ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ


ਚੰਡੀਗੜ੍ਹ, 27 ਜੁਲਾਈ:

ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।

ਡਾ. ਕੌਰ ਨੇ ਆਖਿਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।