ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਿੱਪਲਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਵਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੂਲਾਂਵਾੜੀ ਵਿੱਚ ਨਵੇਂ ਕਲਾਸਰੂਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਨੇ ਸਿੱਖਿਆ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮਦਦ ਕਰਨਗੇ। ਵਿਧਾਇਕ ਨੇ ਇਹ ਵੀ ਕਿਹਾ ਕਿ ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਹਰ ਸੰਭਵ ਕਦਮ ਚੁੱਕੇਗੀ ਅਤੇ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਕਦਮ ਚੁੱਕੇ ਜਾਣਗੇ।
ਇਸ ਮੌਕੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਨ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਵਿਕਾਸ ਕਾਰਜ ਬੱਚਿਆਂ ਦੇ ਭਵਿੱਖ ਨੂੰ ਇੱਕ ਨਵੀਂ ਦਿਸ਼ਾ ਦੇਣਗੇ। ਵਿਧਾਇਕ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਦੇ ਮਹੱਤਵ ਨੂੰ ਸਮਝਣ ਅਤੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਅਧਿਆਪਕ ਦੀਪਕ ਕੁਮਾਰ ਵਸ਼ਿਸ਼ਟ, ਕੁਲਵਿੰਦਰ ਸਿੰਘ ਹੁੰਦਲ, ਆਗਿਆਪਾਲ ਸਿੰਘ ਸਾਹਨੀ, ਕੌਂਸਲਰ ਨਰਿੰਦਰ ਕੌਰ, ਕੌਂਸਲਰ ਪ੍ਰਦੀਪ ਬਿੱਟੂ, ਸੰਤੋਸ਼ ਸੈਣੀ, ਬਹਾਦੁਰ ਸਿੰਘ ਸੁਨੇਤ, ਚੰਦਰਪ੍ਰਕਾਸ਼ ਸੈਣੀ, ਕੰਚਨ ਦਿਓਲ, ਪ੍ਰਿੰਸੀਪਲ ਧਰਮਿੰਦਰ ਕੁਮਾਰ, ਪ੍ਰਿੰਸੀਪਲ ਵੈਸ਼ਾਲੀ ਚੱਡਾ, ਪ੍ਰਿੰਸੀਪਲ ਰਵਿੰਦਰ ਕੌਰ, ਬੀ.ਪੀ.ਈ.ਓ ਚਰਨਜੀਤ, ਬਲਵੀਰ ਰਾਮ, ਆਰਤੀ ਸ਼ਰਮਾ, ਸੁਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ |