ਹਰਜੋਤ ਬੈਂਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਹੁਕਮ
By NIRPAKH POST
On
ਰੂਪਨਗਰ, 7 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਚੇਰੀ ਸਿੱਖਿਆ, ਸਿੱਖਿਆ, ਲੋਕ ਸੰਪਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਜਿਸ ਲਈ ਇਹ ਲਾਜ਼ਮੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਹੋਰ ਸਖ਼ਤੀ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਜਾਗਰੂਕ ਕਰਨਾ ਅਤੇ ਨਸ਼ੇ ਦੀ ਲਤ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਤੇ ਮੁੜ-ਵਸੇਬੇ ਦੀਆਂ ਸਹੂਲਤਾਂ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਰੰਤਰ ਨਿਗਰਾਨੀ, ਗਸ਼ਤ ਅਤੇ ਨਾਕਾਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰੂਪਨਗਰ ਦੀ ਹੱਦ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਹੋਣ ਕਾਰਨ ਅੰਤਰਰਾਜੀ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਵਰਤੀ ਜਾਵੇ।
ਜ਼ਿਲ੍ਹਾ ਪੁਲਿਸ ਵੱਲੋਂ 1 ਜਨਵਰੀ 2026 ਤੋਂ 31 ਅਗਸਤ 2026 ਤੱਕ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਦੌਰਾਨ 624 ਮਾਮਲੇ ਦਰਜ ਕਰਕੇ 908 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 1 ਕਿਲੋਗ੍ਰਾਮ 245 ਗ੍ਰਾਮ 494 ਮਿਲੀਗ੍ਰਾਮ ਨਸ਼ੀਲਾ ਪਾਊਡਰ, 14 ਕਿਲੋਗ੍ਰਾਮ 778 ਗ੍ਰਾਮ ਅਫ਼ੀਮ, 2 ਕਿਲੋਗ੍ਰਾਮ 567 ਗ੍ਰਾਮ 474 ਮਿਲੀਗ੍ਰਾਮ ਹੈਰੋਇਨ, 3 ਗ੍ਰਾਮ 97 ਮਿਲੀਗ੍ਰਾਮ ਚਰਸ, 505 ਗ੍ਰਾਮ ਗਾਂਜਾ, 191 ਗ੍ਰਾਮ ਆਈਸ ਅਤੇ 1,095 ਕਿਲੋਗ੍ਰਾਮ 786 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 13,543 ਗੋਲੀਆਂ/ਕੈਪਸੂਲ ਅਤੇ 9 ਟੀਕੇ ਵੀ ਬਰਾਮਦ ਕੀਤੇ ਗਏ। ਨਸ਼ਿਆਂ ਨਾਲ ਸਬੰਧਿਤ 8.02 ਲੱਖ ਰੁਪਏ ਦੀ ਨਸ਼ਾ ਰਾਸ਼ੀ ਵੀ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 1 ਜੂਨ 2026 ਤੋਂ 31 ਅਗਸਤ 2026 ਤੱਕ ਦੀ ਵਿਸ਼ੇਸ਼ ਕਾਰਵਾਈ ਦੌਰਾਨ 251 ਮਾਮਲੇ ਦਰਜ ਕਰਕੇ 358 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਦੌਰਾਨ 504 ਗ੍ਰਾਮ 463 ਮਿਲੀਗ੍ਰਾਮ ਨਸ਼ੀਲਾ ਪਾਊਡਰ, 229 ਕਿਲੋਗ੍ਰਾਮ 105 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 1 ਕਿਲੋਗ੍ਰਾਮ 87 ਗ੍ਰਾਮ 316 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ 13,098 ਗੋਲੀਆਂ/ਕੈਪਸੂਲ ਸਮੇਤ 86,200 ਰੁਪਏ ਦੀ ਨਸ਼ਾ ਰਾਸ਼ੀ ਬਰਾਮਦ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਨਾਜਾਇਜ਼ ਖੇਤੀ ਦੀ ਰੋਕਥਾਮ ਲਈ ਕੀਤੀ ਜਾ ਰਹੀ ਕਾਰਵਾਈ ਦੀ ਵੀ ਸਮੀਖਿਆ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਨਾਜਾਇਜ਼ ਖੇਤੀ ਨੂੰ ਰੋਕਣ ਲਈ ਪੁਲਿਸ ਅਤੇ ਸਬੰਧਿਤ ਵਿਭਾਗਾਂ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਮਾਰਚ 2026 ਵਿੱਚ ਖੱਦਰ ਕਲੋਨੀ ਕੋਟਲਾ ਨਿਹੰਗ ਵਿਖੇ ਇੱਕ ਘਰ ਵਿੱਚ ਭੁੱਕੀ ਦੇ ਬੂਟੇ ਬੀਜਣ ਦਾ ਮਾਮਲਾ ਸਾਹਮਣੇ ਆਉਣ ’ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 118 ਬੂਟੇ, ਜਿਨ੍ਹਾਂ ਦਾ ਕੁੱਲ ਵਜ਼ਨ 8 ਕਿਲੋਗ੍ਰਾਮ 500 ਗ੍ਰਾਮ ਸੀ, ਬਰਾਮਦ ਕੀਤੇ ਗਏ।
ਸ. ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰੀ ਕਾਰਵਾਈ ਨੂੰ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ। ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਨਾਲ ਜੋੜਨਾ ਵੀ ਬਰਾਬਰ ਜ਼ਰੂਰੀ ਹੈ। ਜ਼ਿਲ੍ਹਾ ਪੁਲਿਸ ਵਿਭਾਗ ਵੱਲੋਂ ਜੂਨ, ਜੁਲਾਈ ਅਤੇ ਅਗਸਤ 2026 ਦੌਰਾਨ ਪਿੰਡਾਂ, ਵਾਰਡਾਂ, ਜਨਤਕ ਥਾਵਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਕੁੱਲ 97 ਜਾਗਰੂਕਤਾ ਸੈਮੀਨਾਰ/ਮੀਟਿੰਗਾਂ ਕਰਵਾਈਆਂ ਗਈਆਂ। ਇਨ੍ਹਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਅਤੇ ਮੁੜ-ਵਸੇਬੇ ਨੂੰ ਵੀ ਸਰਕਾਰ ਦੀ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਜ਼ਿਲ੍ਹਾ ਰੂਪਨਗਰ ਵਿੱਚ 2 ਸਰਕਾਰੀ ਅਤੇ 5 ਨਿੱਜੀ ਨਸ਼ਾ ਛੁਡਾਊ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਕੁੱਲ 151 ਬੈੱਡਾਂ ਦੀ ਸਮਰੱਥਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਇਨ੍ਹਾਂ ਕੇਂਦਰਾਂ ਵਿੱਚ ਇਲਾਜ ਦੀ ਗੁਣਵੱਤਾ ਅਤੇ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ।
ਸ. ਬੈਂਸ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਪ੍ਰਭਾਵਸ਼ਾਲੀ ਸਾਧਨ ਹੈ। ਪੰਜਾਬ ਸਰਕਾਰ ਵੱਲੋਂ ਖੇਡ ਬਜਟ ਵਿੱਚ ਵਾਧਾ ਕਰਨ, ਨਵੀਂ ਖੇਡ ਨੀਤੀ ਲਾਗੂ ਕਰਨ, ਪਿੰਡਾਂ ਵਿੱਚ ਖੇਡ ਮੈਦਾਨ ਵਿਕਸਤ ਕਰਨ ਅਤੇ ਜਿਮ ਦਾ ਸਾਮਾਨ ਮੁਹੱਈਆ ਕਰਵਾਉਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ, ਸਥਾਨਕ ਸੰਸਥਾਵਾਂ, ਪਿੰਡ ਪੱਧਰੀ ਕਮੇਟੀਆਂ, ਵਿਦਿਅਕ ਅਦਾਰਿਆਂ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਲਾਜ਼ਮੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡ ਪੱਧਰ ਤੋਂ ਮਿਲਣ ਵਾਲੀ ਹਰ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਕਿਸੇ ਵੀ ਪੱਧਰ ’ਤੇ ਢਿੱਲ ਨਾ ਵਰਤੀ ਜਾਵੇ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝੀ ਕਰਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਸਬੰਧਿਤ ਵਿਭਾਗਾਂ ਨਾਲ ਨਿਰੰਤਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰ ਤੋਂ ਲੈ ਕੇ ਪਿੰਡ ਪੱਧਰ ਤੱਕ ਸਾਂਝੇ ਯਤਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।
ਜ਼ਿਲ੍ਹਾ ਪੁਲੀਸ ਮੁਖੀ ਸ. ਮਨਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਲਗਾਤਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਡਟੀ ਹੋਈ ਹੈ। ਉਨ੍ਹਾਂ ਕਿਹਾ ਰੂਪਨਗਰ ਪੁਲੀਸ ਵਲੋਂ ਜਿੱਥੇ ਵੱਡੇ ਪੱਧਰ ਉੱਤੇ ਨਸ਼ਿਆਂ ਦੀ ਰਿਕਵਰੀ ਕੀਤੀ ਗਈ ਹੈ, ਉੱਥੇ ਨਸ਼ਾ ਤਸਕਰਾਂ ਉੱਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐੱਸ.ਪੀ. ਪਲਵਿੰਦਰ ਸਿੰਘ ਚੀਮਾ, ਐੱਸ.ਪੀ. ਹਰਸਿਮਰਤ ਸਿੰਘ, ਸਹਾਇਕ ਕਮਿਸ਼ਨਰ ਸਚਿਨ ਪਾਠਕ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ੋਨ ਇੰਚਾਰਜ ਸ਼੍ਰੀਮਤੀ ਅਨੂ ਬੱਬਰ, ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਕਾਹਲੋ, ਐੱਸ.ਡੀ.ਐੱਮ. ਰੂਪਨਗਰ ਜਸਪ੍ਰੀਤ ਸਿੰਘ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸ.ਡੀ.ਐੱਮ. ਮੋਰਿੰਡਾ ਚੇਤਨ ਬੰਗੜ, ਡੀ ਪੀ ਆਰ ਓ ਕਰਨ ਮਹਿਤਾ, ਡੀ.ਐੱਸ.ਪੀ. ਨੰਗਲ ਐੱਨ.ਪੀ.ਐੱਸ. ਲਹਿਲ, ਡੀ.ਐੱਸ.ਪੀ. ਰੂਪਨਗਰ ਦੀਪਇੰਦਰ ਸਿੰਘ, ਡੀ.ਐੱਸ.ਪੀ. ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਡੀ.ਐੱਸ.ਪੀ. ਮੋਰਿੰਡਾ ਗੁਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਬੀ.ਡੀ.ਪੀ.ਓਜ਼ ਅਤੇ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਟੀਮ ਦੇ ਨੁਮਾਇੰਦੇ ਹਾਜ਼ਰ ਸਨ।

