ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਜਲੰਧਰ, 6 ਫਰਵਰੀ:
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ।
ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ।
ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’।
ਜਾਣਕਾਰੀ ਅਨੁਸਾਰ, ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ (ਲੱਕੀ) ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਪੀੜਤ ਨੇ ਬਾਅਦ ਵਿੱਚ ਦਮ ਤੋੜ ਦਿੱਤਾ ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਹੁਣ ਤੱਕ ਹੋਈ ਤਫ਼ਤੀਸ਼ ਦੀ ਸਮੀਖਿਆ ਕੀਤੀ ਹੈ ਅਤੇ ਸ਼ੱਕੀਆਂ ਦੀਆ ਸਾਰੀਆਂ ਅਲਗਲੀਆਂ-ਪਿਛਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।’’
ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਨੂੰ ਅੱਗੇ ਵਧਾਉਣ ਲਈ ਮੋਬਾਈਲ ਟਾਵਰ ਡੰਪਸ ਤੋਂ ਜਾਣਕਾਰੀ ਵੀ ਜੁਟਾਈ ਹੈ। ਡੀਜੀਪੀ ਨੇ ਅੱਗੇ ਕਿਹਾ, ‘‘ਅਪਰਾਧ ਦੀ ਗੁੱਥੀ ਸੁਲਝਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’
ਮੌਜੂਦਾ ਸਥਿਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਧਨਪ੍ਰੀਤ ਕੌਰ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਦੋਵੇਂ ਦੋਸ਼ੀ ਜਿਨ੍ਹਾਂ ਨੇ ਕਾਲੀਆਂ ਹੁੱਡੀਆਂ ਪਾਈਆਂ ਸਨ, ਆਪਣੇ ਐਕਟਿਵਾ ਸਕੂਟਰ ’ਤੇ ਮੌਕੇ ਤੋਂ ਫ਼ਰਾਰ ਹੋ ਗਏ । ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ, ਐਫਆਈਆਰ ਨੰਬਰ 25 ਮਿਤੀ 6/2/2026 ਨੂੰ ਬੀਐਨਐਸ ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ -6 ਵਿਖੇ ਕੇਸ ਦਰਜ ਕੀਤਾ ਗਿਆ ਹੈ।



