ਦਿੜ੍ਹਬਾ ਹਲਕੇ ਦੀਆਂ ਆਂਗਨਵਾੜੀ ਵਰਕਰਾਂ ਨੂੰ 20 ਲੱਖ ਤੋਂ ਵੱਧ ਦਾ ਪ੍ਰੋਤਸਾਹਨ ਮਿਹਨਤਾਨਾ ਵੰਡਿਆ: ਹਰਪਾਲ ਸਿੰਘ ਚੀਮਾ
ਦਿੜ੍ਹਬਾ (ਸੰਗਰੂਰ), 22 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਕੀਤੇ ਕੰਮ ਲਈ ਆਂਗਨਵਾੜੀ ਵਰਕਰਾਂ ਨੂੰ ਕੁੱਲ 20 ਲੱਖ 14 ਹਜ਼ਾਰ ਰੁਪਏ ਦਾ ਪ੍ਰੋਤਸਾਹਨ ਮਿਹਨਤਾਨਾ ਵੰਡਿਆ। ਉਨ੍ਹਾਂ ਵਰਕਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਹਲਕੇ ਵਿੱਚ 80 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਵੱਡਾ ਯੋਗਦਾਨ ਹੈ।
ਸ੍ਰ ਚੀਮਾ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਤੱਕ ਯੋਜਨਾ ਬਾਰੇ ਜਾਣਕਾਰੀ ਪਹੁੰਚਾਈ ਅਤੇ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀਆਂ ਵਰਕਰਾਂ ਦੇ ਯਤਨਾਂ ਸਦਕਾ ਹੀ ਸਰਕਾਰੀ ਯੋਜਨਾਵਾਂ ਲੋਕਾਂ ਤੱਕ ਪਹੁੰਚਦੀਆਂ ਹਨ। ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਦਾ ਬਣਦਾ ਮਿਹਨਤਾਨਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਆਂਗਨਵਾੜੀ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਨਿਯਮਤ ਜ਼ਿੰਮੇਵਾਰੀਆਂ ਦੇ ਨਾਲ-ਨਾਲ ਇਸ ਯੋਜਨਾ ਲਈ ਵੀ ਤਨਦੇਹੀ ਨਾਲ ਕੰਮ ਕੀਤਾ ਹੈ।
ਸ੍ਰ ਚੀਮਾ ਨੇ ਕਿਹਾ ਕਿ ਲੋਕ ਭਲਾਈ ਯੋਜਨਾਵਾਂ ਦੀ ਸਫ਼ਲਤਾ ਲਈ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣਾ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਜ਼ਰੂਰੀ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਆਂਗਨਵਾੜੀ ਵਰਕਰਾਂ ਇਸੇ ਲਗਨ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ’ਤੇ ਸੇਵਾਵਾਂ ਨਿਭਾਉਣ ਵਾਲੀਆਂ ਵਰਕਰਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।
ਇਸ ਮੌਕੇ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਆਂਗਨਵਾੜੀ ਵਰਕਰਾਂ ਹਾਜ਼ਰ ਸਨ।

