ਵਿਧਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
By NIRPAKH POST
On
ਫ਼ਿਰੋਜ਼ਪੁਰ, 23 ਸਤੰਬਰ:
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੁਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬੱਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਵਾਢੀ ਕਰਨ, ਤਾਂ ਜੋ ਨਿਰਧਾਰਿਤ 17 ਫ਼ੀਸਦੀ ਤੋਂ ਵੱਧ ਨਮੀ ਦੀ ਮਾਤਰਾ ਨਾ ਹੋਵੇ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ, ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂਹੰਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਨਾ ਹੋਵੇ।
ਇਸ ਮੌਕੇ ਜਿਤਿਨ ਵਰਮਾ ਡੀ.ਐਫ਼.ਐਸ.ਸੀ., ਜਸਮੀਤ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ, ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ, ਬਿਕਰਮਜੀਤ ਸਿੰਘ ਸਕੱਤਰ ਮਾਰਕਿਟ ਕਮੇਟੀ, ਤਿਲਕ ਰਾਜ ਪ੍ਰਧਾਨ (ਆੜ੍ਹਤੀਆ ਐਸੋਸੀਏਸ਼ਨ) ਤੋਂ ਇਲਾਵਾ ਮਾਰਕੀਟ ਕਮੇਟੀ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।


