ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 16 ਅਕਤੂਬਰ :
    ਖੇਤੀਬਾੜੀ ਉਤਪਾਦਕਤਾ ਵਧਾਉਣ ਅਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਖੇਤੀਬਾੜੀ ਵਿਭਾਗ ਵੱਲੋਂ ਨਿਰਦੇਸ਼ਕ ਖੇਤੀਬਾੜੀ ਅਤੇ ਵਿਕਾਸ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘਪਾਬਲਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇਤਾ ਅਤੇ ਉਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸਾਨਾਂ ਨੂੰ ਵਿਭਾਗਾਂ ਨਾਲ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਹਾਜ਼ਰ ਵਿਭਾਗਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਦੁਆਰਾ ਲਗਾਏ ਗਏ ਸਟਾਲਾਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ, ਜਿਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਕੇ ਜ਼ਿਲ੍ਹੇ ਨੂੰ ਪੰਜਾਬ ਰਾਜ ਦਾ ਇੱਕ ਆਦਰਸ਼ ਜ਼ਿਲ੍ਹਾ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਨੂੰ ਪੂਰੀ ਤਰ੍ਹਾਂ ਸੁੱਕਣ ਤੋਂ ਬਾਅਦ ਹੀ ਮੰਡੀਆਂ ਵਿੱਚ ਲਿਆਉਣ। ਇਸ ਮੌਕੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਅਧਿਕਾਰੀਆਂ ਲਈ ਇੱਕ ਪਾਕੇਟ ਬੁੱਕਲੈਟ ਵੀ ਜਾਰੀ ਕੀਤੀ ਗਈ।
ਵਿਸ਼ੇਸ਼ ਮੁੱਖ ਮਹਿਮਾਨ ਇੰਜੀਨੀਅਰ ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀਨੀਅਰਿੰਗ), ਪੰਜਾਬ ਨੇ ਵਿਭਾਗ ਦੀਆਂ ਗਤੀਵਿਧੀਆਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬੱਧ ਖੇਤੀਬਾੜੀ ਸੰਦਾਂ ਦੀ ਪੂਰੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਵਿਗਿਆਨਕ ਤਰੀਕੇ ਅਪਣਾਉਣ ਦੀ ਸਲਾਹ ਦਿੱਤੀ।
ਮੁੱਖ ਖੇਤੀਬਾੜੀ ਅਫ਼ਸਰ ਡਾ. ਦਵਿੰਦਰ ਸਿੰਘ ਸੰਧੂ ਨੇ ਕਿਸਾਨਾਂ ਨੂੰ ਆਪਣੀ ਮਿੱਟੀ ਦੀ ਜਾਂਚ ਕਰਨ ਅਤੇ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਪਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਵਿਭਾਗ ਕਿਸਾਨਾਂ ਨੂੰ ਮਿਆਰੀ ਬੀਜ, ਖਾਦ ਅਤੇ ਰਸਾਇਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 20 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੈਂਸ ਅਤੇ ਉਨ੍ਹਾਂ ਦੀ ਟੀਮ ਨੇ ਕਿਸਾਨਾਂ ਨੂੰ ਸਬਜ਼ੀਆਂ ਦੇ ਉਤਪਾਦਨ, ਸੁਧਰੇ ਹੋਏ ਬੀਜਾਂ, ਫਸਲ ਪ੍ਰਬੰਧਨ ਅਤੇ ਖੇਤੀ ਜੰਗਲਾਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ ਦੁਆਰਾ ਲਗਾਏ ਗਏ ਸਟਾਲਾਂ ਨੇ ਵੀ ਕਿਸਾਨਾਂ ਦਾ ਧਿਆਨ ਖਿੱਚਿਆ। ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।