ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ 'ਤੇ ਵਾਪਰੀ ਘਟਨਾ ਦਾ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
ਬਟਾਲਾ, 16 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਅਣਪਛਾਤਿਆਂ ਵੱਲੋਂ ਦੁਕਾਨ 'ਤੇ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਤੁਰੰਤ ਘਟਨਾ ਵਾਲੀ ਜ੍ਹਗਾ ਤੇ ਪਹੁੰਚੇ ਤੇ ਦੁਕਾਨਦਾਰ ਨੂੰ ਮਿਲ ਕੇ ਸਥਿਤੀ ਦਾ ਜਾਇਜਾ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਬਟਾਲੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ ਕਰਨਗੇ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।
ਉਨ੍ਹਾ ਅੱਗੇ ਕਿਹਾ ਕਿ ਇਸ ਘਟਨਾ ਸਬੰਧੀ ਬਟਾਲਾ ਪੁਲਿਸ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਸਖਤੀ ਨਾਲ ਨਿਪਟਣ।
ਇਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਬਟਾਲਾ ਵਿਖੇ ਹੁਣ ਤੱਕ ਜੋ ਵੀ ਵਾਰਦਾਤਾਂ ਵਾਪਰੀਆਂ ਹਨ, ਉਨ੍ਹਾਂ ਦੇ ਦੋਸ਼ੀਆਂ ਨੂੰ ਫੜਿਆ ਗਿਆ ਹੈ ਅਤੇ ਕਾਨੂੰਨੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵਿਦੇਸ਼ ਵਿੱਚ ਬੈਠੇ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰਕੇ ਬਟਾਲੇ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਦੁਹਰਾਇਆ ਕਿ ਬਟਾਲਾ ਵਾਸੀ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਹ ਸਮਾਜ ਵਿਰੋਧੀ ਅਨਸਰ ਨਾਲ ਸਖਤੀ ਨਾਲ ਪੇਸ਼ ਆਉਣਗੇ।


