ਤਲਵੰਡੀ ਸਾਬੋ ਤੋਂ ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ' ਸਾਈਕਲ ਯਾਤਰਾ ਦਾ ਅਗਲਾ ਪੜਾਅ ਸ਼ੁਰੂ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਤਲਵੰਡੀ ਸਾਬੋ ਤੋਂ ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ' ਸਾਈਕਲ ਯਾਤਰਾ ਦਾ ਅਗਲਾ ਪੜਾਅ ਸ਼ੁਰੂ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ 'ਜਵਾਨੀ ਸੰਭਾਲੋ' ਸਾਈਕਲ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪ ਸਰਕਾਰ ਅਤੇ ਅਕਾਲੀ-ਭਾਜਪਾ 'ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ।

ਤਲਵੰਡੀ ਸਾਬੋ (ਬਠਿੰਡਾ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ 'ਜਵਾਨੀ ਸੰਭਾਲੋ' ਸਾਈਕਲ ਯਾਤਰਾ ਮੰਗਲਵਾਰ ਨੂੰ ਸਿੱਖ ਧਰਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਕੀਤੀ ਗਈ।

ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਅਤੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਤਲਵੰਡੀ ਸਾਬੋ ਹਲਕੇ ਦੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੇ ਪਿੰਡ ਵਿਖੇ ਸਾਬਕਾ ਸਰਪੰਚ ਮੇਜਰ ਸਿੰਘ ਦੇ ਘਰ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇੱਥੇ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਨ ਉਪਰੰਤ ਇਹ ਯਾਤਰਾ ਅਗਲੇ ਪੜਾਅ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਦਾਖ਼ਲ ਹੋ ਗਈ।

ਸੱਤਾਧਾਰੀ ਆਪ ਸਰਕਾਰ ਅਤੇ ਅਕਾਲੀ-ਭਾਜਪਾ 'ਤੇ ਤਿੱਖੇ ਸਿਆਸੀ ਹਮਲੇ ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਦਿਆਂ ਤਿੱਖੇ ਸਿਆਸੀ ਹਮਲੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (SAD) ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਦਾ ਗਠਜੋੜ ਕਦੇ ਟੁੱਟਿਆ ਹੀ ਨਹੀਂ ਸੀ। ਚੰਨੀ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਕਾਲੇ ਕਾਨੂੰਨ ਲਿਆਂਦੇ ਗਏ ਸਨ, ਉਸ ਸਮੇਂ ਦੋਵਾਂ ਪਾਰਟੀਆਂ ਨੇ ਸਿਰਫ਼ ਦਿਖਾਵੇ ਲਈ ਖ਼ੁਦ ਨੂੰ ਵੱਖ ਕੀਤਾ ਸੀ, ਜਦਕਿ ਅਸਲੀਅਤ ਵਿੱਚ ਦੋਵੇਂ ਹਮੇਸ਼ਾ ਇੱਕ-ਦੂਜੇ ਦੇ ਨਾਲ ਰਹੇ ਹਨ।

ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਸ਼ੁਰੂ ਕਰਨ ਦਾ ਐਲਾਨ ਚੰਨੀ ਨੇ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਕਿਸਾਨਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਮਾਲਵਾ ਖੇਤਰ ਵਿੱਚ ਨਰਮੇ ਦੀ ਫ਼ਸਲ ਬਰਬਾਦ ਹੋਣ 'ਤੇ ਕਿਸਾਨਾਂ ਨੂੰ ਦਿੱਤੇ ਗਏ ਮੁਆਵਜ਼ੇ ਦੀ ਗੱਲ ਯਾਦ ਦਿਵਾਈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 2027 ਵਿੱਚ ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਬਣਦੀ ਹੈ, ਤਾਂ ਕਿਸਾਨਾਂ ਲਈ 'ਫ਼ਸਲ ਬੀਮਾ ਯੋਜਨਾ' ਸ਼ੁਰੂ ਕੀਤੀ ਜਾਵੇਗੀ, ਤਾਂ ਜੋ ਕੁਦਰਤੀ ਆਫ਼ਤਾਂ ਅਤੇ ਫ਼ਸਲ ਖ਼ਰਾਬ ਹੋਣ ਦੀ ਸਥਿਤੀ ਵਿੱਚ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।

ਮਰਹੂਮ ਖੁਸ਼ਬਾਜ਼ ਸਿੰਘ ਜਟਾਣਾ ਦੇ ਪਰਿਵਾਰ ਵੱਲੋਂ ਟਿਕਟ ਦੀ ਮੰਗ ਇਸ ਮੌਕੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਮਰਹੂਮ ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੇ ਪਰਿਵਾਰ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਖੁਸ਼ਬਾਜ਼ ਸਿੰਘ ਜਟਾਣਾ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਪਾਰਟੀ ਲੀਡਰਸ਼ਿਪ ਅੱਗੇ ਮੰਗ ਰੱਖੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਤਲਵੰਡੀ ਸਾਬੋ ਹਲਕੇ ਦੀ ਟਿਕਟ ਖੁਸ਼ਬਾਜ਼ ਸਿੰਘ ਜਟਾਣਾ ਦੇ ਪਰਿਵਾਰ ਨੂੰ ਹੀ ਦਿੱਤੀ ਜਾਵੇ।

ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਅਤੇ ਕਾਂਗਰਸੀ ਵਰਕਰਾਂ ਨੇ ਪਹੁੰਚ ਕੇ ਚਰਨਜੀਤ ਸਿੰਘ ਚੰਨੀ ਅਤੇ ਸਮੁੱਚੀ ਲੀਡਰਸ਼ਿਪ ਦਾ ਜ਼ੋਰਦਾਰ ਸਵਾਗਤ ਕੀਤਾ।

Related Posts