ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ
By NIRPAKH POST
On
ਨਕੋਦਰ (ਜਲੰਧਰ), 4 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਸ਼ਹਿਰ ਵਿਖੇ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ।
ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਕੂੜੇ ਤੋਂ ਮੁਕਤ ਕਰਨਾ ਅਤੇ ਲੋਕਾਂ ਵਿੱਚ ਸਾਫ-ਸਫਾਈ ਪ੍ਰਤੀ ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਮਿਸ਼ਨ ਦਾ ਟੀਚਾ ਖੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨਾ ਅਤੇ ਦੁਬਾਰਾ ਬਣਨ ਤੋਂ ਰੋਕਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਤਾਵਰਣ ਪੱਖੋਂ ਬਿਹਤਰ ਤੇ ਸਿਹਤਮੰਦ ਮਾਹੌਲ ਪ੍ਰਦਾਨ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਸ਼ਹਿਰ ਤੇ ਪਿੰਡ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੇ ਯਤਨਾਂ ਨਾਲ ਨਹੀਂ, ਸਗੋਂ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੇ ਹਨ। ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਜਨਤਕ ਮੁਹਿੰਮ ਕਾਮਯਾਬ ਨਹੀਂ ਹੋ ਸਕਦੀ, ਇਸ ਲਈ ਸ਼ਹਿਰ ਨੂੰ ਸਾਫ-ਸਫਾਈ ਪੱਖੋਂ ਮੋਹਰੀ ਬਣਾਉਣ ਲਈ ਆਮ ਲੋਕਾਂ ਨੂੰ ਸਫਾਈ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ, ਕੂੜਾ ਇਧਰ-ਉੱਧਰ ਨਾ ਸੁੱਟ ਕੇ ਸਿਰਫ਼ ਨਿਰਧਾਰਿਤ ਕੂੜੇਦਾਨ ਵਿੱਚ ਹੀ ਪਾਉਣ, ਆਪਣੇ ਘਰਾਂ ਅਤੇ ਦੁਕਾਨਾਂ ਦੇ ਆਲੇ-ਦੁਆਲੇ ਸਫਾਈ ਬਣਾ ਰੱਖਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਸਫਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਲੀ ਸ਼ਲਾਘਾ ਕੀਤੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਪ੍ਰਦੀਪ ਸਿੰਘ, ਵੱਖ-ਵੱਖ ਵਾਰਡਾਂ ਦੇ ਕੌਂਸਲਰ ਅਤੇ ਸਫਾਈ ਕਰਮਚਾਰੀ ਵੀ ਮੌਜੂਦ ਸਨ।

