ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਈ ਗਈ ਮਾਪੇ ਅਧਿਆਪਕ ਮਿਲਣੀ
ਤਰਨ ਤਾਰਨ, 17 ਅਕਤੂਬਰ ( ) - ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਪੂਰੇ ਉਤਸ਼ਾਹ ਅਤੇ ਸਫ਼ਲਤਾ ਨਾਲ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ, ਸਿਹਤ ਅਤੇ ਬਿਹਤਰ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ), ਸ੍ਰ ਸਤਿਨਾਮ ਸਿੰਘ ਬਾਠ, ਨੇ ਸ਼ਹੀਦ ਚੈਂਚਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਹੁਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਵਲਟੋਹਾ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਦੀ ਤਰੱਕੀ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਘਰ ਵਿੱਚ ਪੜ੍ਹਾਈ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਨ ਅਤੇ ਸਮੇਂ-ਸਮੇਂ 'ਤੇ ਸਕੂਲ ਨਾਲ ਸੰਪਰਕ ਬਣਾਈ ਰੱਖਣ।
ਇਸ ਦੌਰਾਨ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰਾਂ ਵੱਲੋਂ ਵੀ ਆਪਣੇ-ਆਪਣੇ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਮਾਪੇ-ਅਧਿਆਪਕ ਮਿਲਣੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਮਾਪੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਜਾਣਨ ਲਈ ਪੂਰੇ ਉਤਸ਼ਾਹ ਨਾਲ ਸਕੂਲ ਪਹੁੰਚੇ।
ਸਕੂਲ ਮੁਖੀਆਂ ਨੇ ਦੱਸਿਆ ਕਿ ਮਾਪਿਆਂ ਨੇ ਆਪਣੇ ਬੱਚਿਆਂ ਦੇ ਸਿਲੇਬਸ, ਸਕੂਲ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮਿਲਣੀ ਦੌਰਾਨ, ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਕਮਜ਼ੋਰੀਆਂ ਅਤੇ ਉਨ੍ਹਾਂ ਨੂੰ ਦੂਰ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਸਮੁੱਚੇ ਉਪਰਾਲੇ ਨੂੰ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਦਿਸ਼ਾ ਵਿੱਚ ਇੱਕ ਸਫ਼ਲ ਕਦਮ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਤਰਸੇਮ ਸਿੰਘ, ਸੁਖਬੀਰ ਸਿੰਘ, ਪ੍ਰਿੰਸੀਪਲ ਡਿੰਪਲ ਅਗਰਵਾਲ ਅਤੇ ਇੰਚਾਰਜ ਅਮਨਦੀਪ ਕੌਰ ਹਾਜਰ ਸਨ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮਟਰੀ ਨੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਵਲਟੋਹਾ ਸ੍ਰੀ ਪਾਰਸ ਖੁੱਲਰ ਨਾਲ ਮਿਲ ਕੇ ਵਲਟੋਹਾ ਦੇ ਸਰਕਾਰੀ ਕੰਨਿਆਂ ਹੋਸਟਲਾਂ ਦਾ ਦੌਰਾ ਵੀ ਕੀਤਾ ਗਿਆ।