ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਚੰਡੀਗੜ੍ਹ, 7 ਅਕਤੂਬਰ: ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਕੋਲਡ ਸਟੋਰੇਜ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ, ਡਾਇਰੈਕਟਰ ਮਨੀਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।