ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਚੰਡੀਗੜ੍ਹ, 4 ਜੂਨ- ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਮੀਟਿੰਗ ਹੋਈ, ਜਿਸ ਵਿੱਚ ਰਾਜ ਭਰ ਵਿੱਚ ਚੱਲ ਰਹੇ ਜਨਗਣਨਾ 2027 ਦੇ ਪਹਿਲੇ ਪੜਾਅ- ਹਾਊਸਲਿਟਿੰਗ ਅਤੇ ਹਾਊਸਿੰਗ ਜਨਗਣਨਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਜਨਗਣਨਾ ਬਾਰੇ ਰਾਜ ਨੋਡਲ ਅਧਿਕਾਰੀ ਅਤੇ ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਸ੍ਰੀ ਘਣਸ਼ਿਆਮ ਥੋਰੀ ਤੋਂ ਇਲਾਵਾ ਯੋਜਨਾਬੰਦੀ, ਵਿੱਤ, ਪੇਂਡੂ ਵਿਕਾਸ ਅਤੇ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜੋ ਇਸ ਕਮੇਟੀ ਦੇ ਮੈਂਬਰ ਵੀ ਹਨ।

ਮੀਟਿੰਗ ਵਿੱਚ ਪੰਜਾਬ ਦੇ ਸਾਰੇ ਪ੍ਰਮੁੱਖ ਜਨਗਣਨਾ ਅਫ਼ਸਰਾਂ (ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਇਹ ਮੀਟਿੰਗ ਜਨਗਣਨਾ ਆਪਰੇਸ਼ਨਜ਼, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ ਸੀ।

ਮੀਟਿੰਗ ਦੌਰਾਨ ਪਹਿਲੇ ਪੜਾਅ ਦੇ ਜਨਗਣਨਾ ਕਾਰਜਾਂ ਦੀ ਪ੍ਰਗਤੀ ਬਾਰੇ ਇੱਕ ਵਿਆਪਕ ਸਮੀਖਿਆ ਕੀਤੀ ਗਈ, ਜਿਸ ਵਿੱਚ ਹਾਊਸਲਿਸਟਿੰਗ ਅਤੇ ਹਾਊਸਿੰਗ ਸੈਂਸਜ਼ (ਐਚ.ਐਲ.ਓ.), ਹਾਊਸਲਿਸਟਿੰਗ ਬਲਾਕਾਂ (ਐਚ.ਐਲ.ਬੀਜ਼) ਦੀ ਸਿਰਜਣਾ ਤੇ ਮੁਕੰਮਲਤਾ ਅਤੇ ਡੇਟਾ ਇਕੱਤਰਤਾ ਦੀ ਗੁਣਵੱਤਾ ਅਤੇ ਸਟੀਕਤਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਧੀਆਂ ਸ਼ਾਮਲ ਹਨ। ਮੁੱਖ ਸਕੱਤਰ ਨੇ ਜਨਗਣਨਾ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜੋ ਤੱਥ-ਅਧਾਰਤ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਦੀ ਨੀਂਹ ਬਣਦੇ ਹਨ।

ਡਾ. ਨਵਜੋਤ ਖੋਸਾ ਨੇ ਕਮੇਟੀ ਨੂੰ ਦੱਸਿਆ ਕਿ ਇਸ ਸਮੇਂ ਪੰਜਾਬ ਭਰ ਵਿੱਚ ਕੁੱਲ 52,365 ਹਾਊਸਲਿਸਟਿੰਗ ਬਲਾਕਾਂ 'ਤੇ ਕੰਮ ਚੱਲ ਰਿਹਾ ਹੈ। ਮੀਟਿੰਗ ਵਿੱਚ ਇਹ ਦੱਸਿਆ ਗਿਆ ਕਿ ਪੰਜ ਜ਼ਿਲ੍ਹਿਆਂ- ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਅਤੇ ਪੰਜ ਨਗਰ ਨਿਗਮਾਂ- ਬਰਨਾਲਾ, ਅਬੋਹਰ, ਮੋਗਾ, ਹੁਸ਼ਿਆਰਪੁਰ ਅਤੇ ਬਟਾਲਾ ਨੇ ਪ੍ਰਭਾਵਸ਼ਾਲੀ ਫੀਲਡ ਲਾਮਬੰਦੀ, ਕੁਸ਼ਲ ਅਤੇ ਮਜ਼ਬੂਤ ਨਿਗਰਾਨੀ ਰਾਹੀਂ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਹੈ। ਮੁੱਖ ਸਕੱਤਰ ਵੱਲੋਂ ਜਨਗਣਨਾ ਗਤੀਵਿਧੀਆਂ ਨੂੰ ਲਾਗੂ ਕਰਨ ਵਿੱਚ ਸਕਾਰਾਤਮਕ ਮਾਪਦੰਡ ਸਥਾਪਤ ਕਰਨ ਲਈ ਉਕਤ ਜ਼ਿਲ੍ਹਿਆਂ ਅਤੇ ਨਗਰ ਨਿਗਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।

ਜ਼ਿਲ੍ਹਾ-ਵਾਰ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਹੁਣ ਤੱਕ ਦੀ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਕਿਹਾ ਕਿ ਸਿਰਫ਼ ਕੁਝ ਜ਼ਿਲ੍ਹੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਹੀ ਨਿਰਧਾਰਤ ਸਮਾਂ-ਸੀਮਾ ਤੋਂ ਪਿੱਛੇ ਹਨ। ਉਨ੍ਹਾਂ ਨੇ ਇਨ੍ਹਾਂ ਜ਼ਿਲ੍ਹਿਆਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸਬੰਧਤ ਅਧਿਕਾਰੀਆਂ ਨੂੰ ਫੀਲਡ ਕਾਰਜਾਂ ‘ਚ ਤੇਜ਼ ਲਿਆਉਣ ਅਤੇ ਢੁਕਵੀਂ ਪ੍ਰਗਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਦੁਆਰਾ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਾਊਸਲਿਸਟਿੰਗ ਬਲਾਕਾਂ ਦੀ 100 ਫੀਸਦ ਪ੍ਰਗਤੀ ਨੂੰ ਯਕੀਨੀ ਬਣਾਉਣ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਸਦੇ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਜਨਗਣਨਾ ਕਾਰਜਾਂ ਦੀ ਨੇੜਿਓਂ ਅਤੇ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੜਾਅ-1 ਅਧੀਨ ਨਿਰਧਾਰਤ ਸਮਾਂ-ਸੀਮਾ ਅੰਦਰ ਕੰਮ ਨੇਪਰੇ ਚਾੜ੍ਹਿਆ ਜਾ ਸਕੇ । ਅਧਿਕਾਰੀਆਂ ਨੂੰ ਨਿਯਮਤ ਰੂਪ ਵਿੱਚ ਸਮੀਖਿਆਵਾਂ ਕਰਨ ਅਤੇ ਇਕੱਤਰ ਕੀਤੇ ਜਾ ਰਹੇ ਡੇਟਾ ਦੀ ਸੰਪੂਰਨਤਾ ਅਤੇ ਦਰੁਸਤਗੀ ਦੀ ਪੁਸ਼ਟੀ ਕਰਨ ਲਈ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ । ਜਨਗਣਨਾ ਪ੍ਰਕਿਰਿਆ ਦੌਰਾਨ ਮਹੱਤਵਪੂਰਨ ਜਨਗਣਨਾ ਮਾਪਦੰਡਾਂ ਦੀ ਨਿਗਰਾਨੀ ਕਰਨ ਅਤੇ ਡੇਟਾ ਇਕਸਾਰਤਾ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ।

ਜਨਤਕ ਭਾਗੀਦਾਰੀ ਅਤੇ ਸਹਿਯੋਗ ਦੀ ਮਹੱਤਤਾ ਨੂੰ ਪਛਾਣਦਿਆਂ ਮੁੱਖ ਸਕੱਤਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਜਨਗਣਨਾ ਗਤੀਵਿਧੀਆਂ ਨਾਲ ਸਬੰਧਤ ਗਲਤਫਹਿਮੀਆਂ  ਅਤੇ ਨਕਾਰਾਤਮਕ ਬਿਰਤਾਂਤਾਂ ਨੂੰ ਦੂਰ ਕਰਨ ਲਈ ਸਰਗਰਮੀ ਨਾਲ ਪ੍ਰੈਸ ਰਿਲੀਜ਼ ਜਾਰੀ ਕਰਨ ਅਤੇ ਜਨਤਕ ਪਹੁੰਚ ਪਹਿਲਕਦਮੀਆਂ ਵਿੱਢਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਨਾਗਰਿਕਾਂ ਦੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਫੀਲਡ ਕਾਰਜਾਂ ਦੇ ਸੁਚਾਰੂ ਸੰਚਾਲਨ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ ਭਰੋਸਾ ਬਣਾਉਣ ਵਾਲੇ ਉਪਾਵਾਂ ਅਤੇ ਪਾਰਦਰਸ਼ੀ ਸੰਚਾਰ ਦੀ ਲੋੜ ’ਤੇ ਜ਼ੋਰ ਦਿੱਤਾ।

ਮੌਜੂਦਾ ਮੌਸਮ ਦੇ ਹਾਲਾਤਾਂ ਦੇ ਮੱਦੇਨਜ਼ਰ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ  ਕਿ ਉਹ ਫੀਲਡਵਰਕ ਵਿੱਚ ਲੱਗੇ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਗਰਮੀ  ਸੰਬੰਧੀ ਐਡਵਾਈਜ਼ਰੀ ਅਤੇ ਜ਼ਰੂਰੀ ਸੁਰੱਖਿਆ ਉਪਾਵਾਂ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ। ਜਨਗਣਨਾ ਕਵਾਇਦ ਦੌਰਾਨ ਫੀਲਡ ਕਰਮਚਾਰੀਆਂ ਦੀ ਸੁਰੱਖਿਆ ਲਈ ਲੋੜ ਅਨੁਸਾਰ ਹਾਈਡਰੇਸ਼ਨ, ਸਮਾਂ-ਸਾਰਣੀ ਵਿਵਸਥਾ ਅਤੇ ਜਾਗਰੂਕਤਾ ਉਪਾਵਾਂ ਸਮੇਤ ਢੁਕਵੀਆਂ ਸਾਵਧਾਨੀਆਂ ਦੀ ਸਲਾਹ ਵੀ ਦਿੱਤੀ ਗਈ।

ਨਿਰਧਾਰਤ ਸਮਾਂ-ਸਾਰਣੀ ਦੀ ਪਾਲਣਾ ਕਰਨ ਦੀ ਅਹਿਮੀਅਤ ਨੂੰ ਦੁਹਰਾਉਂਦਿਆਂ ਸ਼੍ਰੀ ਸਿਨਹਾ ਨੇ ਕਿਹਾ ਕਿ ਪੜਾਅ-1 ਤਹਿਤ ਜਨਗਣਨਾ ਦੇ ਕੰਮ ਨੂੰ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਪੂਰੀ ਤਰ੍ਹਾਂ ਨੇਪਰੇ ਚੜ੍ਹਾਇਆ ਜਾਣਾ  ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਸਮਾਂ-ਸੀਮਾ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ ਕਿਉਂਕਿ ਜਨਗਣਨਾ 2027: ਪੜਾਅ-1 - ਪੰਜਾਬ ਵਿੱਚ ਘਰਾਂ ਦੇ ਸੂਚੀਕਰਨ ਅਤੇ ਹਾਊਸਿੰੰਗ ਆਪ੍ਰੇਸ਼ਨਜ਼ ਲਈ ਸੂਚਿਤ ਸਮਾਂ-ਸੀਮਾ 15 ਮਈ 2026 ਤੋਂ 13 ਜੂਨ 2026 ਤੱਕ ਹੈ।

ਇਹ ਮੀਟਿੰਗ ਸਾਰੇ ਸਬੰਧਤ ਅਧਿਕਾਰੀਆਂ ਵੱਲੋਂ ਤਾਲਮੇਲ ਵਾਲੇ ਯਤਨਾਂ, ਸਖ਼ਤ ਨਿਗਰਾਨੀ ਅਤੇ ਪ੍ਰਭਾਵੀ ਖੇਤਰ-ਪੱਧਰੀ ਲਾਗੂਕਰਨ ਰਾਹੀਂ ਪੰਜਾਬ ਭਰ ਵਿੱਚ ਜਨਗਣਨਾ ਪੜਾਅ-1 ਕਾਰਜਾਂ ਦੇ ਸਫਲ, ਸਮੇਂ ਸਿਰ ਅਤੇ ਸੰਪੂਰਨਤਾ ਨੂੰ ਯਕੀਨੀ ਬਣਾਉਣ ਲਈ ਇੱਕ ਨਵੀਂ ਵਚਨਬੱਧਤਾ ਨਾਲ ਸਮਾਪਤ ਹੋਈ।