ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ

ਤਰਨ ਤਾਰਨ, 2 ਦਸੰਬਰ (        )- ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਅਤੇ ਕੈਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਿੱਖਿਆ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਲਗਾਤਾਰ ਜਾਣੂ ਕਰਵਾਉਂਦੇ ਰਹਿਣ। ਉਨ੍ਹਾਂ ਕਿਹਾ ਕਿ ਕਿਸ਼ੋਰ ਬੱਚਿਆਂ ਨੂੰ ਗਾਈਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਹੋਰ ਖੇਤਰਾਂ ਖੇਡਾਂ, ਕਲਾ ਆਦਿ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖਸ਼ੀਅਤ ਦਾ ਸਰਬਪੱਖੀ ਵਿਕਾਸ ਉਨ੍ਹਾਂ ਨੂੰ ਭਵਿੱਖ ਵਿੱਚ ਕਾਮਯਾਬ ਬਣਾਉਂਦਾ ਹੈ।

ਇਸ ਮੌਕੇ ਹੈਡਮਾਸਟਰ ਅਤੇ ਨੋਡਲ ਅਫ਼ਸਰ ਏ ਈ ਪੀ ਸ੍ਰ. ਗੁਰਚਰਨ ਸਿੰਘ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਸਮੂਹ ਸਟਾਫ ਹਾਜ਼ਰ ਸੀ।