ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
ਜਲੰਧਰ, 30 ਅਪ੍ਰੈਲ :
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ ਅਤੇ ਇਨਾਂ ਵਿਚੋਂ ਕਈ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਾਰਵਾਈ ਕਰਦਿਆਂ ਅਸ਼ੋਕ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਨਸ਼ਾ ਤਸਕਰ ਨਿਸ਼ਾ ਖਾਨ ਉਰਫ਼ ਨਿਸ਼ਾ ਚੌਧਰੀ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ ਹੈ। ਨਿਸ਼ਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 6 ਐਫ.ਆਰ.ਆਈ.ਦਰਜ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਕਰਵਾਈਆਂ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸੀ.ਪੀ ਨੌਰਥ ਆਤਿਸ਼ ਭਾਟੀਆ ਦੀ ਅਗਵਾਈ ਵਿੱਚ ਕੀਤੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਹ ਕਾਰਵਾਈਆਂ ਨਸ਼ਾ ਤਸਕਰਾਂ ਲਈ ਇਕ ਚਿਤਾਵਨੀ ਹੈ ਕਿ ਨਸ਼ਿਆਂ ਵਰਗੇ ਮਾੜੇ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਕਾਨੂੰਨ ਨੂੰ ਲਾਗੂ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਨੂੰ ਨਸ਼ੀਲੇ ਪਦਾਰਥਾਂ ਦੀ ਗ੍ਰਿਫ਼ਤ ਵਿਚੋਂ ਬਾਹਰ ਕੱਢਣ ਲਈ ਵੀ ਕੰਮ ਕਰ ਰਹੀ ਹੈ।
ਉਨ੍ਹਾਂ ਦੁਹਰਾਇਆ ਕਿ ਕਮਿਸ਼ਨਰੇਟ ਪੁਲਿਸ ਨਸ਼ੇ ਦੇ ਸਮੁੱਚੇ ਨੈਟਵਰਕ ਦੀਆਂ ਜੜ੍ਹਾਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕੋਈ ਵੀ ਕਾਰਵਾਈ ਧਿਆਨ ਵਿੱਚ ਆਉਂਦੀ ਹੈ ਤਾਂ ਪੰਜਾਬ ਸਰਕਾਰ ਦੇ ਵੱਟਸਐਪ ਨੰਬਰ 9779-100-200 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦੁਆਇਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਗਈ ਕਾਰਵਾਈ ਦਾ ਸਵਾਗਤ ਕੀਤਾ ਗਿਆ।
ਅਸ਼ੋਕ ਵਿਹਾਰ ਤੋਂ ਸੁਰਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਸ ਸੰਜੀਦਾ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਨੂੰ ਇਕ ਸਖ਼ਤ ਸੁਨੇਹਾ ਜਾਵੇਗਾ ਅਤੇ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸਵਾਸ਼ ਵੀ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿੱਚ ਪੰਜਾਬ ਦੇ ਲੋਕ ਸਰਕਾਰ ਨਾਲ ਖੜ੍ਹੇ ਹਨ।