ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ
ਚੰਡੀਗੜ੍ਹ 20 ਨਵੰਬਰ :
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।
ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ । ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ । ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ ਸ਼ੁਕਰਗੁਜ਼ਾਰ ਰਹਿਣਗੇ। ਉਹ ਆਪਣੇ ਹਲਕੇ ਦੇ ਲੋਕਾਂ ਨੂੰ ਨਿਰਾਸ਼ ਨਹੀਂ ਹੋਣ ਦੇਣਗੇ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।


