ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ
ਲੌਂਗੋਵਾਲ/ਸੁਨਾਮ, 3 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਿਆਸੀ ਮਤਭੇਦਾਂ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਹਰ ਸਾਥੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕਜੁੱਟਤਾ ਅਤੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਲੌਂਗੋਵਾਲ ਦੇ ਵਿਕਾਸ ਕਾਰਜਾਂ ਨੂੰ ਦੁੱਗਣੀ-ਤਿੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ।
ਕੈਬਨਿਟ ਮੰਤਰੀ ਅੱਜ ਲੌਂਗੋਵਾਲ ਵਿਖੇ ਵਾਰਡ ਨੰਬਰ 4 ਦੇ ਕੌਂਸਲਰ ਸ੍ਰੀ ਗੁਰਪਾਲ ਸਿੰਘ ਪਾਲੀ ਅਤੇ ਉਨ੍ਹਾਂ ਦੇ ਸਾਥੀਆਂ ਤੇ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 52 ਸ਼ਹੀਦਾਂ ਦੀ ਪਵਿੱਤਰ ਧਰਤੀ ਲੌਂਗੋਵਾਲ ਦੇ ਲੋਕਾਂ ਨੇ ਹਮੇਸ਼ਾ ਆਪਸੀ ਸਾਂਝ ਅਤੇ ਲੋਕ-ਹਿੱਤਾਂ ਨੂੰ ਅਹਿਮੀਅਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਸਿਆਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਸ਼ਹਿਰ ਅਤੇ ਵਾਰਡਾਂ ਦੇ ਵਿਕਾਸ ਲਈ ਇਕੱਠੇ ਹੋਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਸਤਨਾਮ ਸਿੰਘ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਹੋਰਨਾਂ ਸਾਥੀਆਂ ਵੱਲੋਂ ਇੱਕਜੁੱਟਤਾ ਲਈ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਇਲਾਕੇ ਦੇ ਵਿਕਾਸ ਨੂੰ ਕੇਂਦਰ ਵਿੱਚ ਰੱਖ ਕੇ ਕੀਤੀ ਜਾਣ ਵਾਲੀ ਰਾਜਨੀਤੀ ਹੀ ਸਾਰਥਕ ਨਤੀਜੇ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿੱਚ ਪਹਿਲਾਂ ਹੋਏ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਸ਼ਹਿਰ ਦੀ ਬਿਹਤਰੀ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਅਤੇ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਉਠਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੂੰ ਆਪਣੇ ਕਾਰਜਕਾਲ ਦੌਰਾਨ ਨਿਭਾਈ ਭੂਮਿਕਾ ਬਾਰੇ ਵੀ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਨਸ਼ਿਆਂ ਦੇ ਖ਼ਾਤਮੇ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਕਾਰਜਕਾਲ ਦੇ ਨਤੀਜੇ ਲੋਕਾਂ ਦੇ ਸਾਹਮਣੇ ਹਨ।
ਸ੍ਰੀ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ‘ਚਿੱਟੇ’ ਦਾ ਪਸਾਰ ਹੋਇਆ ਅਤੇ ਨਸ਼ਿਆਂ ਨੂੰ ਰੋਕਣ ਦੀ ਥਾਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ਾ ਵਿਕਦਾ ਰਿਹਾ। ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਉਸ ਸਮੇਂ ਸਰਕਾਰ ਦਾ ਹਿੱਸਾ ਹੋਣ ਦੇ ਬਾਵਜੂਦ ਪਾਰਟੀ ਨੇ ਇਸ ਸਮੱਸਿਆ ਨੂੰ ਰੋਕਣ ਲਈ ਕੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਸੀ ਬਿਆਨਬਾਜ਼ੀ ਅਤੇ ਤਾਰੀਖ਼ਾਂ ਦੇ ਕੇ ਕੀਤੇ ਜਾਣ ਵਾਲੇ ਵਾਅਦਿਆਂ ਦੀ ਹਕੀਕਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਕਾਂਗਰਸ ਦੇ ਅੰਦਰੂਨੀ ਹਾਲਾਤ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਟੀ ਆਗੂਆਂ ਦੇ ਬਿਆਨ ਹੀ ਉਨ੍ਹਾਂ ਦੇ ਆਪਸੀ ਮਤਭੇਦਾਂ ਨੂੰ ਉਜਾਗਰ ਕਰ ਰਹੇ ਹਨ। ਉਨ੍ਹਾਂ ਟਿੱਪਣੀ ਕੀਤੀ ਕਿ ਕਾਂਗਰਸ ਵਿੱਚ ਅਹੁਦੇ ’ਤੇ ਬੈਠੇ ਆਗੂ ਦੀ ਊਰਜਾ ਆਪਣੀ ਕੁਰਸੀ ਬਚਾਉਣ ਵਿੱਚ ਲੱਗ ਜਾਂਦੀ ਹੈ, ਜਦਕਿ ਹੋਰ ਆਗੂ ਉਸ ਨੂੰ ਹਟਾਉਣ ਲਈ ਯਤਨ ਕਰਦੇ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਆਪਣੇ ਵਿਧਾਨ ਸਭਾ ਸਾਥੀ ਅਤੇ ਸਾਬਕਾ ਓਲੰਪੀਅਨ ਸ੍ਰੀ ਪਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮੁੱਦਾ ਮਨੁੱਖਤਾ ਦੇ ਨਜ਼ਰੀਏ ਤੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਹੇ ਬੰਦੀ ਸਿੰਘ ਹੋਣ ਜਾਂ ਹੋਰ ਕੈਦੀ, ਜਿਨ੍ਹਾਂ ਨੇ ਆਪਣੀਆਂ ਨਿਰਧਾਰਿਤ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਜਲਦ ਤੋਂ ਜਲਦ ਹੋਣੀ ਚਾਹੀਦੀ ਹੈ।
ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇ ਇਕੱਠ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜਨ ਦਾ ਰੁਝਾਨ ਆਉਣ ਵਾਲੀਆਂ ਚੋਣਾਂ ਦਾ ‘ਟ੍ਰੇਲਰ’ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੇ ਇਸ ਪੜਾਅ ’ਤੇ ਵੀ ਲੋਕਾਂ ਦਾ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੰਮਾਂ ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਹਿਯੋਗ ਨਾਲ ਲੋਕ ਸੇਵਾ ਅਤੇ ਵਿਕਾਸ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧੀ ਹੈ, ਜਿਸ ਨੂੰ ਉਹ ਪੂਰੀ ਵਚਨਬੱਧਤਾ ਨਾਲ ਨਿਭਾਉਣਗੇ।

