ਵਿਧਾਇਕ ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ

ਵਿਧਾਇਕ ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ

ਚੱਬੇਵਾਲ/ਹੁਸ਼ਿਆਰਪੁਰ, 24 ਸਤੰਬਰ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਲ਼ਾਭਪਾਤਰੀਆਂ ਨੂੰ ਸੌਂਪਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਦੇ ਵਿੱਤੀ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ।

ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਅਤੇ ਪਿੰਡ ਭਾਮ  ਵਿਖੇ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪਣ ਸਮੇਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਵਿਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲਗਭਗ 54.06 ਲੱਖ ਪਰਿਵਾਰ ਕਵਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਕੈਸ਼ਲੈੱਸ ਸਿਹਤ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਸਤੰਬਰ 2026 ਤੱਕ ਕੁੱਲ 3,53,397 ਲਾਭਪਾਤਰੀਆਂ ਵੱਲੋਂ ਕੈਸ਼ਲੈੱਸ ਇਲਾਜ ਦੀ ਸਹੂਲਤ ਲਈ ਜਾ ਚੁੱਕੀ ਹੈ, ਜਿਸ ਤਹਿਤ 7,20,301 ਇਲਾਜ ਦੇ ਕੇਸ ਦਰਜ ਕੀਤੇ ਗਏ ਹਨ।


ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਮੁਹੱਈਆ ਕਰਵਾਏ ਗਏ ਇਲਾਜ ਦੀ ਕੁੱਲ ਰਕਮ 1,300.14 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜੋ ਸੂਬੇ ਭਰ ਦੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਸਿਹਤ ਸਹਾਇਤਾ ਦੇ ਵਿਆਪਕ ਪੱਧਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸੇਵਾਵਾਂ ਤੱਕ ਪਹੁੰਚ ਮਿਲ ਸਕੇ ਅਤੇ ਮੈਡੀਕਲ ਐਮਰਜੈਂਸੀ ਜਾਂ ਵੱਡੇ ਇਲਾਜ ਦੌਰਾਨ ਪਰਿਵਾਰਾਂ ’ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 909 ਸੂਚੀਬੱਧ ਹਸਪਤਾਲਾਂ ਵਿੱਚ 2356 ਇਲਾਜ ਪੈਕੇਜ ਕਵਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ 684 ਪ੍ਰਾਈਵੇਟ ਅਤੇ 225 ਸਰਕਾਰੀ ਹਸਪਤਾਲ ਸ਼ਾਮਲ ਹਨ।

ਲਾਭਪਾਤਰੀਆਂ ਨੂੰ ਸਕੀਮ ਬਾਰੇ ਦੱਸਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਲਾਭਪਾਤਰੀ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਯੋਗ ਵਸਨੀਕਾਂ, ਜਿਨ੍ਹਾਂ ਨੇ ਅਜੇ ਤੱਕ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਨਹੀਂ ਕਰਵਾਈ, ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਕਰਵਾ ਕੇ ਉਪਲਬਧ ਸਿਹਤ ਸਹੂਲਤਾਂ ਦਾ ਲਾਭ ਲੈਣ।

ਵਿਧਾਇਕ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਕਿਸੇ ਵੀ ਅਪਾਇੰਟਮੈਂਟ ਦੀ ਲੋੜ ਨਹੀਂ ਹੈ ਅਤੇ ਯੋਗ ਵਿਅਕਤੀ ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਲਗਾਏ ਜਾ ਰਹੇ ਸਰਕਾਰੀ ਰਜਿਸਟ੍ਰੇਸ਼ਨ ਕੈਂਪਾਂ ਰਾਹੀਂ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਆਪਣਾ ਆਧਾਰ ਕਾਰਡ ਅਤੇ ਵੋਟਰ ਆਈ.ਡੀ. ਕਾਰਡ ਨਾਲ ਲੈ ਕੇ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਰਿਵਾਰਾਂ ਨੂੰ ਵੱਡੇ ਮੈਡੀਕਲ ਇਲਾਜ ਨਾਲ ਜੁੜੇ ਵਿੱਤੀ ਬੋਝ ਤੋਂ ਨਿਜ਼ਾਤ ਦਿਵਾਏਗੀ ਅਤੇ ਮਿਆਰੀ ਸਿਹਤ ਸੇਵਾਵਾਂ ਲੈਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।