ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ

ਜਲੰਧਰ, 4 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਰੇ ਬੈਂਕਾਂ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ। 
 
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ ਸਬੰਧੀ ਵੱਖ-ਵੱਖ ਸਕੀਮਾਂ ਨੂੰ ਤਵਜੋਂ ਦਿੰਦਿਆਂ ਇਨ੍ਹਾਂ ਸਕੀਮਾਂ ਤਹਿਤ ਖੁੱਲ੍ਹ ਦਿਲੀ ਨਾਲ ਕਰਜ਼ੇ ਪ੍ਰਦਾਨ ਕੀਤੇ ਜਾਣ। 
 
ਮੀਟਿੰਗ ਦੌਰਾਨ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 31 ਮਾਰਚ, 2026 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸੀ.ਡੀ. ਰੇਸ਼ੋ ਵਿੱਚ ਹੋਰ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਸਵੈ ਸਹਾਇਤਾ ਸਮੂਹ ਦੀਆਂ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀ ਵੀ ਹਦਾਇਤ ਕੀਤੀ।
 
ਐਲ.ਡੀ.ਐਮ. ਐੱਮ. ਐੱਸ. ਮੋਤੀ ਨੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖ਼ਾ ਮੀਟਿੰਗ ਵਿੱਚ ਪੇਸ਼ ਕਰਦਿਆਂ ਦੱਸਿਆ ਕਿ ਬੈਂਕਾਂ ਨੇ 31 ਮਾਰਚ 2026 ਨੂੰ ਖਤਮ ਹੋਈ ਤਿਮਾਹੀ ਲਈ ਮਿੱਥੇ ਗਏ ਤਰਜੀਹੀ ਖੇਤਰ ਦੇ 16866 ਕਰੋੜ ਰੁਪਏ ਦੇ ਟੀਚੇ ਦੇ ਸਾਹਮਣੇ 19553 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ ਵਿੱਤੀ ਸਾਲ 2025-26 ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ। ਖੇਤੀਬਾੜੀ ਕਰਜ਼ੇ ਦੇ 4592 ਕਰੋੜ ਰੁਪਏ ਦੇ ਟੀਚੇ ਦੇ ਸਾਹਮਣੇ 4648 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ। ਮਾਰਚ 2026  ਤੱਕ 31124 ਕਰੋੜ ਰੁਪਏ ਦੇ ਕੁੱਲ ਕਰਜ਼ੇ ਵੰਡੇ ਜਾ ਚੁੱਕੇ ਹਨ। 
 
ਐਲ.ਡੀ.ਐੱਮ. ਨੇ ਇਹ ਵੀ ਦੱਸਿਆ ਕਿ ਵਿੱਤੀ ਵਰ੍ਹੇ 2026-27 ਲਈ ਸਲਾਨਾ ਕਰਜ਼ਾ ਯੋਜਨਾ ਦਾ ਟੀਚਾ ਐਸ.ਐਲ.ਬੀ.ਸੀ. (ਪੰਜਾਬ) ਤੋਂ ਪ੍ਰਾਪਤ ਹੋ ਗਿਆ ਹੈ, ਜੋ ਕਿ ਸਾਰੇ ਬੈਂਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਵਿੱਚ ਸੀ ਡੀ ਰੇਸ਼ੋ 35.04 %  ਰਹੀ ਹੈ, ਜੋ ਕਿ ਦਸੰਬਰ 2025 ਤਿਮਾਹੀ ਨਾਲੋਂ 1.80 ਪੁਆਇੰਟ ਵਧੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੇਣ ਲਈ ਕਿਹਾ।  
 
ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ ਵਿਭਾਗ ਦੇ ਅਧਿਕਾਰੀ,  ਰਿਜ਼ਰਵ ਬੈਂਕ ਆਫ ਇੰਡੀਆ, ਚੰਡੀਗੜ੍ਹ ਤੋਂ ਐਲ. ਡੀ. ਓ. ਅਲੋਕ ਰੰਜਨ, ਯੂਕੋ ਬੈਂਕ ਜ਼ੋਨਲ ਆਫਿਸ ਤੋਂ ਚੀਫ਼ ਮੈਨੇਜਰ ਆਭਾ ਜੌਲੀ , ਰੂਡਸੈਟ ਇੰਸਟੀਚਿਊਟ ਜਲੰਧਰ ਤੋਂ ਡਾਇਰੈਕਟਰ ਮਨਜੀਤ ਸਿੰਘ,  ਡੀ ਡੀ ਐੱਮ ਨਾਬਾਰਡ- ਸਵਿਤਾ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।