ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ
ਚੰਡੀਗੜ੍ਹ, 16 ਸਤੰਬਰ:
ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ 'ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ ਹੈ।
ਉੱਚ-ਮੁੱਲ ਵਾਲੇ 5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਉਪਰੰਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ 'ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ। ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਦੋਸ਼ੀਆਂ ਨੂੰ ਫੜਨ ਅਤੇ ਚੋਰੀ ਹੋਏ ਉਪਕਰਣਾਂ ਦੀ ਬਰਾਮਦਗੀ ਲਈ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਨੇੜਿਓਂ ਤਾਲਮੇਲ ਕੀਤਾ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸਆਈਟੀ ਦੇ ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਖਾਸ ਤੌਰ 'ਤੇ ਉੱਚ-ਮੁੱਲ ਵਾਲੇ ਜੀਯੂਸੀ-1 ਕਾਰਡਾਂ (ਬੇਸ ਬੈਂਡ ਯੂਨਿਟਾਂ) ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜੋ ਕਿ 4ਜੀ ਅਤੇ 5ਜੀ ਸਿਗਨਲਾਂ ਦੇ ਸੰਚਾਰ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਚੋਰੀ ਦੀ ਪੂਰੀ ਕਾਰਵਾਈ ਦੋ ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਜਾਂਦੇ ਸਨ।
ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਇਨ੍ਹਾਂ ਚੋਰੀਆਂ ਵਿੱਚ ਸ਼ਾਮਲ ਨੈੱਟਵਰਕਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਡੀਆਈਜੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਆਈਟੀ ਕਿਸੇ ਵੀ ਸੰਭਾਵੀ ਅੰਦਰੂਨੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਮਾਮਲੇ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ।
ਪੰਜਾਬ ਪੁਲਿਸ ਨੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਸਮਰਪਿਤ ਕਰੈਕ ਟੀਮਾਂ ਬਣਾਈਆਂ ਗਈਆਂ ਹਨ, ਜਿਸ ਨਾਲ ਜਾਂਚ ਅੱਗੇ ਵਧਣ ਦੇ ਨਾਲ-ਨਾਲ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।