ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ

ਗੁਰਦਾਸਪੁਰ, 14 ਜੁਲਾਈ (         ) - ਜ਼ਿਲ੍ਹਾ ਗੁਰਦਾਸਪੁਰ  ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਕੋਸ਼ਿਸ਼ਾਂ ਅਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ 'ਤੇ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਮੇਂ ਸਿਰ ਕਿਸਾਨ ਖੇਤੀ ਮਸ਼ੀਨਰੀ ਦੀ ਖ਼ਰੀਦ ਕਰ ਸਕਣ। ਇਸ ਦੇ ਨਾਲ ਹੀ ਵਿਭਾਗ ਵੱਲੋਂ ਖ਼ਰੀਦੀ ਗਈ ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਵੀ ਕੀਤੀ ਜਾ ਰਹੀ ਹੈ ਅਤੇ ਵੈਰੀਫਿਕੇਸ਼ਨ ਤੋਂ ਬਾਅਦ ਸਬਸਿਡੀ ਦੀ ਰਕਮ ਲਾਭਪਾਤਰੀਆਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ  ਮਿੱਟੀ ਦੀ ਸਿਹਤ ਵੀ ਖ਼ਰਾਬ ਹੁੰਦੀ ਹੈ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ਘਟਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ, ਕਿਉਂਕਿ ਪਰਾਲੀ ਸਾੜਨਾ ਮਿੱਟੀ ਦੀ ਸਿਹਤ ਨੂੰ ਖ਼ਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਮਿੱਟੀ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਧਦੀ ਹੈ ਅਤੇ ਖੇਤੀ ਲਾਗਤ ਖ਼ਰਚੇ ਘਟਦੇ ਹਨ।  ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਰਾਹੀਂ ਇਨ-ਸੀਟੂ ਪ੍ਰਬੰਧਨ ਲਈ ਪ੍ਰਭਾਵੀ ਤਰੀਕੇ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਸੀ ਆਰ ਐੱਮ ਅਤੇ ਸਮੇਂਮ ਸਕੀਮ ਤਹਿਤ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਰੇਕ, ਮਲਚਰ, ਪੈਡੀ ਚੌਪਰ ਸ਼ਰੈਡਰ, ਆਰ.ਐਮ.ਬੀ. ਪਲਾਓ ਹੱਲ ਸਮੇਤ ਕਈ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ 50 ਫ਼ੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਹੱਕਦਾਰ ਹੈ ਅਤੇ ਕਿਸਾਨ ਸਮੂਹ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ  646  ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ  ਕਿਸਾਨਾਂ ਵੱਲੋਂ 182 ਮਸ਼ੀਨਾਂ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ ਇਸ ਤੋਂ ਇਲਾਵਾ 6 ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫ਼ਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਕ ਏਕੜ ਦੀ ਪਰਾਲੀ ਨੂੰ ਖੇਤ ਵਿਚ ਰੱਖ ਕੇ ਕਣਕ ਦੀ ਬਿਜਾਈ ਕਰਨ ਨਾਲ ਮਿੱਟੀ ਨੂੰ 10 ਕੁਇੰਟਲ ਜੈਵਿਕ ਮਾਦਾ, 14 ਕਿੱਲੋ  ਨਾਈਟ੍ਰੋਜਨ, 63 ਕਿੱਲੋ ਪੋਟਾਸ਼, 7 ਕਿੱਲੋ ਫਾਸਫੋਰਸ ਅਤੇ 3 ਕਿੱਲੋ ਸਲਫ਼ਰ ਮਿਲਦੀ ਹੈ, ਜਿਸ ਦੀ ਕੀਮਤ ਲਗਭਗ 6000 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਕਟਾਈ ਉਪਰੰਤ ਮੱਕੀ ਦੀ ਫ਼ਸਲ ਦੀ ਕਾਸ਼ਤ ਕਰਨ ਅਤੇ ਝੋਨੇ ਦੀ ਪਰਾਲੀ ਦੀਆਂ ਗੱਠਾਂ ਚੁਕਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਲਗਾਤਾਰ ਵਿਗਾੜ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਰੱਖ ਕੇ ਸੁਪਰ, ਸਮਾਰਟ, ਹੈਪੀ ਜਾਂ ਸਰਫੇਸ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਮੌਕੇ ਡਾ. ਗਗਨਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਹਰਪ੍ਰੀਤ ਸਿੰਘ, ਮਨਜੀਤ ਕੌਰ ਖੇਤੀ ਵਿਸਥਾਰ ਅਫ਼ਸਰ, ਪੰਕਜ ਕੁਮਾਰ ਅਤੇ ਲਾਭਪਾਤਰੀ ਕਿਸਾਨ ਹਾਜ਼ਰ ਸਨ।
 

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ