ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ

*ਹੁਸ਼ਿਆਰਪੁਰ; 14 ਅਕਤੂਬਰ: *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰਨਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਹੁਸ਼ਿਆਰਪੁਰ ਦੇ ਚੱਬੇਵਾਲ ਅਧੀਨ ਪੈਂਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ 1,244 ਕਲੀਨਿਕ ਹਨ, ਜਿੱਥੇ ਹੁਣ ਤੱਕ 6.48 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀ ਗਈ ਹੈ।
ਮੁੱਖ ਮੰਤਰੀ ਸਿਹਤ ਯੋਜਨਾ ਹੇਠ 54.20 ਲੱਖ ਪਰਿਵਾਰਾਂ ਦੇ ਸ਼ਾਮਲ ਹੋਣ ਅਤੇ ਲਗਭਗ 8 ਲੱਖ ਲਾਭਪਾਤਰੀਆਂ ਦੇ ਇਲਾਜ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੁਹਰਾਇਆ ਕਿ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਲਈ ਰੋਜ਼ਗਾਰ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ, ਨਾ ਕਿ ਨਾਅਰੇਬਾਜ਼ੀ ਦੀ ਰਾਜਨੀਤੀ। ਪੰਜਾਬ ਨੂੰ ਲੁੱਟਣ ਲਈ ਰਵਾਇਤੀ ਸਿਆਸੀ ਪਾਰਟੀਆਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਕੋਲ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੈ, ਓਦੋਂ ਤੱਕ ਉਨ੍ਹਾਂ ਦੀ ਸਰਕਾਰ ਨੂੰ ਬਦਨਾਮ ਕਰਨ ਦਾ ਕੋਈ ਵੀ ਯਤਨ ਉਨ੍ਹਾਂ ਦੇ ਹੌਸਲੇ ਨੂੰ ਤੋੜ ਨਹੀਂ ਸਕਦਾ।
ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: "ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਇਹ ਕਲੀਨਿਕ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਜਨਤਕ ਰੈਲੀ ਦੌਰਾਨ ਸਮਰਪਿਤ ਕੀਤੇ। ਇਸ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਹੁਣ ਤੱਕ ਇਨ੍ਹਾਂ ਕਲੀਨਿਕਾਂ 'ਚ 6.5 ਕਰੋੜ ਓ.ਪੀ.ਡੀ ਦਰਜ ਕੀਤੀ ਅਤੇ ਮੁਫ਼ਤ ਦਵਾਈਆਂ ਅਤੇ ਟੈਸਟਾਂ ਦਾ ਲਾਭ ਉਠਾਇਆ। ਸਾਡੀ ਸਰਕਾਰ ਦਾ ਕੰਮ ਲੋਕਾਂ ਤੋਂ ਜਿੱਤ-ਹਾਰ ਦੇ ਨਾਅਰੇ ਲਵਾਉਣਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਯਕੀਨੀ ਬਣਾਉਣਾ ਹੈ। ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਸਿਰਫ਼ ਲੁੱਟਿਆ ਹੀ ਹੈ। ਉਹ ਸਾਨੂੰ ਬਦਨਾਮ ਕਰਨ ਲਈ ਕਿੰਨੀਆਂ ਵੀ ਸਾਜ਼ਿਸ਼ਾਂ ਘੜ ਲੈਣ, ਪਰ ਜਦੋਂ ਤੱਕ ਮੇਰੇ ਨਾਲ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੈ, ਮੈਨੂੰ ਉਨ੍ਹਾਂ ਤੋਂ ਡਰਨ ਦੀ ਲੋੜ ਨਹੀਂ। ਇਨਕਲਾਬ ਜ਼ਿੰਦਾਬਾਦ।"
ਪਿੰਡ ਹਰਖੋਵਾਲ ਵਿਖੇ 154 ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿੱਥੇ ਪਿਛਲੀਆਂ ਸਰਕਾਰਾਂ ਆਪਣੇ ਆਲੀਸ਼ਾਨ ਮਹਿਲਾਂ ਤੱਕ ਸੀਮਤ ਰਹੀਆਂ ਅਤੇ ਮੁੱਖ ਤੌਰ 'ਤੇ ਆਪਣੇ ਪਰਿਵਾਰਾਂ ਅਤੇ ਨਿੱਜੀ ਹਿੱਤਾਂ ਲਈ ਕੰਮ ਕੀਤਾ, ਉੱਥੇ ਹੀ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਸਿਹਤ, ਸਿੱਖਿਆ, ਰੁਜ਼ਗਾਰ, ਸਿੰਚਾਈ ਅਤੇ ਸਮਾਜ ਭਲਾਈ ਵਿੱਚ ਠੋਸ ਕਦਮ ਚੁੱਕ ਕੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ ਤਾਂ ਜੋ ਵਿਕਾਸ ਦਾ ਲਾਭ ਆਮ ਨਾਗਰਿਕਾਂ ਤੱਕ ਪਹੁੰਚ ਸਕੇ।"
ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਗਏ ਇਤਿਹਾਸਕ ਫ਼ਤਵੇ ਨੇ ਸਾਡੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਪਾਈ ਹੈ ਅਤੇ ਅਸੀਂ ਆਪਣੇ ਕੰਮਾਂ ਰਾਹੀਂ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਪਿਛਲੀਆਂ ਸਰਕਾਰਾਂ ਅਤੇ ਸਾਡੀ ਸਰਕਾਰ ਵਿੱਚ ਫਰਕ ਸਪੱਸ਼ਟ ਹੈ। ਪਹਿਲਾਂ ਸੱਤਾ ਨੂੰ ਪਰਿਵਾਰਾਂ ਅਤੇ ਕੁਝ ਖ਼ਾਸ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਦਾ ਜ਼ਰੀਆ ਮੰਨਿਆ ਜਾਂਦਾ ਸੀ, ਪਰ ਅੱਜ ਸ਼ਾਸਨ ਆਮ ਲੋਕਾਂ, ਉਨ੍ਹਾਂ ਦੀਆਂ ਆਸਾਂ-ਉਮੀਦਾਂ ਅਤੇ ਉਨ੍ਹਾਂ ਦੀ ਭਲਾਈ ਦੇ ਦੁਆਲੇ ਘੁੰਮਦਾ ਹੈ। ਪੰਜਾਬ ਵਿੱਚ ਵਿਕਾਸ ਦੀ ਹਵਾ ਚੱਲ ਰਹੀ ਹੈ ਅਤੇ ਵਿਰੋਧੀ ਧਿਰ ਦੀ ਕੋਈ ਵੀ ਸਾਜ਼ਿਸ਼ ਇਸ ਬਦਲਾਅ ਨੂੰ ਨਹੀਂ ਰੋਕ ਸਕਦੀ।"
ਵਿਰੋਧੀ ਧਿਰ 'ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਪੰਜਾਬ 'ਤੇ ਰਾਜ ਕੀਤਾ, ਉਹ ਹੁਣ ਅੰਦਰੂਨੀ ਫੁੱਟ, ਭਰੋਸੇਯੋਗ ਲੀਡਰਸ਼ਿਪ ਦੀ ਘਾਟ ਅਤੇ ਸੂਬੇ ਲਈ ਸਾਕਾਰਤਮਕ ਏਜੰਡਾ ਪੇਸ਼ ਕਰਨ ਵਿੱਚ ਅਸਮਰੱਥ ਹਨ।
ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀ ਦਲ ਕਦੇ ਦਾਅਵਾ ਕਰਦਾ ਸੀ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰੇਗਾ, ਪਰ ਅੱਜ ਉਹ ਆਪਣੀ ਸਿਆਸੀ ਹੋਂਦ ਬਚਾਉਣ ਲਈ ਜੱਦੋ-ਜਹਿਦ ਕਰ ਰਿਹਾ ਹੈ। ਜਿਨ੍ਹਾਂ ਨੇ ਆਪਣੇ ਰਾਜਨੀਤਿਕ ਭਵਿੱਖ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹ ਮਜ਼ਬੂਤ ਅਤੇ ਇਕਜੁਟ ਧਿਰ ਬਣਾਉਣ ਵਿੱਚ ਅਸਫਲ ਰਹੇ ਹਨ।"
ਕਾਂਗਰਸ ਦੀ ਅੰਦਰੂਨੀ ਫੁੱਟ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ, "ਕਾਂਗਰਸੀ ਆਗੂ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ 'ਤੇ ਵੀ ਇਕਜੁੱਟ ਹੋ ਕੇ ਸਾਹਮਣੇ ਆਉਣ ਦੇ ਯੋਗ ਨਹੀਂ ਹਨ। ਜਿਨ੍ਹਾਂ ਨੇ ਸਾਲਾਂ ਬੱਧੀ ਪੰਜਾਬ 'ਤੇ ਰਾਜ ਕੀਤਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ 'ਚ ਨਾਕਾਮ ਰਹੇ, ਉਹ ਹੁਣ ਸਾਡੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ। ਉਹ ਸਾਡੇ ਖ਼ਿਲਾਫ਼ ਹੱਥ ਮਿਲਾ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਪੰਜਾਬ ਲਈ ਕੋਈ ਭਰੋਸੇਯੋਗ ਏਜੰਡਾ ਨਹੀਂ ਹੈ, ਪਰ ਸੂਬੇ ਦੇ ਲੋਕ ਸਾਡੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭ੍ਰਿਸ਼ਟਾਚਾਰ, ਪਰਿਵਾਰਵਾਦ ਅਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਉਹ ਜਵਾਬਦੇਹ ਸ਼ਾਸਨ ਅਤੇ ਫੈਸਲਾਕੁੰਨ ਨਤੀਜਿਆਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ, "ਪਿਛਲੀਆਂ ਅਕਾਲੀ ਸਰਕਾਰਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਵਿੱਚ ਨਾਕਾਮ ਰਹੀਆਂ, ਜਦੋਂ ਕਿ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਪਾਰਟੀ ਦੀ ਭਰੋਸੇਯੋਗਤਾ ਨੂੰ ਭਾਰੀ ਠੇਸ ਪਹੁੰਚਾਈ। ਵਿਰੋਧੀ ਧਿਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਾਂ ਨੇ ਭ੍ਰਿਸ਼ਟਾਚਾਰ, ਪਰਿਵਾਰਵਾਦ ਅਤੇ ਨਿੱਜੀ ਸੁਆਰਥ ਦੀ ਰਾਜਨੀਤੀ ਨੂੰ ਖਾਰਜ ਕਰ ਦਿੱਤਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ। ਲੋਕਾਂ ਦਾ ਵਿਸ਼ਵਾਸ ਅਤੇ ਆਸ਼ੀਰਵਾਦ ਸਾਡੀ ਸਭ ਤੋਂ ਵੱਡੀ ਰਾਜਨੀਤਿਕ ਤਾਕਤ ਹੈ।"
ਵਿਕਾਸ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੀ ਤਰੱਕੀ ਸਾਡਾ ਮਿਸ਼ਨ ਹੈ, ਇਸ ਦੇ ਲੋਕਾਂ ਦੀ ਭਲਾਈ ਸਾਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਦਾ ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਾਕਤ ਹੈ। ਅਸੀਂ ਆਲੋਚਨਾ ਦੇ ਬਾਵਜੂਦ ਵਿਕਾਸ ਵਿੱਚ ਤੇਜ਼ੀ ਲਿਆਉਣ, ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ ਜਾਰੀ ਰੱਖਾਂਗੇ। ਲੋਕਾਂ ਦੇ ਆਸ਼ੀਰਵਾਦ ਅਤੇ ਸਮਰਥਨ ਨਾਲ ਅਸੀਂ ਪੰਜਾਬ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ ਅਤੇ ਨਵੇਂ ਉਤਸ਼ਾਹ ਨਾਲ ਦੁਬਾਰਾ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੋਵਾਂਗੇ।"
ਸੂਬਾ ਸਰਕਾਰ ਦੀ ਸਿਹਤ ਪਹਿਲਕਦਮੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 154 ਨਵੇਂ ਆਮ ਆਦਮੀ ਕਲੀਨਿਕਾਂ ਸਮਰਪਿਤ ਕਰਨ ਨਾਲ ਪੰਜਾਬ ਭਰ ਵਿੱਚ ਇਹਨਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ, ਜਿਸ ਨਾਲ ਕਿਫ਼ਾਇਤੀ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਤੱਕ ਪਹੁੰਚ ਕਾਫ਼ੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ,"ਆਮ ਆਦਮੀ ਕਲੀਨਿਕਾਂ ਨੇ ਡਾਕਟਰੀ ਸਲਾਹ, ਟੈਸਟਿੰਗ ਸਹੂਲਤਾਂ ਅਤੇ ਦਵਾਈਆਂ ਲੋਕਾਂ ਦੇ ਘਰਾਂ ਦੇ ਨੇੜੇ ਲਿਆ ਕੇ ਪ੍ਰਾਇਮਰੀ ਸਿਹਤ ਸੰਭਾਲ ਦੇ ਖੇਤਰ ਵਿੱਚ ਬਦਲਾਅ ਲਿਆਂਦਾ ਹੈ। ਗ਼ਰੀਬ ਅਤੇ ਮੱਧਮ ਵਰਗ ਦੇ ਪਰਿਵਾਰਾਂ ਨੂੰ ਇਸ ਦਾ ਵਿਸ਼ੇਸ਼ ਲਾਭ ਮਿਲ ਰਿਹਾ ਹੈ ਕਿਉਂਕਿ ਉਹ ਆਰਥਿਕ ਬੋਝ ਦੀ ਚਿੰਤਾ ਕੀਤੇ ਬਿਨਾਂ ਸਮੇਂ ਸਿਰ ਡਾਕਟਰੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਸਿਹਤ ਸੰਭਾਲ ਇੱਕ ਬੁਨਿਆਦੀ ਹੱਕ ਹੈ, ਨਾ ਕਿ ਸਿਰਫ਼ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦਾ ਖ਼ਰਚਾ ਚੁੱਕਣ ਦੇ ਸਮਰੱਥ ਲੋਕਾਂ ਲਈ ਕੋਈ ਵਿਸ਼ੇਸ਼ ਅਧਿਕਾਰ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਤੰਗੀ ਦੇ ਮਿਆਰੀ ਇਲਾਜ ਮਿਲੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 1.98 ਕਰੋੜ ਲੋਕ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰ ਚੁੱਕੇ ਹਨ, ਜਦੋਂ ਕਿ ਕੁੱਲ ਓ.ਪੀ.ਡੀ. 6.5 ਕਰੋੜ ਨੂੰ ਪਾਰ ਕਰ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 127 ਤਰ੍ਹਾਂ ਦੀਆਂ ਦਵਾਈਆਂ ਅਤੇ ਕਈ ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਦਿੱਤੇ ਜਾ ਰਹੇ ਹਨ, ਜਿਸ ਨਾਲ ਮਰੀਜ਼ਾਂ ਨੂੰ ਬਿਨਾਂ ਵਾਧੂ ਖ਼ਰਚੇ ਤੋਂ ਜ਼ਰੂਰੀ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ, "6.5 ਕਰੋੜ ਤੋਂ ਵੱਧ ਓ.ਪੀ.ਡੀ. ਪੰਜਾਬ ਭਰ ਦੇ ਲੋਕਾਂ ਦੇ ਇਨ੍ਹਾਂ ਕਲੀਨਿਕਾਂ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ। ਅਸੀਂ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾ ਕੇ ਆਮ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਵੀ ਹੋਰ ਮਜ਼ਬੂਤ ਕਰ ਰਹੇ ਹਾਂ।"

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਵਿੱਚ 5,500 ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ੀ-ਰੋਟੀ ਦੇ ਮੌਕੇ ਪੈਦਾ ਹੋਣ ਦੇ ਨਾਲ-ਨਾਲ ਸਿਹਤ ਸੇਵਾਵਾਂ ਵੀ ਮਜ਼ਬੂਤ ਹੋਈਆਂ ਹਨ।

ਹਰੇਕ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ, "ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ਉਲੀਕੀ ਗਈ ਹੈ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕੋਈ ਵੀ ਪਰਿਵਾਰ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ, ਸਿਆਸੀ ਦਬਾਅ ਜਾਂ ਨਿੱਜੀ ਸਿਫ਼ਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ 'ਤੇ ਨੌਜਵਾਨਾਂ ਨੂੰ 70,685 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, "ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ, ਜੋ ਲੰਮੇ ਸਮੇਂ ਤੋਂ ਇਹ ਮਹਿਸੂਸ ਕਰ ਰਹੇ ਸਨ ਕਿ ਪਹੁੰਚ ਜਾਂ ਸਿਫ਼ਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀਆਂ ਮਿਲਣੀਆਂ ਅਸੰਭਵ ਹਨ। ਸਾਡੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਯੋਗ ਨੌਜਵਾਨਾਂ ਲਈ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਅਸੀਂ ਪੈਸੇ, ਸਿਆਸੀ ਰਸੂਖ਼ ਜਾਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਨਹੀਂ, ਸਗੋਂ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦੇ ਰਹੇ ਹਾਂ। ਸਾਡੀ ਵਚਨਬੱਧਤਾ ਰੋਜ਼ਗਾਰ, ਸਿੱਖਿਆ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਸਮਰੱਥ ਬਣਾਉਣ ਦੀ ਹੈ।"

ਵਿਰੋਧੀ ਧਿਰ ਦੇ ਆਗੂਆਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਉਚੇਰੀ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਮੌਕਿਆਂ ਦੇ ਵਿਸਥਾਰ ਲਈ ਕੰਮ ਕਰ ਰਹੀ ਹੈ, ਜਦਕਿ ਕੁਝ ਵਿਰੋਧੀ ਆਗੂ ਅਜੇ ਵੀ ਆਪਣੇ ਸਿਆਸੀ ਬਿਆਨਾਂ ਨੂੰ ਨੀਵੇਂ ਪੱਧਰ ਦੇ ਅਤੇ ਪੁਰਾਣੇ ਮੁੱਦਿਆਂ ਤੱਕ ਹੀ ਸੀਮਤ ਰੱਖ ਰਹੇ ਹਨ।

ਹੁਸ਼ਿਆਰਪੁਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਧੀਆਂ-ਪੁੱਤ ਆਈ.ਏ.ਐਸ. ਅਤੇ ਆਈ.ਪੀ.ਐਸ. ਅਫ਼ਸਰ ਬਣ ਕੇ ਸ਼ਾਨ ਨਾਲ ਦੇਸ਼ ਦੀ ਸੇਵਾ ਕਰਨ। ਹੁਸ਼ਿਆਰਪੁਰ ਦਾ ਇਹ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਹੋਣਹਾਰ ਨੌਜਵਾਨਾਂ ਨੂੰ ਘਰ ਦੇ ਨੇੜੇ ਹੀ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਿੱਚ ਮਦਦ ਕਰੇਗਾ ਅਤੇ ਕੋਚਿੰਗ ਦੇ ਵਿੱਤੀ ਬੋਝ ਨੂੰ ਵੀ ਘਟਾਏਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹਰ ਯੋਗ ਵਿਦਿਆਰਥੀ, ਚਾਹੇ ਉਹ ਕਿਸੇ ਵੀ ਵਰਗ ਨਾਲ ਸਬੰਧਤ ਹੋਵੇ, ਲਈ ਜਨਤਕ ਸੇਵਾ ਦੇ ਵੱਡੇ ਤੋਂ ਵੱਡੇ ਅਹੁਦਿਆਂ ਦੇ ਦਰਵਾਜ਼ੇ ਖੋਲ੍ਹਣਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਂ 'ਤੇ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ, ਜੋ ਇਸ ਖਿੱਤੇ ਵਿੱਚ ਮੈਡੀਕਲ ਸਿੱਖਿਆ ਦੇ ਪਸਾਰ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਂ 'ਤੇ ਬਣਨ ਵਾਲਾ ਇਹ ਮੈਡੀਕਲ ਕਾਲਜ ਹੁਸ਼ਿਆਰਪੁਰ ਵਿੱਚ ਮੈਡੀਕਲ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।  ਉਨ੍ਹਾਂ ਕਿਹਾ ਕਿ ਅਸੀਂ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਮਿਆਰਾਂ ਅਨੁਸਾਰ ਅਪਗ੍ਰੇਡ ਕਰਨ ਲਈ ਵੀ ਵਚਨਬੱਧ ਹਾਂ ਤਾਂ ਜੋ ਰਵਾਇਤੀ ਇਲਾਜ ਪ੍ਰਣਾਲੀਆਂ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਪੜ੍ਹਨ-ਲਿਖਣ ਦੇ ਬਿਹਤਰ ਤੋਂ ਬਿਹਤਰ ਮੌਕੇ ਮਿਲ ਸਕਣ।"

ਸਿੰਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਭਰ ਵਿੱਚ ਨਹਿਰੀ ਸਿੰਜਾਈ ਦਾ ਦਾਇਰਾ ਲਗਭਗ 22 ਫ਼ੀਸਦ ਤੋਂ ਵਧਾ ਕੇ 80 ਫ਼ੀਸਦ ਤੋਂ ਵੱਧ ਕਰ ਦਿੱਤਾ ਹੈ। ਇਸਦੇ ਨਾਲ ਹੀ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਜਾ ਚੁੱਕੀਆਂ ਹਨ ਅਤੇ ਇਸ ਨੈੱਟਵਰਕ ਨੂੰ ਹੋਰ ਅੱਗੇ ਵਧਾਉਣ ਲਈ ਕੰਮ ਜਾਰੀ ਹੈ ਤਾਂ ਜੋ ਹੋਰ ਖੇਤਰੀ ਰਕਬੇ ਤੱਕ ਵੀ ਨਹਿਰੀ ਪਾਣੀ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਕਿਸਾਨਾਂ ਨੂੰ ਸਿੰਜਾਈ ਦੀਆਂ ਪਾਏਦਾਰ ਸਹੂਲਤਾਂ ਮਿਲਣਗੀਆਂ।"

ਕੰਢੀ ਖੇਤਰ ਲਈ ਸਿੰਜਾਈ ਦੀ ਅਹਿਮੀਅਤ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਕੰਢੀ ਖੇਤਰ ਦੇ ਕਿਸਾਨਾਂ ਨੇ ਦਹਾਕਿਆਂ ਤੋਂ ਭੂਗੋਲਿਕ ਚੁਣੌਤੀਆਂ ਅਤੇ ਸਿੰਜਾਈ ਸਹੂਲਤਾਂ ਦੀ ਘਾਟ ਦਾ ਸਾਹਮਣਾ ਕੀਤਾ ਹੈ। ਅਸੀਂ ਉਨ੍ਹਾਂ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨਸ਼ੀਲ ਹਾਂ ਜੋ ਮੌਜੂਦਾ ਨੈੱਟਵਰਕ ਤੋਂ ਬਾਹਰ ਰਹਿ ਗਏ ਸਨ, ਜਦਕਿ ਇਸ ਖੇਤਰ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕਰਨ ਲਈ ਲਿਫ਼ਟ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਖੇਤੀਬਾੜੀ ਸਥਿਰਤਾ 'ਚ ਸੁਧਾਰ ਲਿਆਉਣ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਵਿੱਚ ਮਦਦਗਾਰ ਸਾਬਤ ਹੋਣਗੇ।"

ਸੜਕ ਸੁਰੱਖਿਆ ਫ਼ੋਰਸ (ਐਸ.ਐਸ.ਐਫ.) ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਸੜਕ ਸੁਰੱਖਿਆ ਨੂੰ ਪਹਿਲ ਦੇ ਰਹੀ ਹੈ, ਜਿਸ ਨਾਲ ਹਾਦਸਿਆਂ ਵਿੱਚ ਕਮੀ ਆ ਰਹੀ ਹੈ ਅਤੇ ਅਨਮੋਲ ਮਨੁੱਖੀ ਜਾਨਾਂ ਬਚ ਰਹੀਆਂ ਹਨ। ਉਨ੍ਹਾਂ ਕਿਹਾ, "ਸੜਕ ਸੁਰੱਖਿਆ ਫ਼ੋਰਸ ਸੜਕ ਸੁਰੱਖਿਆ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ। ਅਸੀਂ ਹਾਦਸਿਆਂ ਨੂੰ ਘਟਾਉਣ ਅਤੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰ ਰਹੇ ਹਾਂ ਤਾਂ ਜੋ ਲੋਕ ਵਧੇਰੇ ਸੁਰੱਖਿਆ ਨਾਲ ਆਪਣਾ ਸਫ਼ਰ ਕਰ ਸਕਣ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ। 'ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਅਸੀਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਕਾਰਜਸ਼ੀਲ ਹਾਂ।"

'ਮੇਰੀ ਰਸੋਈ ਸਕੀਮ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "'ਮੇਰੀ ਰਸੋਈ ਸਕੀਮ' ਤਹਿਤ ਯੋਗ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ ਮੁਫ਼ਤ ਤੀਰਥ ਯਾਤਰਾ ਸਕੀਮ ਰਾਹੀਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਕਰਵਾਏ ਜਾ ਰਹੇ ਹਨ।"

ਹਰਖੋਵਾਲ ਖੇਤਰ ਲਈ ਕਮਿਊਨਿਟੀ ਸੈਂਟਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਕਮਿਊਨਿਟੀ ਸੈਂਟਰ ਹਰਖੋਵਾਲ ਦੇ ਵਸਨੀਕਾਂ, ਖ਼ਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪੱਛੜੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਸਹੂਲਤ ਪ੍ਰਦਾਨ ਕਰੇਗਾ, ਅਜਿਹੇ ਪਰਿਵਾਰ ਜਿਨ੍ਹਾਂ ਨੂੰ ਆਪਣੇ ਸਮਾਜਿਕ, ਸੱਭਿਆਚਾਰਕ ਅਤੇ ਪਰਿਵਾਰਕ ਸਮਾਗਮ ਮਾਣ-ਸਨਮਾਨ ਨਾਲ ਕਰਨ ਲਈ ਢੁਕਵੀਂ ਥਾਂ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿਰਫ਼ ਸਿਆਸੀ ਹਿੱਤਾਂ ਦੀ ਪੂਰਤੀ ਲਈ ਪ੍ਰਾਜੈਕਟਾਂ 'ਤੇ ਲੋਕਾਂ ਦਾ ਪੈਸਾ ਖ਼ਰਚਣ ਦੀ ਬਜਾਏ, ਆਮ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਸੁਖਾਲਾ ਬਣਾਉਣ ਵਾਲੀਆਂ ਸਹੂਲਤਾਂ ਨੂੰ ਤਰਜੀਹ ਦੇਣਾ ਜਾਰੀ ਰੱਖੇਗੀ।"

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ, ਖ਼ਾਸ ਕਰਕੇ ਬਰਾਬਰੀ, ਮਨੁੱਖੀ ਮਾਣ-ਸਨਮਾਨ ਅਤੇ ਭੇਦਭਾਵ ਰਹਿਤ ਸਮਾਜ ਦਾ ਉਨ੍ਹਾਂ ਦਾ ਸੰਦੇਸ਼ ਸਾਡੀਆਂ ਨੀਤੀਆਂ ਲਈ ਪ੍ਰੇਰਨਾ ਸਰੋਤ ਹੈ, ਜੋ ਸਾਡੇ ਕੰਮਾਂ ਵਿੱਚੋਂ ਪੂਰੀ ਤਰ੍ਹਾਂ ਝਲਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹਾਂ ਜਿੱਥੇ ਹਰ ਵਿਅਕਤੀ ਨੂੰ, ਜਾਤ, ਵਰਗ ਜਾਂ ਆਰਥਿਕ ਪੱਧਰ ਤੋਂ ਉੱਪਰ ਉੱਠ ਕੇ, ਸਿੱਖਿਆ, ਸਿਹਤ ਅਤੇ ਤਰੱਕੀ ਦੇ ਬਰਾਬਰ ਮੌਕੇ ਮਿਲ ਸਕਣ।"

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਈਸ਼ਾਨ ਚੱਬੇਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।