ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ
ਹੁਸ਼ਿਆਰਪੁਰ, 4 ਜਨਵਰੀ :
ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੱਲ ਰਹੇ ਵਨ ਸਟਾਪ ਸੈਂਟਰਾਂ ਰਾਹੀਂ ਨਵੰਬਰ 2025 ਤੱਕ ਹਿੰਸਾ ਦੀਆਂ 5,121 ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜੋ ਕਿ ਸਰਕਾਰ ਦੀ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਾਰਜਸ਼ੀਲਤਾ ਨੂੰ ਦਰਸਾਉਂਦੀ ਹੈ।
ਕਰਮਜੀਤ ਕੌਰ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਿੰਸਾ ਦੀਆਂ ਪੀੜਤ ਔਰਤਾਂ ਨੂੰ ਡਾਕਟਰੀ ਸਹਾਇਤਾ, ਕਾਨੂੰਨੀ ਸਲਾਹ, ਮਨੋਵਿਗਿਆਨਕ ਸਹਾਇਤਾ ਅਤੇ ਅਸਥਾਈ ਆਸਰਾ ਸਮੇਤ ਸਾਰੀਆਂ ਜ਼ਰੂਰੀ ਸੇਵਾਵਾਂ ਇਕੋ ਛੱਤ ਹੇਠ ਮਿਲਣ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੀੜਤ ਔਰਤਾਂ ਨੂੰ ਜਲਦੀ ਨਿਆਂ ਅਤੇ ਸੁਰੱਖਿਆ ਮਿਲੇ।
ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਨਾ ਸਿਰਫ਼ ਸਹਾਇਤਾ ਦੇ ਕੇਂਦਰ ਹਨ, ਸਗੋਂ ਔਰਤਾਂ ਦੇ ਪੁਨਰਵਾਸ ਅਤੇ ਸਵੈ-ਨਿਰਭਰਤਾ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਰਕਾਰ ਇਨ੍ਹਾਂ ਕੇਂਦਰਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ, ਤਾਂ ਜੋ ਹਰ ਪੀੜਤ ਔਰਤ ਨੂੰ ਸਨਮਾਨਜਨਕ ਜ਼ਿੰਦਗੀ ਜਿਊਣ ਦਾ ਮੌਕਾ ਮਿਲ ਸਕੇ।
ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਪ੍ਰਸ਼ਾਸਨ ਇਹ ਵੀ ਯਕੀਨੀ ਬਣਾ ਰਿਹਾ ਹੈ ਕਿ ਵਨ ਸਟਾਪ ਸੈਂਟਰਾਂ ਬਾਰੇ ਜਾਣਕਾਰੀ ਵੱਧ ਤੋਂ ਵੱਧ ਔਰਤਾਂ ਤੱਕ ਪਹੁੰਚੇ, ਤਾਂ ਜੋ ਲੋੜਵੰਦ ਔਰਤਾਂ ਬਿਨਾਂ ਕਿਸੇ ਡਰ ਦੇ ਸਹਾਇਤਾ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਭਾਈਚਾਰੇ ਨੂੰ ਇੱਕਜੁੱਟ ਹੋਣ ਅਤੇ ਔਰਤਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਵਿਰੁੱਧ ਬੋਲਣ ਦੀ ਅਪੀਲ ਵੀ ਕੀਤੀ, ਤਾਂ ਜੋ ਇਕ ਸੁਰੱਖਿਅਤ ਅਤੇ ਸਸ਼ਕਤ ਸਮਾਜ ਦਾ ਨਿਰਮਾਣ ਕੀਤਾ ਜਾ ਸਕੇ।



