ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਦੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ

*ਚੰਡੀਗੜ੍ਹ, 29 ਜਨਵਰੀ:*

ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਬਿਹਤਰ ਸੜਕੀ ਸੰਪਰਕ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਰਾਜ ਮਾਰਗਾਂ ਅਤੇ ਪੇਂਡੂ ਸੜਕਾਂ ਨੂੰ ਪਹਿਲਾਂ ਹੀ ਤਰਜੀਹੀ ਤੌਰ ‘ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰੀ ਕੇਂਦਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਸੜਕਾਂ ਦੇ ਵਿਆਪਕ ਅਪਗ੍ਰੇਡੇਸ਼ਨ ਦੇ ਕੰਮ ਸ਼ੁਰੂ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਨੂੰ ਵਿਸ਼ਵ ਪੱਧਰੀ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਬਦਲਣ ਲਈ ਵਿਆਪਕ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸ਼ਹਿਰ ਦੇ ਮਾਸਟਰ ਪਲਾਨ ਮੁਤਾਬਕ ਸ਼ਹਿਰ ਦੇ ਮੁੱਖ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇੱਕ ਸਮਰਪਿਤ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਤਿਆਰ ਕੀਤਾ ਗਿਆ ਹੈ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ 'ਤੇ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਸਣੇ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਅਤੇ ਸੈਲਾਨੀਆਂ ਲਈ ਸੁਰੱਖਿਅਤ ਅਤੇ ਆਰਾਮਦਾਇਕ ਆਵਾਜਾਈ ਸਹੂਲਤਾਂ ਯਕੀਨੀ ਬਣਾਉਣ ਲਈ ਖਸਤਾ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੜਕਾਂ ਅਤੇ ਮਹੱਤਵਪੂਰਨ ਜੰਕਸ਼ਨਾਂ ਦੇ ਸੁੰਦਰੀਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੁੰਦਰੀਕਰਨ ਦੇ ਕੰਮਾਂ ਵਿੱਚ ਲੈਂਡਸਕੇਪਿੰਗ, ਆਧੁਨਿਕ ਰੌਸ਼ਨੀ ਪ੍ਰਣਾਲੀਆਂ ਦੀ ਸਥਾਪਨਾ ਅਤੇ ਹਰਿਆਵਲ ਵਿੱਚ ਵਾਧਾ ਕਰਨਾ ਸ਼ਾਮਲ ਹੋਵੇਗਾ, ਜਿਸ ਦਾ ਉਦੇਸ਼ ਸ਼ਹਿਰ ਦੀ ਸਮੁੱਚੀ ਸੁੰਦਰਤਾ ਅਤੇ ਵਾਤਾਵਰਣ ਦੀ ਗੁਣਵੱਤਾ ਨੂੰ ਬਿਹਤਰ ਬਣਾਉਣਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ ਸਾਰੇ ਵਿਕਾਸ ਕਾਰਜ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਤਰਜ਼ 'ਤੇ ਅਤੇ ਹਾਈਬ੍ਰਿਡ ਐਨੂਇਟੀ ਮੋਡ (ਐਚ.ਏ.ਐਮ.) ਰਾਹੀਂ ਲਾਗੂ ਕੀਤੇ ਜਾਣਗੇ। ਇਸ ਮਾਡਲ ਤਹਿਤ ਜਿਸ ਠੇਕੇਦਾਰ ਨੂੰ ਪ੍ਰਾਜੈਕਟ ਸੌਂਪਿਆ ਜਾਵੇਗਾ, ਉਹ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰਨ ਦੇ ਨਾਲ-ਨਾਲ 10 ਸਾਲਾਂ ਦੀ ਮਿਆਦ ਲਈ ਸੜਕਾਂ ਦੀ ਸਾਂਭ-ਸੰਭਾਲ ਲਈ ਵੀ ਜ਼ਿੰਮੇਵਾਰ ਹੋਵੇਗਾ।

ਇਨ੍ਹਾਂ ਪ੍ਰਾਜੈਕਟਾਂ ਦੀ ਵਿੱਤੀ ਪ੍ਰਣਾਲੀ ਬਾਰੇ ਦੱਸਦਿਆ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਗਤਾਨ 40:60 ਫਾਰਮੂਲੇ ਅਨੁਸਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਦੀ ਲਾਗਤ ਦਾ 40 ਫ਼ੀਸਦ ਸਰਕਾਰ ਵੱਲੋਂ ਉਸਾਰੀ ਦੇ ਪੜਾਅ ਦੌਰਾਨ ਅਦਾ ਕੀਤਾ ਜਾਵੇਗਾ, ਜਦੋਂ ਕਿ ਬਾਕੀ 60 ਫ਼ੀਸਦੀ ਠੇਕੇਦਾਰ ਵੱਲੋਂ ਖਰਚ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ 10 ਸਾਲਾਂ ਦੀ ਮਿਆਦ ਵਿੱਚ ਠੇਕੇਦਾਰ ਨੂੰ ਸਾਲਾਨਾ ਭੁਗਤਾਨਾਂ ਰਾਹੀਂ ਬਾਕੀ ਰਕਮ ਅਦਾ ਕੀਤੀ ਜਾਵੇਗੀ। ਇਸ ਵਿਧੀ ਰਾਹੀਂ ਠੇਕੇਦਾਰ ਦੀ ਜਵਾਬਦੇਹੀ ਵਧੇਗੀ ਅਤੇ ਉੱਚ-ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਫਰਵਰੀ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਇਸੇ ਸਾਲ ਅਕਤੂਬਰ ਤੱਕ ਪੂਰਾ ਹੋਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਇੱਕ ਸਪੱਸ਼ਟ ਸਮਾਂ-ਸੀਮਾ ਦੇ ਨਾਲ ਬਣਾਈ ਗਈ ਹੈ ਤਾਂ ਜੋ ਸ਼ਹਿਰੀ ਆਵਾਜਾਈ ਵਿੱਚ ਸੁਧਾਰ ਦੇ ਇਸ ਪ੍ਰਾਜੈਕਟ ਦੌਰਾਨ ਜਨਤਾ ਨੂੰ ਜ਼ਿਆਦਾ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਲਗਭਗ 700 ਕਰੋੜ ਰੁਪਏ ਦਾ ਲਾਗਤ ਨਾਲ ਸੜਕਾਂ ਦਾ ਮਜ਼ਬੂਤੀਕਰਨ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਅਧੀਨ ਮੋਹਾਲੀ ਸ਼ਹਿਰ ਵਿੱਚ ਲਗਭਗ 80 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।

ਸ. ਮੁੰਡੀਆਂ ਨੇ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਗੁਣਵੱਤਾ ਦੇ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਹ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਸਤਾਵਿਤ ਸੁਧਾਰਾਂ ਦਾ ਉਦੇਸ਼ ਸ਼ਹਿਰ ਅਤੇ ਇਸ ਦੇ ਨਿਵਾਸੀਆਂ ਲਈ ਸੁਚਾਰੂ ਆਵਾਜਾਈ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਆਵਾਜਾਈ ਵਿੱਚ ਵੱਡੇ ਸੁਧਾਰਾਂ ਨੂੰ ਯਕੀਨੀ ਬਣਾਉਂਦਿਆਂ ਸੜਕ ਸੁਰੱਖਿਆ ਨੂੰ ਵੀ ਮਜ਼ਬੂਤੀ ਦੇਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਅਤੇ ਨਵੀਨੀਕਰਨ ਦੇ ਇਸ ਪ੍ਰਾਜੈਕਟ ਅਧੀਨ ਸ਼ਹਿਰੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਾਰਜ ਸ਼ਹਿਰ ਦੀ ਦਿੱਖ ਨੂੰ ਸਵਾਰਨ ਦੇ ਨਾਲ-ਨਾਲ ਇਥੋਂ ਦੇ ਨਾਗਰਿਕਾਂ ਲਈ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਸਾਫ਼-ਸੁਥਰਾ ਤੇ ਯੋਜਨਾਬੱਧ ਸ਼ਹਿਰੀ ਢਾਂਚਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਅਜਿਹੇ ਲੋਕ-ਪੱਖੀ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

ਇਸ ਮੌਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਵੀ ਮੌਜੂਦ ਸਨ।