30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

 30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 1 ਜਨਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।