ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ:
ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਵੀਰ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ, ਜਿੱਥੇ ਉਨ੍ਹਾਂ ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਰਾਜਵੀਰ ਜਵੰਦਾ ਨੂੰ ਇੱਕ ‘ਮਹਾਨ ਪੰਜਾਬੀ ਗਾਇਕ` ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ਉੱਤੇ ਰਾਜ ਕੀਤਾ। ਉਨ੍ਹਾਂ ਕਿਹਾ ਕਿ ਐਨੀ ਛੋਟੀ ਉਮਰ ਵਿੱਚ ਜਵੰਦਾ ਦੀ ਬੇਵਕਤੀ ਮੌਤ ਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਖਲਾਅ ਪੈਦਾ ਕਰ ਦਿੱਤਾ ਹੈ,ਜਿਸਦੀ ਭਰਪਾਈ ਨੇੜ ਭਵਿੱਖ ਵਿੱਚ ਔਖੀ ਹੈ। ਸ. ਬੈਂਸ ਨੇ ਕਿਹਾ ਕਿ ਰਾਜਵੀਰ ਜਵੰਦਾ ਆਪਣੇ ਮਨਮੋਹਕ ਗੀਤਾਂ ਨਾਲ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਹਮੇਸ਼ਾ ਵਸਦੇ ਰਹਿਣਗੇ ਅਤੇ ਉਨ੍ਹਾਂ ਦੇ ਯੋਗਦਾਨ ਨੇ ਪੰਜਾਬੀ ਗਾਇਕੀ ਨੂੰ ਇੱਕ ਨਵਾਂ ਆਯਾਮ ਦਿੱਤਾ ਹੈ।
ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਸਾਂਝੀ ਕਰਦਿਆਂ, ਸਿੱਖਿਆ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਸਾਕ-ਸਨੇਹੀਆਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ।