ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ

ਮਾਨਸਾ, 28 ਜਨਵਰੀ
ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਕੀਤੀ। ਉਨ੍ਹਾਂ ਇਸ ਮੌਕੇ ਦਾਖਲਾ ਮੁਹਿੰਮ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
   ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ। ਓਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਧੀਆ ਯੋਗ ਅਧਿਆਪਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਹੁਣ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਦੀ ਸਹੂਲਤ ਪੱਖੋਂ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਦਾਖ਼ਲਾ ਜਾਗਰੂਕਤਾ ਮੁਹਿੰਮ ਮਾਪਿਆਂ ਦਾ ਭਰੋਸਾ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ ਨਾਲ ਜੋੜਨਾ ਪ੍ਰਸ਼ਾਸਨ ਦੀ ਵਚਨਬੱਧਤਾ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ 30 ਜਨਵਰੀ ਤੱਕ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਸਹੂਲਤਾਂ ਬਾਰੇ ਜਾਣੂੰ ਕਰਾਵੇਗੀ ਅਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਲਈ ਉਤਸ਼ਾਹਿਤ ਕਰੇਗੀ ਤਾਂ ਜੋ ਹਰ ਬੱਚੇ ਨੂੰ ਸਸਤੀ ਤੇ ਵਧੀਆ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਨੀਲਮ ਰਾਣੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਲਗਾਤਾਰ ਉੱਚਾ ਕੀਤਾ ਜਾ ਰਿਹਾ ਹੈ ਅਤੇ ਅੱਜ ਇਹ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਤੋਂ ਉੱਪਰ ਹਨ। ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਸਮੁੱਚਾ ਪ੍ਰਬੰਧ ਵੀ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ।
ਉਨ੍ਹਾਂ ਕਿਹਾ ਕਿ ਇਹ ਦਾਖ਼ਲਾ ਜਾਗਰੂਕਤਾ ਵੈਨ ਪਹਿਲੇ ਦਿਨ ਖਿਆਲਾ ਕਲਾਂ, ਕੋਟੜਾ ਕਲਾਂ, ਸਮਾਉਂ, ਭੀਖੀ, ਕਿਸ਼ਨਗੜ੍ਹ ਫਰਵਾਹੀ, ਦਲੇਲ ਸਿੰਘ ਵਾਲਾ, ਬੱਪੀਆਣਾ, ਲੱਲੂਆਣਾ, ਸਕੂਲ ਆਫ ਐਮੀਨੈਂਸ, ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ, ਪਿੰਡ ਗਾਂਧੀ ਨਗਰ ਮਾਨਸਾ ਅਤੇ ਬੱਸ ਅੱਡਾ ਮਾਨਸਾ ਸਮੇਤ ਹੋਰ ਇਲਾਕਿਆਂ ਵਿੱਚ ਜਾਵੇਗੀ।
ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਸਿੱਖਿਆ) ਸ੍ਰੀਮਤੀ ਮੰਜੂ ਬਾਲਾ ਨੇ ਕਿਹਾ ਕਿ ਬੱਚਿਆਂ ਲਈ ਮੁਫ਼ਤ ਪਾਠ-ਪੁਸਤਕਾਂ, ਵਰਦੀਆਂ, ਮਿਡ-ਡੇਅ ਮੀਲ  ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਮੁਹਿੰਮ ਦਾ ਮੁੱਖ ਉਦੇਸ਼ ਹਰ ਬੱਚੇ ਨੂੰ ਸਕੂਲ ਨਾਲ ਜੋੜਨਾ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਭੋਗਲ ਨੇ ਕਿਹਾ ਕਿ ਦਾਖ਼ਲਾ ਜਾਗਰੂਕਤਾ ਵੈਨ ਰਾਹੀਂ ਘਰ-ਘਰ ਤੱਕ ਪਹੁੰਚ ਬਣਾਈ ਜਾਵੇਗੀ। ਇਸ ਮੁਹਿੰਮ ਨਾਲ ਜ਼ਿਲ੍ਹੇ ਵਿੱਚ ਨਵੇਂ ਦਾਖ਼ਲਿਆਂ ਵਿੱਚ ਯਕੀਨੀ ਵਾਧਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਜ਼ਰੂਰ ਕਰਵਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ, ਡਾਇਟ ਪ੍ਰਿੰਸੀਪਲ ਬੂਟਾ ਸਿੰਘ ਸੇਖੋਂ ਸਹਾਇਕ ਡਾਇਰੈਕਟਰ ਐਸ ਸੀ ਆਰ ਟੀ, ਸੱਤਪਾਲ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਅਮ੍ਰਿਤਪਾਲ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਆਦਿ ਹਾਜ਼ਰ ਸਨ।
 
 

Latest

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ
ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ