ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ

ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ

ਦੀਨਾਨਗਰ/ਗੁਰਦਾਸਪੁਰ, 07 ਸਤੰਬਰ (            ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਮੈਡੀਕਲ ਟੀਮਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੀਨਾਨਗਰ ਤਹਿਸੀਲ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਤੱਕ ਵੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਰਾਹੀਂ ਬੀ.ਐੱਸ.ਐੱਫ ਅਤੇ ਭਾਰਤੀ ਫ਼ੌਜ ਨਾਲ ਰਲ ਕੇ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦਾ ਇਲਾਜ ਕਰਨ ਦੇ ਨਾਲ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਵੀ ਵਿਸ਼ੇਸ਼ ਅਹਿਤਿਆਤ ਵਰਤੀ ਜਾ ਰਹੀ ਹੈ। ਪਿੰਡਾਂ ਵਿੱਚ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਫੌਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਦੀ ਨਿਸ਼ਾਨਦੇਹੀ ਕਰਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਘਰਾਂ ਦੀ ਮੁਰੰਮਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਜਦੋਂ ਤੱਕ ਰਾਹਤ ਕਾਰਜਾਂ ਦੀ ਲੋੜ ਹੋਵੇਗੀ ਫ਼ੀਲਡ ਵਿੱਚ ਹੀ ਰਹਿਣਗੀਆਂ। 

Tags: