12 ਅਗਸਤ ਨੂੰ ਦੁਸਹਿਰਾ ਗਰਾਊਂਡ ‘ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’: ਵਿਧਾਇਕ ਜ਼ਿੰਪਾ

12 ਅਗਸਤ ਨੂੰ ਦੁਸਹਿਰਾ ਗਰਾਊਂਡ ‘ਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’: ਵਿਧਾਇਕ ਜ਼ਿੰਪਾ

ਹੁਸ਼ਿਆਰਪੁਰ, 8 ਅਗਸਤ: ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ 12 ਅਗਸਤ ਨੂੰ ਦੁਸਹਿਰਾ ਗਰਾਊਂਡ, ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਦੇਸ਼ ਦੇ ਮਸ਼ਹੂਰ ਗਾਇਕ ਕੈਲਾਸ਼ ਖੇਰ ਭਗਵਾਨ ਸ਼ਿਵ ਪ੍ਰਤੀ ਸ਼ਰਧਾ ਨਾਲ ਭਰਪੂਰ ਆਪਣੀ ਵਿਸ਼ੇਸ਼ ਪੇਸ਼ਕਾਰੀ ਦੇਣਗੇ।
      ਵਿਧਾਇਕ ਜਿੰਪਾ ਅਤੇ ਦੀਪਕ ਬਾਲੀ ਨੇ ਦੱਸਿਆ ਕਿ ਇਸ ਵਿਸ਼ਾਲ ਧਾਰਮਿਕ ਸਮਾਗਮ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਹੁਸ਼ਿਆਰਪੁਰ ਸਮੇਤ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਵੱਲੋਂ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ।
     ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵ੍ਰਿੰਦਾਵਨ, ਮਥੁਰਾ, ਹਰਿਦੁਆਰ, ਸ੍ਰੀ ਸਾਲਾਸਰ ਬਾਲਾਜੀ ਅਤੇ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਲਈ ਬੱਸਾਂ ਨੂੰ ਹਰੀ ਝੰਡੀ ਵੀ ਦਿਖਾਉਣਗੇ, ਜਿਸ ਨਾਲ ਸ਼ਰਧਾਲੂ ਮੁਫ਼ਤ ਤੀਰਥ ਯਾਤਰਾ ਕਰ ਸਕਣਗੇ।
   ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਗਮ ਦੀਆਂ ਵਿਵਸਥਾਵਾਂ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
  ਉਨ੍ਹਾਂ ਕਿਹਾ ਕਿ ਇਹ ਆਯੋਜਨ ਸਿਰਫ਼ ਇੱਕ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਆਸਥਾ, ਸੱਭਿਆਚਾਰ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ। ਅਜਿਹੇ ਸਮਾਗਮ ਸਮਾਜ ਵਿੱਚ ਭਾਈਚਾਰੇ, ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
   ਸਨਾਤਨ ਸੇਵਾ ਕਮੇਟੀ ਦੇ ਕੌਮੀ ਪ੍ਰਧਾਨ ਵਿਜੈ ਸ਼ਰਮਾ ਨੇ ਕਿਹਾ ਕਿ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਪੰਜਾਬ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ।
    ਉਨ੍ਹਾਂ ਕਿਹਾ ਕਿ ਇਹ ਆਯੋਜਨ ਕਿਸੇ ਇੱਕ ਸੰਸਥਾ ਤੱਕ ਸੀਮਤ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਜਨਸਹਿਯੋਗ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਗਠਨ ਸਮਾਗਮ ਨੂੰ ਸਫਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ।
     ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।