ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ
ਸ੍ਰੀ ਮੁਕਤਸਰ ਸਾਹਿਬ, 10 ਮਈ
ਸਾਉਣੀ-2025 ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਮੁੱਖ ਖੇਤਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਮੰਡੀ ਬਰੀਵਾਲਾ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਵਸਤਾਂ ਖਾਸ ਕਰਕੇ ਬੀਜਾਂ ਦੀ ਉਪਲੱਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਉਣੀ—2025 ਦੌਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ—44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਕਰਕੇ ਪੀ.ਏ.ਯੂ ਲੁਧਿਆਣਾ ਵੱਲੋਂ ਸਿਫ਼ਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ—126, ਪੀ.ਆਰ—131 ਆਦਿ ਦੀ ਹੀ ਬਿਜਾਈ ਹੀ ਕਰਵਾਈ ਜਾਵੇ।
ਉਨ੍ਹਾਂ ਡੀਲਰਾਂ ਨੂੰ ਖਾਦਾਂ ਦੀ ਕਾਲਾ ਬਜ਼ਾਰੀ, ਟੈਗਿੰਗ, ਵੱਧ ਰੇਟ ਆਦਿ ਨਾ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਇਨ੍ਹਾਂ ਨਾਲ ਸਬੰਧਤ ਰਿਕਾਰਡ ਪੂਰਾ ਰੱਖਣ ਲਈ ਕਿਹਾ ਗਿਆ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਖਾਦ, ਬੀਜ ਅਤੇ ਦਵਾਈਆਂ ਦੇ ਐਕਟ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਾ. ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਇਨ:) ਵੱਲੋਂ ਖਾਦ, ਡਾ: ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਕੀੜੇਮਾਰ ਦਵਾਈਆਂ ਦੇ ਲਾਇਸੰਸ ਅਤੇ ਡਾ: ਹਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਬੀਜ਼) ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਜ਼ ਦੇ ਲਾਇਸੰਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਡਾ: ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ: ਅਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਤੋ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।