“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

ਮਾਲੇਰਕੋਟਲਾ, 21 ਜਨਵਰੀ:

                ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਅਪਰੇਸ਼ਨ ਪ੍ਰਹਾਰ ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

               ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

           ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ।

                ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।