ਮਨਜੀਤ ਕੌਰ ਮਾਮਲੇ 'ਚ ਨਵਾਂ ਮੋੜ: ਹਸਪਤਾਲ ਦੇ ਬੈੱਡ 'ਤੇ ਪਈ ਮਨਜੀਤ ਦੀ ਗੁਹਾਰ
ਮੋਰਿੰਡਾ / ਚੰਡੀਗੜ੍ਹ: ਪੰਜਾਬ ਦੀ ਜਾਣੀ-ਪਛਾਣੀ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਨਾਲ ਵਾਪਰੀ ਦਰਦਨਾਕ ਘਟਨਾ ਦੇ ਮਾਮਲੇ ਵਿੱਚ ਪੀੜਤ ਵੱਲੋਂ ਹਸਪਤਾਲ ਦੇ ਬੈੱਡ ਤੋਂ ਦਿੱਤਾ ਗਿਆ ਇੱਕ ਬਿਆਨ ਸਾਹਮਣੇ ਆਇਆ ਹੈ। ਵੀਡੀਓ ਵਿੱਚ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰ-ਏ-ਇਲਾਜ ਮਨਜੀਤ ਕੌਰ ਨੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਆਪਣੇ ਨਾਲ ਹੋਈ ਧੱਕੇਸ਼ਾਹੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਕੀ ਹੈ ਪੂਰਾ ਮਾਮਲਾ?
ਪ੍ਰਾਪਤ ਜਾਣਕਾਰੀ ਅਨੁਸਾਰ, ਚੰਡੀਗੜ੍ਹ ਦੇ ਸੈਕਟਰ 34 ਤੋਂ ਮਨਜੀਤ ਕੌਰ ਨੂੰ ਅਗਵਾ ਕਰਨ ਤੋਂ ਬਾਅਦ ਮੋਰਿੰਡਾ ਨੇੜੇ ਲਿਜਾ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ PGIMER ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹ ਲੰਬਾ ਸਮਾਂ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਦੀ ਰਹੀ।
.png)
ਪੀੜਤ ਦਾ ਬਿਆਨ ਅਤੇ ਪਰਿਵਾਰ ਦੇ ਦੋਸ਼
ਵੀਡੀਓ ਵਿੱਚ ਮਨਜੀਤ ਕੌਰ ਨੇ ਭਾਰੀ ਮਨ ਨਾਲ ਦੱਸਿਆ ਕਿ ਉਸ ਨਾਲ ਦੋ ਵਿਅਕਤੀਆਂ ਵੱਲੋਂ ਜ਼ਿਆਦਤੀ ਕੀਤੀ ਗਈ ਹੈ। ਉਸ ਨੇ ਪੁਲਿਸ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ ਕਿ ਜਿਨ੍ਹਾਂ ਦੋਸ਼ੀਆਂ ਨੇ ਉਸ ਦੀ ਇਹ ਹਾਲਤ ਕੀਤੀ ਹੈ, ਉਨ੍ਹਾਂ ਨੂੰ ਬਖ਼ਸ਼ਿਆ ਨਾ ਜਾਵੇ ਅਤੇ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਦੂਜੇ ਪਾਸੇ, ਮਨਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਕਾਰਵਾਈ 'ਚ ਦੇਰੀ ਕਰਨ ਦੇ ਦੋਸ਼ ਲਗਾਏ ਹਨ। ਪੀੜਤ ਦੀ ਮਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਸਮੇਂ ਸਿਰ ਠੋਸ ਕਾਰਵਾਈ ਨਹੀਂ ਕੀਤੀ ਗਈ।
ਪੁਲਿਸ ਵੱਲੋਂ ਮਾਮਲਾ ਦਰਜ ਤੇ ਜਾਂਚ ਜਾਰੀ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਅਗਵਾ ਅਤੇ ਹੱਤਿਆ ਦੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਨਾਲ ਸਬੰਧਤ ਸੀਸੀਟੀਵੀ (CCTV) ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ।

