ਕੇਂਦਰੀ ਬਜਟ 'ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

ਕੇਂਦਰੀ ਬਜਟ 'ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

ਚੰਡੀਗੜ੍ਹ, 1 ਫਰਵਰੀ 2026 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇੱਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ।

ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ।

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਕੇਂਦਰ ਨੇ ਐਮਐਸਪੀ  ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼ਰਅੰਦਾਜ਼: ਵਿੱਤ ਮੰਤਰੀ

 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ ਨੇ ਇਸ਼ਾਰਾ ਕੀਤਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰਦਾ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਨੂੰ ਲਗਾਤਾਰ ਅਣਗੌਲਾ ਕਰ ਰਹੀ ਹੈ ਜੋ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ। ਵਿੱਤ ਮੰਤਰੀ ਨੇ ਵੱਧ ਕੀਮਤ ਵਾਲੀਆਂ ਫ਼ਸਲਾਂ  ਨੂੰ ਉਤਸ਼ਾਹਿਤ ਕਰਨ ਲਈ ਅਪਣਾਏ ਗਏ ਚੋਣਵੇਂ ਪਹੁੰਚ ਦੀ ਵੀ ਆਲੋਚਨਾ ਕੀਤੀ। ਜਦੋਂ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫਰੂਟਸ ਵਰਗੀਆਂ ਫ਼ਸਲਾਂ ਦਾ ਜ਼ਿਕਰ ਹੈ, ਪਰ ਉੱਤਰੀ ਭਾਰਤ ਦੇ ਕਿਸਾਨਾਂ ਲਈ ਕੁਝ ਵੀ ਨਹੀਂ ਹੈ ਜੋ ਆਪਣੀਆਂ ਖੇਤੀਬਾੜੀ-ਜਲਵਾਯੂ ਹਾਲਤਾਂ ਦੇ ਅਨੁਕੂਲ ਫ਼ਸਲਾਂ 'ਤੇ ਨਿਰਭਰ ਕਰਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਸਪੱਸ਼ਟ ਤੌਰ 'ਤੇ ਕੇਂਦਰ ਦੇ ਪੱਖਪਾਤ ਅਤੇ ਅੰਨ ਪੈਦਾ ਕਰਨ ਵਾਲੇ ਰਾਜਾਂ, ਖਾਸ ਕਰਕੇ ਪੰਜਾਬ ਦੇ ਕਿਸਾਨਾਂ ਪ੍ਰਤੀ ਉਸ ਦੀ ਲਗਾਤਾਰ ਉਦਾਸੀਨਤਾ ਨੂੰ ਦਰਸਾਉਂਦਾ ਹੈ। ਇਹ ਕਿਸਾਨ ਸਨਮਾਨ, ਸਹਿਯੋਗ ਅਤੇ ਉਚਿਤ ਨਿਵੇਸ਼ ਦੇ ਹੱਕਦਾਰ ਹਨ, ਖੋਖਲੇ ਨਾਅਰਿਆਂ ਦੇ ਨਹੀਂ।

ਕੇਂਦਰੀ ਬਜਟ ਨੇ ਪੰਜਾਬ ਦੇ ਅੰਨਦਾਤਿਆਂ ਤੋਂ ਮੂੰਹ ਮੋੜਿਆ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਬਜਟ ਵੱਡੀ ਨਿਰਾਸ਼ਾ, ਨਾ ਐਮਐਸਪੀ ਦਾ ਰੋਡਮੈਪ, ਨਾ ਵਿਭਿੰਨਤਾ ਲਈ ਸਹਾਇਤਾ ਅਤੇ ਨਾ ਹੀ ਹੜ੍ਹ ਪੀੜਤ ਕਿਸਾਨਾਂ ਨੂੰ ਰਾਹਤ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਭਰਨ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੇ ਪੱਲੇ ਇੱਕ ਵਾਰ ਫਿਰ ਖਾਲੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਣਕ ਅਤੇ ਝੋਨੇ ਤੋਂ ਇਲਾਵਾ ਐਮਐਸਪੀ ਲਈ ਕੋਈ ਸਪੱਸ਼ਟ ਰੋਡਮੈਪ ਨਹੀਂ ਦਿੱਤਾ ਗਿਆ, ਜੋ ਕਿਸਾਨਾਂ ਦੀ ਆਮਦਨ ਦੀ ਸੁਰੱਖਿਆ ਪ੍ਰਤੀ ਕੇਂਦਰ ਦੀ ਗੰਭੀਰਤਾ ਦੀ ਕਮੀ ਨੂੰ ਦਰਸਾਉਂਦਾ ਹੈ।
ਖੁੱਡੀਆਂ ਨੇ ਇਸ਼ਾਰਾ ਕੀਤਾ ਕਿ ਫਸਲੀ ਵਿਭਿੰਨਤਾ ਲਈ ਕੋਈ ਠੋਸ ਪੈਕੇਜ ਨਹੀਂ ਦਿੱਤਾ ਗਿਆ, ਜੋ ਪੰਜਾਬ ਵਿੱਚ ਟਿਕਾਊ ਖੇਤੀ ਲਈ ਬਹੁਤ ਜ਼ਰੂਰੀ ਹੈ, ਅਤੇ ਨਾ ਹੀ ਵਾਰ-ਵਾਰ ਆਉਣ ਵਾਲੇ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਲਈ ਕੋਈ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਨੇ ਇੱਕ ਵਾਰ ਫਿਰ ਦੇਸ਼ ਦੇ ਅੰਨਦਾਤਿਆਂ ਦੀਆਂ ਮੁਸ਼ਕਲਾਂ ਨੂੰ ਅਣਗੌਲਿਆ ਕਰਕੇ ਅਤੇ ਖੋਖਲੇ ਵਾਅਦੇ ਕਰਕੇ ਉਨ੍ਹਾਂ ਤੋਂ ਮੂੰਹ ਮੋੜ ਲਿਆ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸੱਚੀ ਸਹਾਇਤਾ ਅਤੇ ਨਿਰਪੱਖ ਨੀਤੀਆਂ ਦੇ ਹੱਕਦਾਰ ਹਨ, ਨਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਦੇ।

ਕੇਂਦਰੀ ਬਜਟ ਲੋਕਾਂ ਲਈ ਸਿਰਫ ਨਿਰਾਸ਼ਾ ਲੈ ਕੇ ਆਇਆ: ਅਮਨ ਅਰੋੜਾ

ਭਾਜਪਾ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਜਾਰੀ ਰੱਖਿਆ

ਮੰਤਰੀ ਅਮਨ ਅਰੋੜਾ ਨੇ ਸੰਸਦ ਵਿੱਚ ਪੇਸ਼ ਕੀਤੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਨੇ ਦੇਸ਼ ਭਰ ਦੇ ਲੋਕਾਂ ਨੂੰ ਡੂੰਘੀ ਨਿਰਾਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ਵਿੱਚ ਆਉਣ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਬਜਟ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਜਾਂ ਆਮ ਨਾਗਰਿਕਾਂ ਲਈ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਗਿਆ।
ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਪੰਜਾਬ ਨਾਲ ਇੱਕ ਵਾਰ ਫਿਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਆਜ਼ਾਦੀ ਤੋਂ ਲੈ ਕੇ ਅੰਨ ਦੀ ਕਮੀ ਦੌਰਾਨ ਦੇਸ਼ ਦਾ ਪੇਟ ਭਰਨ ਤੱਕ ਅਤੇ ਮੁਸ਼ਕਲ ਸਮਿਆਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਪੰਜਾਬ ਦੇ ਇਤਿਹਾਸਕ ਯੋਗਦਾਨ ਦੇ ਬਾਵਜੂਦ, ਸੂਬੇ ਲਈ ਕਿਸੇ ਵੀ ਨਵੇਂ ਵੱਡੇ ਪ੍ਰੋਜੈਕਟ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ।
ਉਨ੍ਹਾਂ ਕੇਂਦਰ ਦੇ ਇਸ ਰਵੱਈਏ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ਦੀ ਲਗਾਤਾਰ ਹੋ ਰਹੀ ਅਣਦੇਖੀ ਬਰਦਾਸ਼ਤ ਤੋਂ ਬਾਹਰ ਹੈ। ਅਮਨ ਅਰੋੜਾ ਨੇ ਬਜਟ ਨੂੰ ਸਿਰੇ ਤੋਂ ਨਕਾਰਦਿਆਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਦੇਸ਼ ਦਾ ਅਨਿੱਖੜਵਾਂ ਅੰਗ ਹੈ ਅਤੇ ਇਹ ਨਿਰਪੱਖਤਾ, ਸਤਿਕਾਰ ਅਤੇ ਬਣਦੀ ਸਹਾਇਤਾ ਦਾ ਹੱਕਦਾਰ ਹੈ।

ਕੇਂਦਰੀ ਬਜਟ ਪੰਜਾਬ ਨਾਲ ਘੋਰ ਵਿਤਕਰੇ ਨੂੰ ਦਰਸਾਉਂਦਾ ਹੈ: ਕੁਲਦੀਪ ਸਿੰਘ ਧਾਲੀਵਾਲ

ਧਾਲੀਵਾਲ ਵੱਲੋਂ ਬਜਟ ਦੀ ਸਖ਼ਤ ਨਿਖੇਧੀ: ਪੰਜਾਬ ਲਈ ਨਾ ਐਮਐਸਪੀ ਗਾਰੰਟੀ, ਨਾ ਨੌਕਰੀਆਂ, ਨਾ ਕੋਈ ਵੱਡਾ ਪ੍ਰੋਜੈਕਟ

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਨਾਲ ਹੋ ਰਹੇ ਸ਼ਰੇਆਮ ਵਿਤਕਰੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ, ਨੌਜਵਾਨਾਂ ਜਾਂ ਵਿਕਾਸ ਲਈ ਕੁਝ ਵੀ ਨਾ ਦੇ ਕੇ ਸੂਬੇ ਨਾਲ ਇੱਕ ਵਾਰ ਫਿਰ ਧੋਖਾ ਕੀਤਾ ਹੈ। ਬਜਟ ਵਿੱਚ ਨਾ ਤਾਂ ਐਮ.ਐਸ.ਪੀ 'ਤੇ ਕੋਈ ਕਾਨੂੰਨੀ ਗਾਰੰਟੀ ਹੈ, ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਅਤੇ ਨਾ ਹੀ ਪੰਜਾਬ ਦੇ ਕਿਸੇ ਵੱਡੇ ਪ੍ਰੋਜੈਕਟ ਲਈ ਕੋਈ ਪ੍ਰਵਾਨਗੀ ਦਿੱਤੀ ਗਈ ਹੈ।
ਧਾਲੀਵਾਲ ਨੇ ਯਾਦ ਦਿਵਾਇਆ ਕਿ ਪੰਜਾਬ ਨੇ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਅੱਜ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੱਕ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਸ ਦੇ ਬਾਵਜੂਦ, ਕੇਂਦਰ ਸਰਕਾਰ ਫੰਡ ਰੋਕ ਕੇ ਅਤੇ ਸੂਬੇ ਦੀਆਂ ਲੋੜਾਂ ਨੂੰ ਅੱਖੋਂ-ਪਰੋਖੇ ਕਰਕੇ ਪੰਜਾਬ ਨੂੰ ਉਸ ਦਾ ਬਣਦਾ ਹੱਕ ਦੇਣ ਤੋਂ ਲਗਾਤਾਰ ਇਨਕਾਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਦਲੇਰ ਹਨ ਅਤੇ ਆਪਣੇ ਪੈਰਾਂ 'ਤੇ ਖੜ੍ਹੇ ਰਹਿਣਗੇ, ਪਰ ਕੇਂਦਰ ਨੂੰ ਇੱਕ ਦਿਨ ਆਪਣੀ ਇਸ ਲਗਾਤਾਰ ਅਣਦੇਖੀ ਦਾ ਜਵਾਬ ਦੇਣਾ ਪਵੇਗਾ। ਧਾਲੀਵਾਲ ਨੇ ਪੰਜਾਬ ਨਾਲ ਵਾਰ-ਵਾਰ ਬੇਇਨਸਾਫ਼ੀ ਕਰਨ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਨੂੰ ਬੇਹੱਦ ਦੁਖਦਾਈ ਅਤੇ ਨਾ-ਕਾਬਿਲੇ ਬਰਦਾਸ਼ਤ ਕਰਾਰ ਦਿੱਤਾ।

ਕੇਂਦਰੀ ਬਜਟ ਨੇ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਰੱਖਿਆ: ਲਾਲਜੀਤ ਸਿੰਘ ਭੁੱਲਰ

ਕੇਂਦਰੀ ਬਜਟ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੇ ਅਹਿਮ ਯੋਗਦਾਨ ਨੂੰ ਅੱਖੋਂ-ਪਰੋਖੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਐਮ.ਐਸ.ਪੀ, ਫ਼ਸਲੀ ਵਿਭਿੰਨਤਾ, ਜਾਂ ਕੁਦਰਤੀ ਆਫ਼ਤਾਂ ਤੋਂ ਕਿਸਾਨਾਂ ਦੀ ਸੁਰੱਖਿਆ ਲਈ ਕੋਈ ਵੀ ਗੰਭੀਰ ਉਪਬੰਧ ਨਹੀਂ ਕੀਤਾ ਗਿਆ ਹੈ।
ਭੁੱਲਰ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਵਾਰ-ਵਾਰ ਰੱਦ ਕਰਨ 'ਤੇ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਸੁਰੱਖਿਆ ਅਤੇ ਸਹਾਇਤਾ ਦੇਣ ਤੋਂ ਇਨਕਾਰ ਕਰਕੇ, ਕੇਂਦਰ ਨੇ ਇੱਕ ਵਾਰ ਫਿਰ ਉਨ੍ਹਾਂ ਦੇ ਹੱਕਾਂ ਨੂੰ ਕੁਚਲਿਆ ਹੈ ਅਤੇ ਆਪਣੀ ਕਿਸਾਨ ਵਿਰੋਧੀ ਮਾਨਸਿਕਤਾ ਨੂੰ ਜਗ-ਜ਼ਾਹਿਰ ਕੀਤਾ ਹੈ।

ਕੇਂਦਰੀ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਕੋਈ ਵਿਜ਼ਨ ਨਹੀਂ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਬਜਟ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਜਿਸ ਸੂਬੇ ਨੇ ਦੇਸ਼ ਦੇ ਅੰਨ ਭੰਡਾਰ ਭਰੇ ਹਨ, ਉਸ ਨੂੰ ਕੋਈ ਦਿਸ਼ਾ ਜਾਂ ਭਲਾਈ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਨਾ ਤਾਂ ਐਮ.ਐਸ.ਪੀ ਦਾ ਭਰੋਸਾ ਹੈ, ਨਾ ਫ਼ਸਲੀ ਵਿਭਿੰਨਤਾ ਲਈ ਕੋਈ ਯੋਜਨਾ ਅਤੇ ਨਾ ਹੀ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਕਿਸਾਨਾਂ ਲਈ ਕੋਈ ਸਕੀਮ ਹੈ।
ਕਟਾਰੂਚੱਕ ਨੇ ਦਾਅਵਾ ਕੀਤਾ ਕਿ ਇਹ ਬਜਟ ਸਪੱਸ਼ਟ ਤੌਰ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਮਾਨਸਿਕਤਾ ਅਤੇ ਪੰਜਾਬ ਤੇ ਇਸ ਦੇ ਕਿਸਾਨਾਂ ਦੀ ਲਗਾਤਾਰ ਅਣਦੇਖੀ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਹੱਕਾਂ 'ਤੇ ਕੇਂਦਰ ਚੁੱਪ, ਬਜਟ 'ਚ ਕੋਈ ਵਿਸ਼ੇਸ਼ ਸਹਾਇਤਾ ਨਹੀਂ: ਡਾ. ਰਵਜੋਤ

 ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੇ ਹੱਕਾਂ ਦੀ ਗੱਲ ਆਉਂਦੀ ਹੈ, ਕੇਂਦਰ ਸਰਕਾਰ ਹਮੇਸ਼ਾ ਚੁੱਪੀ ਧਾਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਖੇਤੀਬਾੜੀ 'ਤੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਲਈ ਕੋਈ ਵਿਸ਼ੇਸ਼ ਸਹਾਇਤਾ ਨਹੀਂ ਦਿੱਤੀ ਗਈ।
ਡਾ. ਰਵਜੋਤ ਨੇ ਕਿਹਾ ਕਿ ਇਹ ਪਹੁੰਚ ਨਾ ਤਾਂ ਜਾਇਜ਼ ਹੈ ਅਤੇ ਨਾ ਹੀ ਨਿਆਂਪੂਰਨ, ਸਗੋਂ ਇਹ ਪੰਜਾਬ ਅਤੇ ਇੱਥੋਂ ਦੇ ਲੋਕਾਂ ਨਾਲ ਜਾਣਬੁੱਝ ਕੇ ਕੀਤੀ ਗਈ ਅਣਦੇਖੀ ਦਾ ਸਪੱਸ਼ਟ ਮਾਮਲਾ ਹੈ।

ਕੇਂਦਰੀ ਬਜਟ ਦੇ ਵੱਡੇ ਦਾਅਵੇ, ਪਰ ਹਕੀਕਤ ਵਿੱਚ ਖੋਖਲਾ: ਨੀਲ ਗਰਗ

ਕਿਹਾ - ਪੰਜਾਬ, ਕਿਸਾਨ, ਨੌਜਵਾਨ ਅਤੇ ਆਮ ਲੋਕ ਇੱਕ ਵਾਰ ਫਿਰ ਹੋਏ ਨਿਰਾਸ਼

ਆਪ ਦੇ ਸੀਨੀਅਰ ਆਗੂ ਨੀਲ ਗਰਗ ਨੇ ਕੇਂਦਰੀ ਬਜਟ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਦੀ ਤੁਲਨਾ ਪੰਜਾਬੀ ਕਹਾਵਤ "ਪੱਟਿਆ ਪਹਾੜ, ਨਿਕਲਿਆ ਚੂਹਾ" ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਐਲਾਨਾਂ ਅਤੇ ਚਮਕਦਾਰ ਅੰਕੜਿਆਂ ਦੇ ਬਾਵਜੂਦ, ਬਜਟ ਵਿੱਚ ਇੱਕ ਵੀ ਅਜਿਹਾ ਐਲਾਨ ਨਹੀਂ ਹੈ ਜੋ ਪੰਜਾਬ ਨੂੰ ਅਸਲ ਰਾਹਤ ਪ੍ਰਦਾਨ ਕਰਦਾ ਹੋਵੇ।

ਗਰਗ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਵਿਸ਼ੇਸ਼ ਸਹਾਇਤਾ ਦੀ ਉਮੀਦ ਸੀ ਅਤੇ ਉਹ ਐਮ.ਐਸ.ਪੀ 'ਤੇ ਕਾਨੂੰਨੀ ਗਾਰੰਟੀ ਦੀ ਆਸ ਲਗਾ ਕੇ ਬੈਠੇ ਸਨ, ਪਰ ਬਜਟ ਨੇ ਉਨ੍ਹਾਂ ਦੇ ਹੱਥ ਕੁਝ ਨਹੀਂ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਵਾਰ ਫਿਰ ਨਿਰਾਸ਼ਾ ਪੱਲੇ ਪਈ ਹੈ, ਕਿਉਂਕਿ ਰੁਜ਼ਗਾਰ ਦੀ ਗਾਰੰਟੀ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਵਾਅਦੇ ਮਹਿਜ਼ ਨਾਅਰੇ ਹੀ ਸਾਬਤ ਹੋਏ ਹਨ।

ਉਨ੍ਹਾਂ ਇਸ਼ਾਰਾ ਕੀਤਾ ਕਿ ਉਦਯੋਗ ਜਗਤ ਪੰਜਾਬ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਨੌਕਰੀਆਂ ਪੈਦਾ ਕਰਨ ਲਈ ਵਿਸ਼ੇਸ਼ ਰਿਆਇਤਾਂ ਦੀ ਉਮੀਦ ਕਰ ਰਿਹਾ ਸੀ, ਪਰ ਅਜਿਹੀ ਕਿਸੇ ਸਹਾਇਤਾ ਦਾ ਐਲਾਨ ਨਹੀਂ ਕੀਤਾ ਗਿਆ। ਅਜਿਹੇ ਸਮੇਂ ਵਿੱਚ ਜਦੋਂ ਆਮ ਲੋਕ ਵਧਦੀ ਮਹਿੰਗਾਈ ਨਾਲ ਜੂਝ ਰਹੇ ਹਨ, ਬਜਟ ਵਿੱਚ ਕੋਈ ਸਾਰਥਕ ਰਾਹਤ ਨਹੀਂ ਦਿੱਤੀ ਗਈ।

ਨੀਲ ਗਰਗ ਨੇ ਦੋਸ਼ ਲਾਇਆ ਕਿ ਇਹ ਬਜਟ ਸਪੱਸ਼ਟ ਤੌਰ 'ਤੇ ਅੰਬਾਨੀ ਅਤੇ ਅਡਾਨੀ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਝੁਕਿਆ ਹੋਇਆ ਹੈ, ਜਦਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਦੇਸ਼ ਦਾ ਢਿੱਡ ਭਰਿਆ ਹੈ ਅਤੇ ਰਾਸ਼ਟਰੀ ਸੁਰੱਖਿਆ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਅੱਜ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਖੋਖਲੇ ਐਲਾਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਅਸਲ ਰਾਹਤ ਦੀ ਲੋੜ ਹੈ। ਉਨ੍ਹਾਂ ਸਿੱਟਾ ਕੱਢਿਆ ਕਿ ਇਹ ਬਜਟ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ।