... `ਤੇ ਜਾ ਕੇ ਦਾਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਰਕਮ ਹੜ੍ਹ ਰਾਹਤ ਕਾਰਜਾਂ `ਤੇ ਖਰਚ ਕਰੇਗੀ। ਉਨ੍ਹਾਂ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਮਾਨਸਿਕ ਅਤੇ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਲਈ ਇੱਕ ਪਿੰਡ ਗੋਦ ਲੈਣ ।