ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਬੰਗਲੁਰੂ/ਚੰਡੀਗੜ੍ਹ, 15 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ।

ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਸਾਜਗਾਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜ ਕਾਰਜਾਂ ਨੂੰ ਅਪਨਾਉਣ ਅਤੇ ਗੌਰ ਨਾਲ ਸੁਣਨ ਲਈ ਹਮੇਸ਼ਾ ਤਿਆਰ ਹੈ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਲਈ ਸੱਦਾ ਦਿੱਤਾ ਅਤੇ ਕਿਹਾ ਕਿ ਇਹ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ, ਪੰਜਾਬ ਵਿਖੇ ਹੋਵੇਗਾ ਅਤੇ ਇਸ ਦੌਰਾਨ ਉਦਯੋਗਪਤੀ, ਨੀਤੀ ਘਾੜ੍ਹੇ ਅਤੇ ਖੋਜਕਾਰ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੋਰ ਬੁਲੰਦਿਆਂ ‘ਤੇ ਲੈ ਜਾਣ ਬਾਰੇ ਵਿਚਾਰ ਸਾਂਝੇ ਕਰਨਗੇ ਅਤੇ ਸਹਿਯੋਗ ਦੇਣ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਮੁਹਾਰਤ ਅਤੇ ਸੂਝ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਸਮਝਣ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕਿੰਗ ਲਈ ਆਦਰਸ਼ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕਜੁੱਟ ਹੋ ਕੇ ਪੰਜਾਬ ਵਿੱਚ ਟਿਕਾਊ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲਾ ਉਦਯੋਗਿਕ ਮਾਹੌਲ ਸਿਰਜ ਸਕਦੇ ਹਾਂ, ਜਿਸ ਲਈ ਤੁਹਾਡੀ ਭਾਈਵਾਲੀ, ਵਿਸ਼ਵਾਸ ਅਤੇ ਵਚਨਬੱਧਤਾ ਬੇਹੱਦ ਜ਼ਰੂਰੀ ਹੈ।

ਅੱਜ ਇੱਥੇ ਉਦਯੋਗ ਜਗਤ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸ਼ੁਰੂ ਤੋਂ ਹੀ ਇਸ ਦੀ ਮਿਹਨਤੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਨਾਲ ਜਾਣਿਆ ਜਾਂਦਾ ਰਿਹਾ ਹੈ ਅਤੇ ਨਾਲ ਹੀ ਕਿਹਾ ਕਿ ਸੂਬੇ ਨੂੰ ਭਾਰਤ ਦਾ ਅੰਨ ਭੰਡਾਰ ਹੋਣ ਦਾ ਮਾਣ ਹਾਸਲ ਹੈ, ਜੋ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਹਿੱਸਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਇੱਕ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈ.ਟੀ., ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਪ੍ਰਗਤੀ ਨੇ ਸੱਚਮੁੱਚ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ ਕਿਉਂਕਿ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ ਦੀ ਸਮਰੱਥਾ ਨੂੰ ਪਛਾਣਿਆ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 4.7 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਪੰਜਾਬ ਉਦਯੋਗਿਕ ਵਿਕਾਸ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਉੱਭਰ ਰਹੇ ਕੇਂਦਰ ਵਜੋਂ ਸਥਾਪਿਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਕਈ ਵੱਕਾਰੀ ਆਲਮੀ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਨੈਸਲੇ, ਕਲਾਸ, ਫਰੂਡਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਹੋਰ ਸ਼ਾਮਲ ਹਨ, ਜੋ ਇੱਥੇ ਆਪਣਾ ਕੰਮਕਾਜ ਸਥਾਪਤ ਕਰਕੇ ਸੂਬੇ ਦੀ ਆਰਥਿਕ ਪ੍ਰਗਤੀ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਕੰਪਨੀਆਂ ਨੇ ਕਾਰੋਬਾਰ ਲਈ ਪੰਜਾਬ ਦੀ ਅਥਾਹ ਸਮਰੱਥਾ ਅਤੇ ਇਸ ਦੇ ਵਧਣ-ਫੁੱਲਣ ਲਈ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਸਾਜ਼ਗਾਰ ਮਾਹੌਲ ‘ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਤੋਂ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਬਾਰੇ ਸਪੱਸ਼ਟ ਪਤਾ ਚਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਸੱਚਮੁੱਚ ਨਾ ਸਿਰਫ਼ ਭਾਰਤੀ ਨਿਵੇਸ਼ਕਾਂ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਨਿਵੇਸ਼-ਪੱਖੀ ਮਾਹੌਲ ਸਿਰਜਿਆ ਹੈ, ਜੋ ਕਾਰੋਬਾਰ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਅੱਜ ਕਾਰੋਬਾਰ ਕਰਨ ‘ਚ ਆਸਾਨੀ ਵਾਲਾ ਮਾਹੌਲ ਤਿਆਰ ਕਰਨ ਵਿੱਚ ਸਿਖਰਲੇ ਸਥਾਨ 'ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਾਸਟਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਜੋ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ, ਜੋ ਸਿੰਗਲ ਐਂਟਰੀ ਅਤੇ ਐਗਜ਼ਿਟ ਦੇ ਨਾਲ 150 ਤੋਂ ਵੱਧ ਜੀਟੂਬੀ (ਸਰਕਾਰ ਤੋਂ ਕਾਰੋਬਾਰ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਫਲਾਈਨ ਅਰਜ਼ੀਆਂ ਦੇਣ ਦੀ ਸ਼ਰਤ ਨੂੰ ਖ਼ਤਮ ਕਰਕੇ ਅਤੇ ਤੁਰੰਤ ਪ੍ਰਵਾਨਗੀਆਂ ਨੂੰ ਯਕੀਨੀ ਬਣਾ ਰਹੀ ਹੈ ਅਤੇ ਨਾਲ ਹੀ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਰਾਹੀਂ ਸੂਬਾ ਸਰਕਾਰ 125 ਕਰੋੜ ਰੁਪਏ ਤੱਕ ਦੀਆਂ ਯੋਗ ਇਕਾਈਆਂ ਲਈ ਸਿਰਫ਼ ਪੰਜ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਕੁਝ ਵੱਡੇ ਰੈਗੂਲੇਟਰੀ ਸੁਧਾਰ ਪੇਸ਼ ਕਰਨ ਵਾਲਾ ਪਹਿਲਾ ਸੂਬਾ ਹੈ, ਜਿਸ ਵਿੱਚ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਡੀਮਡ ਅਪਰੂਵਲਜ਼, ਐਸਕੇਲੇਸ਼ਨ ਵਿਧੀਆਂ ਅਤੇ ਮੁੱਖ ਲਾਇਸੈਂਸਾਂ ਲਈ ਵਧੀ ਹੋਈ ਵੈਧਤਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਵਟਸਐਪ ਅਲਰਟ, ਏਆਈ ਚੈਟਬੋਟਸ ਅਤੇ ਕਾਲ ਸੈਂਟਰਾਂ ਰਾਹੀਂ ਨਿਵੇਸ਼ਕ ਸਹਾਇਤਾ ਰੀਅਲ ਟਾਈਮ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਡਿਜੀਟਲ ਸੀਆਰਓ ਰਿਪੋਰਟਾਂ, ਫਾਇਰ ਐਨਓਸੀ ਦੀ ਵਧੀ ਹੋਈ ਵੈਧਤਾ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀਆਂ ਕਾਰਜਾਂ ਨੂੰ ਹੋਰ ਸਰਲ ਬਣਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਦਯੋਗ ਦਰਮਿਆਨ ਭਾਈਵਾਲੀ ਸਫਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਨੂੰ ਪੂਰਾ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰੀਏ। ਉਨ੍ਹਾਂ ਕਿਹਾ ਕਿ ਇਹ ਸਿਧਾਂਤ 2022 ਵਿੱਚ ਪੇਸ਼ ਕੀਤੀ ਗਈ ਸਾਡੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਉਦਯੋਗਿਕ ਖੇਤਰ ਦੇ ਦਿੱਗਜਾਂ ਅਤੇ ਭਾਈਵਾਲਾਂ ਦੇ ਸਲਾਹ-ਮਸ਼ਵਰਾ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਉਦਯੋਗਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਪੂਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਖੇਤਰ ਦੇ ਹਿਸਾਬ ਨਾਲ ਨੀਤੀਆਂ ਤਿਆਰ ਕਰਨ ਲਈ ਉਦਯੋਗਿਕ ਖੇਤਰ ਦੇ ਦਿੱਗਜਾਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਗਈਆਂ ਹਨ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਦਯੋਗਾਂ ਅਤੇ ਕਾਰੋਬਾਰਾਂ ਨਾਲ ਬਰਾਬਰੀ, ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦੀ ਭਾਈਵਾਲੀ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਦੇ ਵਪਾਰਕ ਸਫ਼ਰ ਨੂੰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਦਯੋਗਪਤੀ ਸੂਬਾ ਸਰਕਾਰ ਨੂੰ ਵੱਧ ਤੋਂ ਵੱਧ ਸਮਰਥਨ ਦੇਣਗੇ, ਜਿਸ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਗਤੀ ਹੋਰ ਤੇਜ਼ ਹੋਵੇਗੀ।

ਮੁੱਖ ਮੰਤਰੀ ਨੇ ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ (ਆਈਈਐਸਏ) ਅਤੇ ਸੁਸਾਇਟੀ ਆਫ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸਆਈਡੀਐਮ) ਦੇ ਮੈਂਬਰਾਂ ਨੂੰ ਪੰਜਾਬ ਦੇ ਉੱਭਰ ਰਹੇ ਉਦਯੋਗਿਕ ਦ੍ਰਿਸ਼ ਅਤੇ ਇਲੈਕਟ੍ਰਾਨਿਕਸ, ਸੈਮੀਕੰਡਕਟਰ, ਏਅਰੋਸਪੇਸ ਅਤੇ ਡਿਫੈਂਸ ਮੈਨੂਫੈਕਚਰਿੰਗ ਸੈਕਟਰਾਂ ਵਿੱਚ ਉੱਭਰ ਰਹੇ ਮੌਕਿਆਂ 'ਤੇ ਕੇਂਦ੍ਰਿਤ ਸੀਐਕਸਓ ਮੰਚ ‘ਤੇ ਵਿਚਾਰ-ਚਰਚਾ ਲਈ ਸੱਦਾ ਦਿੱਤਾ। ਉਨ੍ਹਾਂ ਨੇ ਮੋਹਾਲੀ ਦੇ ਮਜ਼ਬੂਤ ਅਕਾਦਮਿਕ ਅਤੇ ਖੋਜ ਮਾਹੌਲ ਦਾ ਲਾਭ ਉਠਾਉਂਦਿਆਂ ਪੰਜਾਬ ਵਿੱਚ ਇੱਕ ਸੈਮੀਕੰਡਕਟਰ ਅਤੇ ਇਲੈਕਟ੍ਰਾਨਿਕਸ ਈਕੋ-ਸਿਸਟਮ ਸਿਰਜਣ ਲਈ ਸਹਿਯੋਗੀ ਯਤਨਾਂ ਦੀ ਵਕਾਲਤ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਆਪਣੀ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਅਨੁਕੂਲ ਬੁਨਿਆਦੀ ਢਾਂਚੇ ਦੀ ਉਪਲਬਧਤਾ ਨਾਲ ਪੈਸਿਵ ਕੰਪੋਨੈਂਟਸ ਅਤੇ ਡਿਜ਼ਾਈਨ-ਇੰਜੀਨੀਅਰਿੰਗ ਸਮਰੱਥਾਵਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰੀ ਰੱਖਿਆ ਨਿਰਮਾਣ ਵੈਲਿਊ ਚੇਨ ਵਿੱਚ ਪੰਜਾਬ ਦੀ ਭਾਗੀਦਾਰੀ ਨੂੰ ਵਧਾਉਣ 'ਤੇ ਜ਼ੋਰ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਮੌਜੂਦ ਸਨ। 

Advertisement