ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ
By NIRPAKH POST
On
ਰੂਪਨਗਰ, 28 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਅਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1,194 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3000 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੇ ਇਤਿਹਾਸਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ, ਇਹ ਪਹਿਲਕਦਮੀ ਰੰਗਲਾ ਪੰਜਾਬ ਬਣਾਉਣ ਅਤੇ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਅਨੁਸ਼ਾਸਨ ਰਾਹੀਂ ਨਸ਼ਿਆਂ ਵਿਰੁੱਧ ਲੜਨ ਲਈ ਸਸ਼ਕਤ ਬਣਾਉਣ ਵੱਲ ਇੱਕ ਫੈਸਲਾਕੁੰਨ ਕਦਮ ਹੈ।
ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ "ਹਰ ਪਿੰਡ ਖੇਡ ਮੈਦਾਨ" ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿੱਚ ਅੱਗੇ ਵਧਾ ਰਹੀ ਹੈ, ਤਾਂ ਜੋ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਸਕੇ।
ਹਲਕਾ ਵਿਧਾਇਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿੰਡ ਘਨੌਲੀ ਅਤੇ ਮੀਆਂਪੁਰ ਵਿੱਚ ਫੁੱਟਬਾਲ ਅਤੇ ਵਾਲੀਬਾਲ ਖੇਡ ਦੇ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਘਨੌਲੀ ਵਿਖੇ 28.06 ਲੱਖ ਅਤੇ ਮੀਆਂਪੁਰ ਵਿਖੇ 27. 03 ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਹ ਖੇਡ ਸਟੇਡੀਅਮ ਅਤਿ ਆਧੁਨਿਕ ਹੋਣਗੇ ਜਿਸ ਵਿੱਚ ਸਪਰਿੰਕਲ ਸਿਸਟਮ ਅਤੇ ਉੱਚ ਪੱਧਰੀ ਐਲਈਡੀ ਲਾਈਟਾਂ ਸ਼ਾਮਿਲ ਹੋਣਗੀਆਂ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਨੇ ਪਿੰਡ ਪੱਧਰ 'ਤੇ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕਿਆ ਹੈ।


