ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਦਸੰਬਰ:

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ 'ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ, ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਵਿੱਚ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2,920 ਕਰੋੜ ਰੁਪਏ ਦੀ ਲਾਗਤ ਨਾਲ 7,767 ਕਿਲੋਮੀਟਰ ਲਿੰਕ ਸੜਕਾਂ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਪਲਾਨ ਰੋਡਜ਼ (ਸੜਕਾਂ) ਲਈ 2,363 ਕਰੋੜ ਰੁਪਏ ਦੀ ਲਾਗਤ ਨਾਲ 2,834 ਕਿਲੋਮੀਟਰ ਸੜਕ ਦੇ ਨਵੀਨੀਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਪਲਾਨ ਸੜਕਾਂ ਅਤੇ ਲਿੰਕ ਸੜਕਾਂ ਲਈ ਬੋਲੀਆਂ ਪਹਿਲਾਂ ਹੀ ਮੰਗੀਆਂ ਜਾ ਚੁੱਕੀਆਂ ਹਨ ਅਤੇ ਇਸ ਸਬੰਧੀ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੁਣਵੱਤਾ ਵਾਲੀਆਂ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਕੰਮਾਂ 'ਤੇ ਸਖ਼ਤ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੜਕ ਨਿਰਮਾਣ ਵਾਲੀਆਂ ਸਾਈਟਾਂ ਦੀ ਅਚਨਚੇਤ ਜਾਂਚ ਵੀ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਦੀ ਗਤੀ ਵਿੱਚ ਤੇਜੀ ਲਿਆਉਮ ਲਈ ਵੀ ਕਿਹਾ ਤਾਂ ਜੋ ਬਿਟੂਮਿਨਸ ਪਰਤ ਨੂੰ ਛੱਡ ਕੇ ਸਾਰੇ ਕੰਮ ਸਮੇਂ ਸਿਰ ਪੂਰੇ ਹੋ ਸਕਣ।

ਧੁੰਦ ਵਾਲੇ ਮੌਸਮ ਦੇ ਮੱਦੇਨਜ਼ਰ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਸਾਈਟ 'ਤੇ ਸੜਕ ਸੁਰੱਖਿਆ ਦੇ ਕੰਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਸੁਰੱਖਿਅਤ ਢੰਗ ਨਾਲ ਪੂਰਾ ਕਰਨ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਮੀਖਿਆ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਅਰਸ਼ਦੀਪ ਸਿੰਘ ਅਤੇ ਵਿਭਾਗ ਦੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਸਨ।