ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਚੰਡੀਗੜ੍ਹ 07 ਮਈ:

22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6—7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ ਨੂੰ ਇੱਕ ਸਫਲ ਹਵਾਈ ਹਮਲੇ ਰਾਹੀਂ ਨੇਸਤੇ— ਨਾਬੂਤ ਕਰ ਦਿੱਤਾ।

ਇਸ ਦਾ ਮੋੜਵਾਂ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਭਾਰਤੀ ਫੌਜ ਦੀ ਇਸ ਦਲੇਰਾਨਾ ਕਾਰਵਾਈ ਤੇ ਪੂਰਾ ਦੇਸ਼ ਫਖ਼ਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਫੌਜ ਨੇ ਜਿਸ ਸਿਆਣਪ, ਸਟੀਕ ਰਣਨੀਤੀ ਅਤੇ ਹਿੰਮਤ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ, ਉਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਪੂਰਾ ਦੇਸ਼ ਫੌਜ ਦੇ ਨਾਲ ਦ੍ਰਿੜਤਾ ਨਾਲ ਖੜ੍ਹਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਅੱਗੇ ਕਿਹਾ ਕਿ ਸਾਡਾ ਸੂਬਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਇਸ ਲਈ ਸਾਨੂੰ ਵਧੇਰੇ ਸੁਚੇਤ ਅਤੇ ਜਾਗਰੂਕ ਰਹਿਣ ਦੀ ਲੋੜ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਡਰਿਆ ਹੋਇਆ ਦੁਸ਼ਮਣ ਦੇਸ਼ ਕਿਸੇ ਵੀ ਤਰ੍ਹਾਂ ਦੀ ਨਾਪਾਕ ਸਾਜਿ਼ਸ਼ ਰਚ ਸਕਦਾ ਹੈ । ਸਾਨੂੰ ਅਜਿਹੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਪਵੇਗਾ। ਉਹਨਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Tags: