ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਹੁਸ਼ਿਆਰਪੁਰ, 4 ਅਗਸਤ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਵਿੱਚ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਨਵੇਂ ਸਕੂਲ ਬੈਗ ਸੌਂਪਦਿਆਂ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕਣ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਿੱਖਿਆ ਕ੍ਰਾਂਤੀ  ਮੁਹਿੰਮ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮਨੋਬਲ ਵਧਿਆ ਹੈ ਅਤੇ ਮਾਪਿਆਂ ਦਾ ਭਰੋਸਾ ਵੀ ਹੋਰ ਮਜ਼ਬੂਤ ਹੋਇਆ ਹੈ।

ਇਸ ਮੌਕੇ ਪਿੰਡ ਚੱਕ ਸਾਧੂ ਦੇ ਸਰਪੰਚ ਅਮਰਜੀਤ ਸਿੰਘ, ਗ੍ਰਾਮ ਪੰਚਾਇਤ ਦੇ ਮੈਂਬਰ, ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।