ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ 'ਤੇ ਦਿੱਤਾ ਜ਼ੋਰ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ 'ਤੇ ਦਿੱਤਾ ਜ਼ੋਰ

ਚੰਡੀਗੜ੍ਹ, 19 ਮਈ:

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੌਰਾਨ ਕਿਸਾਨ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਭਪਾਤਰੀਆਂ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਹੋਰ ਵਧੇ ਅਤੇ ਰਵਾਇਤੀ ਖੇਤੀ 'ਤੇ ਨਿਰਭਰਤਾ ਘਟੇ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।