ਗੈਂਗਸਟਰਾਂ ‘ਤੇ ਵਾਰ ਦਾ 195ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 400 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 195ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 400 ਕਾਬੂ

ਚੰਡੀਗੜ੍ਹ, 3 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 613 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

195ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 400 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 55,939 ਹੋ ਗਈਆਂ।

ਇਸ ਤੋਂ ਇਲਾਵਾ 220 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 520ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.2 ਕਿਲੋ ਹੈਰੋਇਨ, 80 ਕਿਲੋ ਭੁੱਕੀ, 704 ਨਸ਼ੀਲੀਆਂ ਗੋਲੀਆਂ ਅਤੇ 2800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 520 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,303 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।