ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ
ਚੰਡੀਗੜ੍ਹ, 26 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਨ੍ਹਾ ਨੂੰ ਪੰਜਾਬ ਵਿੱਚ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ।
ਪੰਜਾਬ ਦੇ ਇਹਨਾਂ ਦੋਵੇਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਧਾਰਮਿਕ ਅਜ਼ਾਦੀ ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ।
ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ ਹਨ । ਉਨ੍ਹਾ ਕਿਹਾ ਕਿ ਇਸ ਸੁਰੂਆਤ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦੋਂ ਕਿ ਗੁਰੂ ਸਾਹਿਬ ਦੇ ਚਰਨ ਛੋਹ 130 ਪਵਿੱਤਰ ਅਸਥਾਨਾਂ 'ਤੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਕੈਬਨਿਟ ਮੰਤਰੀਆਂ ਨੇ ਅੱਗੇ ਦੱਸਿਆ ਕਿ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਪੰਜਾਬ) ਤੋਂ ਸ਼ੁਰੂ ਹੋ ਕੇ ਚਾਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅਤੇ ਇੱਕ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ "ਚੱਕ ਨਾਨਕੀ" ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।
ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਦੇ ਧਾਰਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ,ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਮੰਤਰੀਆਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਜੀ ਦੇ ਅਮਨ ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਅਤੇ
ਸਿੱਖਿਆਵਾਂ ਦੇ ਪਸਾਰ ਦਾ ਯਤਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਚੱਲ ਰਹੇ ਸਮਾਗਮ ਜਿਥੇ ਸ਼ਰਧਾਲੂਆਂ ਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੁਆਰਾ ਦਰਸਾਏ ਗਏ ਮਨੁੱਖਤਾ ਅਤੇ ਸਦਭਾਵਨਾ ਦੇ ਮੁੱਲਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੇ।





