ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 25 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 269ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 309 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 75 ਐਫ. ਆਈ.ਆਰਜ਼. ਦਰਜ ਕੀਤੀਆਂ ਗਈਆਂ। ਇਸ ਨਾਲ 269 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,010 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਗਾਂਜਾ, 585 ਨਸ਼ੀਲੀਆਂ ਗੋਲੀਆਂ ਅਤੇ 5.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 309 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 326 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।
ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ - ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਉਣ ' ਦੇ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ।


