1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


