ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹਾਂ ਦੌਰਾਨ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਸਮੀਖਿਆ ਕੀਤੀ

ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹਾਂ ਦੌਰਾਨ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਸਮੀਖਿਆ ਕੀਤੀ

ਗੁਰਦਾਸਪੁਰ, 29 ਅਗਸਤ (            ) - ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਭਾਰੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਐੱਸ.ਐੱਸ.ਪੀ. ਸ੍ਰੀ ਆਦਿੱਤਯ ਅਤੇ ਭਾਰਤੀ ਫ਼ੌਜ, ਬੀ.ਐੱਸ.ਐੱਫ਼ ਤੇ ਐੱਨ.ਡੀ.ਆਰ.ਐੱਫ਼ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਦੀ ਸਥਿਤੀ ਅਤੇ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਹਰ ਤਰ੍ਹਾਂ ਦੇ ਵਸੀਲੇ ਵਰਤ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚ 323 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਨ.ਡੀ.ਆਰ.ਐੱਫ. ਭਾਰਤੀ ਫ਼ੌਜ ਤੇ ਬੀ.ਐੱਸ.ਐੱਫ਼. ਦੇ ਜਵਾਨਾਂ ਦੇ ਸਹਿਯੋਗ ਨਾਲ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਲਈ ਵੱਖ-ਵੱਖ ਥਾਵਾਂ ਉੱਪਰ 22 ਰਿਲੀਫ ਕੈਂਪ ਸਥਾਪਿਤ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਬਚਾਅ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਤੱਕ ਪੀਣ ਵਾਲਾ ਪਾਣੀ ਅਤੇ ਹੋਰ ਰਾਹਤ ਸਮਗਰੀ ਪਹੁੰਚਾਈ ਜਾਵੇ। ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚੋਂ ਜਿਨ੍ਹਾਂ 187 ਪਿੰਡਾਂ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ ਓਥੇ ਦੇ ਲੋਕਾਂ ਨਾਲ ਵਿਸ਼ੇਸ਼ ਸੰਪਰਕ ਸਾਧਿਆ ਜਾਵੇ ਅਤੇ ਉਨ੍ਹਾਂ ਤੱਕ ਖਾਣ-ਪੀਣ ਦੀ ਸਮਗਰੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜਲ ਸਪਲਾਈ ਸਕੀਮਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਸਹੂਲਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜੀਂਦੀ ਗਿਣਤੀ ਵਿੱਚ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਤਾਇਨਾਤ ਕੀਤੀ ਜਾਣ। ਇਸ ਤੋਂ ਇਲਾਵਾ ਮੈਡੀਕਲ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਸ਼ੇਸ਼ ਤੌਰ 'ਤੇ ਮੈਡੀਕਲ ਕਿੱਟਾਂ ਤਿਆਰ ਕਰਕੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋੜਵੰਦਾਂ ਤੱਕ ਪਹੁੰਚਾਵੇ।  ਸਿਵਲ ਸਰਜਨ ਨੇ ਦੱਸਿਆ ਕਿ ਬੀਤੇ ਕੱਲ੍ਹ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ 1500 ਮੈਡੀਕਲ ਕਿੱਟਾਂ ਵੰਡੀਆਂ ਗਈਆਂ ਸਨ ਅਤੇ 5000 ਹੋਰ ਮੈਡੀਕਲ ਕਿੱਟਾਂ ਤਿਆਰ ਕੀਤੀਆਂ ਜਾਣਗੀਆਂ।

ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਨੁੱਖੀ ਜ਼ਿੰਦਗੀਆਂ ਦੇ ਪਸ਼ੂ ਧੰਨ ਨੂੰ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਤੱਕ ਪਸ਼ੂਆਂ ਦੇ ਚਾਰੇ ਦੀ ਸਪਲਾਈ ਕੀਤੀ ਜਾਵੇ ਅਤੇ ਪਸ਼ੂਆਂ ਦੇ ਇਲਾਜ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਕੋਈ ਪਸ਼ੂ ਮਰ ਜਾਂਦਾ ਹੈ ਤਾਂ ਉਸ ਨੂੰ ਸਹੀ ਢੰਗ ਨਾਲ ਦਬਾਇਆ ਜਾਵੇ।

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਹੜ੍ਹ ਕਾਰਨ ਸੜਕਾਂ, ਪੁਲਾਂ ਤੇ ਹੋਰ ਬੁਨਿਆਦੀ ਢਾਂਚੇ ਨੂੰ ਜੋ ਵੀ ਨੁਕਸਾਨ ਪੁੱਜਾ ਹੈ ਉਸ ਦੀ ਰਿਪੋਰਟ ਇੱਕ ਹਫ਼ਤੇ ਦੇ ਅੰਦਰ-ਅੰਦਰ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇ। ਇਸ ਦੇ ਨਾਲ ਹੀ ਫ਼ੌਰੀ ਤੌਰ ਸੜਕਾਂ ਨੂੰ ਚਲਣਯੋਗ ਹਾਲਤ ਵਿੱਚ ਕੀਤਾ ਜਾਵੇ ਤਾਂ ਜੋ ਹੜ੍ਹ ਪੀੜ੍ਹਤਾਂ ਤੱਕ ਰਾਹਤ ਪਹੁੰਚਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਨੂੰ ਜਿੱਥੇ-ਜਿੱਥੇ ਨੁਕਸਾਨ ਪਹੁੰਚਿਆ ਹੈ ਉਸ ਦੀ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਜਿੱਥੇ ਵੀ ਇਸ ਸਮੇਂ ਸੰਭਵ ਹੈ ਓਥੇ ਧੁੱਸੀ ਬੰਨ੍ਹ ਦੀ ਮੁਰੰਮਤ ਕੀਤੀ ਜਾਵੇ।

ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੇ ਇਸ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਜ ਸਰਕਾਰ ਦੀਆਂ ਟੀਮਾਂ ਦੇ ਨਾਲ ਭਾਰਤੀ ਫ਼ੌਜ, ਬੀ.ਐੱਸ.ਐੱਫ਼ ਤੇ ਐੱਨ.ਡੀ.ਆਰ.ਐੱਫ਼ ਦੀਆਂ ਟੀਮਾਂ ਵੀ ਦਿਨ ਰਾਤ ਲੱਗੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਲਗਾਤਾਰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜਾਂ ਲਈ ਜੋ ਵੀ ਸਾਧਨ ਤੇ ਸਮਾਨ ਲੋੜੀਂਦਾ ਹੈ ਉਹ ਸਭ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਬਿਲਕੁਲ ਨਾ ਘਬਰਾਉਣ, ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਆਦਿੱਤਯ ਗੁਪਤਾ, ਐਕਸੀਅਨ ਡਰੇਨਜ਼ ਦਿਲਪ੍ਰੀਤ ਸਿੰਘ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਸ. ਜਸਪ੍ਰੀਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਜਲ ਸਪਲਾਈ ਦੇ ਐਕਸੀਅਨ ਵਿਜੇ ਕੁਮਾਰ ਤੋਂ ਇਲਾਵਾ ਭਾਰਤੀ ਫ਼ੌਜ, ਬੀ.ਐੱਸ.ਐੱਫ਼ ਤੇ ਐੱਨ.ਡੀ.ਆਰ.ਐੱਫ਼ ਦੇ ਅਧਿਕਾਰੀ ਵੀ ਹਾਜ਼ਰ ਸਨ। 

Advertisement

Latest

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ
ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ
ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ