ਸੱਥਾਂ ਵਿੱਚ ਗੱਲਾਂ ਕਰਕੇ ਕਿਸਾਨਾਂ ਨੂੰ ਕਾਇਨਾਤ ਦੇ ਰੱਖਵਾਲੇ ਬਣਾਉਣ ਵੱਲ ਪ੍ਰਸ਼ਾਸਨ ਦਾ ਵੱਡਾ ਉਪਰਾਲਾ
By NIRPAKH POST
On
ਮਾਲੇਰਕੋਟਲਾ, 04 ਅਕਤੂਬਰ –
ਜ਼ਿਲ੍ਹਾ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਨਵਾਂ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾਵਾਂ,ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ਵਿੱਚ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਣ ਬਚਾਉਣ ਲਈ ਪ੍ਰੇਰਿਤ ਕਰਨਾ ਅਤੇ ਅੱਗ ਰਹਿਤ ਜ਼ਿਲ੍ਹਾ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਪਿੰਡ ਗੁਆਰਾ ਦੀ ਸੱਥ ਵਿੱਚ ਸਿੱਧੀ ਭਾਗੀਦਾਰੀ ਕਰਕੇ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਵੇਰ ਤੇ ਸ਼ਾਮ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਸਮਝਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਪੱਧਰ ’ਤੇ ਜਾਗਰੂਕਤਾ ਵੈਨਾਂ ਦੇ ਨਾਲ ਨਾਲ ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਹੋਰ ਮੋਹਤਬਰਾਂ ਨੂੰ ਵੀ ਇਸ ਯਤਨ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਸਾਫ਼-ਸੁਥਰਾ ਵਾਤਾਵਰਣ ਛੱਡਣ ਵਾਸਤੇ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਪਰਾਲੀ ਦਾ ਨਿਪਟਾਰਾ ਕਰਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ 1378 ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਵਿੱਚੋਂ 1292 ਇਨ-ਸੀਟੂ ਅਤੇ 86 ਐਕਸ-ਸੀਟੂ ਹਨ। ਕਿਸਾਨਾਂ ਨੂੰ ਸਮੇਂ ਸਿਰ ਬੇਲਰ ਅਤੇ ਹੋਰ ਮਸ਼ੀਨਰੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਵੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੇ ਜਾ ਰਹੇ ਸਟਰਾਅ ਰੇਕ, ਬੇਲਰ, ਸੁਪਰ ਐਸ.ਐਮ.ਐਸ.,ਮਲਚਰ,ਪੈਡੀ ਸਟਰਾਅ ਚੌਪਰ,ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਵਰਗੇ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਕਾਰੀ ਵਾਤਾਵਰਣ ਦੀ ਸ਼ੁੱਧਤਾ,ਪਾਣੀ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਲਈ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਕੌਮੀ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। “ਹਾਟਸਪਾਟ ਪਿੰਡਾਂ ਦੀ ਖਾਸ ਚੈਕਿੰਗ ਕੀਤੀ ਜਾ ਰਹੀ ਹੈ, ਸੈਟਲਾਈਟ ਇਮੇਜਾਂ ਅਤੇ ਮੌਕੇ ਦੀਆਂ ਰਿਪੋਰਟਾਂ ਦੇ ਅਧਾਰ ’ਤੇ ਕਾਰਵਾਈ ਹੋਵੇਗੀ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵਾਤਾਵਰਣ ਦੀ ਰੱਖਿਆ ਲਈ ਪਰਾਲੀ ਨਾ ਸਾੜਨ ਦਾ ਸੰਕਲਪ ਲੈਣ, ਨਹੀਂ ਤਾਂ ਕਾਨੂੰਨੀ ਕਾਰਵਾਈ ਤੋਂ ਬਚਣਾ ਮੁਸ਼ਕਲ ਹੋਵੇਗਾ।”
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸੁਰਿੰਦਰ ਕੌਰ,ਡੀ.ਐਸ.ਪੀ.ਸਤੀਸ ਕੁਮਾਰ,ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।