ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ
ਚੰਡੀਗੜ੍ਹ, 9 ਨਵੰਬਰ:
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। 1 ਨਵੰਬਰ ਤੋਂ ਸ਼ੁਰੂ ਹੋ ਕੇ 25 ਨਵੰਬਰ ਤੱਕ ਲਗਭਗ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਸਵੈ-ਬਲੀਦਾਨ, ਅਮਨ-ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ।
ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਲੜੀ ਮੱਧ-ਪੜਾਅ ਵਿੱਚ ਦਾਖ਼ਲ ਹੋ ਗਈ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਲੀਕੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।
ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਗੁਰਦੁਆਰਾ ਸਾਹਿਬ ਸੀਲ ਅਤੇ ਗੁਰਦੁਆਰਾ ਸਾਹਿਬ ਲੰਗ (ਜ਼ਿਲ੍ਹਾ ਪਟਿਆਲਾ) ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ, ਜਖਵਾਲੀ (ਫ਼ਤਹਿਗੜ੍ਹ ਸਾਹਿਬ) ਵਿਖੇ ਕੀਰਤਨ ਸਮਾਗਮ ਹੋਣਗੇ। ਅਗਲੇ ਦਿਨ 11 ਨਵੰਬਰ ਨੂੰ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ, ਕਲੌੜ (ਫ਼ਤਹਿਗੜ੍ਹ ਸਾਹਿਬ) ਅਤੇ ਗੁਰਦੁਆਰਾ ਸਾਹਿਬ ਹਰਪਾਲਪੁਰ ਅਤੇ ਗੁਰਦੁਆਰਾ ਸਾਹਿਬ ਅਗੌਲ (ਜ਼ਿਲ੍ਹਾ ਪਟਿਆਲਾ) ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਜੁੜੇਗੀ।
ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਗੁਰਦੁਆਰਾ ਸਾਹਿਬ ਕਾਲੇ ਕੇ (ਸ੍ਰੀ ਅੰਮ੍ਰਿਤਸਰ ਸਾਹਿਬ); ਗੁਰਦੁਆਰਾ ਮਗਰ ਸਾਹਿਬ (ਪਟਿਆਲਾ) ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਬੱਸੀ ਪਠਾਣਾ (ਫ਼ਤਹਿਗੜ੍ਹ ਸਾਹਿਬ) ਵਿਖੇ ਯਾਦਗਾਰੀ ਸਮਾਗਮ ਹੋਣਗੇ ਅਤੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਣਗੇ। ਇਸੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੌਵੀਂ ਪਾਤਸ਼ਾਹੀ ਮੂਲੋਵਾਲ (ਸੰਗਰੂਰ) ਅਤੇ ਭਾਈ ਮਹਾਂ ਸਿੰਘ ਦੀਵਾਨ ਹਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਹੋਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਅਸਥਾਨਾਂ ਵਿਖੇ ਗੁਰਬਾਣੀ ਕੀਰਤਨ, ਅਰਦਾਸ ਅਤੇ ਕਥਾ ਵਿਚਾਰ ਸਮਾਗਮ ਸੰਗਤਾਂ ਨੂੰ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਫ਼ਲਸ਼ਫ਼ੇ ਨਾਲ ਨਿਹਾਲ ਕਰਨਗੇ।





