ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ, ਅਗਸਤ 12,

ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਫੁੱਲਾਂ ਦੀ ਮੰਗ ਹਰ ਜਗ੍ਹਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਹੋਰ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ।

ਬਾਗ਼ਬਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਲਈ ਵਿਸ਼ੇਸ ਤੌਰ ਜ਼ਿਮੀਂਦਾਰਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਲੋੜ ਅਨੁਸਾਰ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ।  

ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਬਾਗ਼ਬਾਨੀ ਸਕੱਤਰ ਸ੍ਰੀ ਬਸੰਤ ਗਰਗ ਅਤੇ ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਕਿਸਾਨਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਵਿਭਾਗ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਬਾਰੇ ਮੰਤਰੀ ਨੂੰ ਵਿਸ਼ਥਾਰਪੂਰਵਕ ਜਾਣੂ ਕਰਵਾਇਆ।  

ਇਸ ਮੌਕੇ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤ ਦੇਣ ਲਈ ਵਚਨਬੱਧ ਹੈ।